ਗੈਰ-ਕਾਨੂੰਨੀ ਰੇਤ ਮਾਈਨਿੰਗ ਦਾ ਪਰਦਾਫਾਸ਼, 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
Thursday, Aug 14, 2025 - 05:34 PM (IST)

ਤਲਵੰਡੀ ਭਾਈ/ਫਿਰੋਜ਼ਪੁਰ (ਪਾਲ, ਕੁਮਾਰ, ਖੁੱਲਰ, ਪਰਮਜੀਤ ਸੋਢੀ) : ਤਲਵੰਡੀ ਭਾਈ ਪੁਲਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਪਿੰਡ ਕੋਟ ਕਰੋੜ ਕਲਾਂ ਵਿਖੇ ਲੰਬੇ ਸਮੇਂ ਤੋਂ ਚੱਲ ਰਹੇ ਗੈਰ-ਕਾਨੂੰਨੀ ਰੇਤ ਦੇ ਖੱਡੇ ’ਤੇ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮ ਸੁਰਜੀਤ ਸਿੰਘ ਉਰਫ਼ ਸੀਤਾ ਅਤੇ ਜਗਸੀਰ ਸਿੰਘ ਖਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਇਲਾਕੇ ’ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸਰਤਾਜ ਹਵੇਲੀ, ਪਿੰਡ ਕੋਟਲਾ ਮੇਨ ਹਾਈਵੇ ਨੇੜੇ ਇਕ ਖ਼ਾਸ ਮੁਖਬਰ ਨੇ ਪੁਲਸ ਨੂੰ ਸੂਚਨਾ ਦਿੱਤੀ। ਮੁਖਬਰ ਨੇ ਦੱਸਿਆ ਕਿ ਸੁਰਜੀਤ ਸਿੰਘ ਅਤੇ ਜਗਸੀਰ ਸਿੰਘ (ਦੋਵੇਂ ਵਾਸੀ ਕੋਟ ਕਰੋੜ ਕਲਾਂ) ਆਪਣੀ ਜ਼ਮੀਨ ’ਚ ਰੇਤ ਦਾ ਖੱਡਾ ਲਗਾ ਕੇ ਨਾਜਾਇਜ਼ ਮਾਈਨਿੰਗ ਕਰ ਰਹੇ ਹਨ। ਉਹ ਰੇਤ ਚੋਰੀ ਕਰ ਕੇ ਅੱਗੇ ਵੇਚਦੇ ਹਨ।
ਮੁਖਬਰ ਦੀ ਇਤਲਾਹ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਪਾਰਟੀ ਨੇ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਸ ਨੇ ਮੌਕੇ ਤੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋਹਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਅਜਿਹੇ ਗੈਰ-ਕਾਨੂੰਨੀ ਕੰਮਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ’ਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।