ਮੰਤਰੀ ਅਮਨ ਅਰੋੜਾ ਦਾ ਐਲਾਨ, ਖ਼ੇਤੀ ਰਹਿੰਦ-ਖੂੰਹਦ ਆਧਾਰਤ 7 ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ

Friday, Feb 09, 2024 - 05:52 PM (IST)

ਮੰਤਰੀ ਅਮਨ ਅਰੋੜਾ ਦਾ ਐਲਾਨ, ਖ਼ੇਤੀ ਰਹਿੰਦ-ਖੂੰਹਦ ਆਧਾਰਤ 7 ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ’ਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ 79 ਟਨ ਪ੍ਰਤੀ ਦਿਨ (ਟੀ. ਪੀ. ਡੀ.) ਦੀ ਕੁੱਲ ਸਮਰੱਥਾ ਵਾਲੇ ਸੱਤ ਕੰਪਰੈੱਸਡ ਬਾਇਓਗੈਸ (ਸੀ. ਬੀ. ਜੀ.) ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ। ਅਮਨ ਅਰੋੜਾ ਇੱਥੇ ਆਪਣੇ ਦਫ਼ਤਰ ’ਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਰਵੀ ਭਗਤ ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ। ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸੱਤ ਪ੍ਰਾਜੈਕਟਾਂ ’ਚ ਸਾਲਾਨਾ 2.72 ਲੱਖ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਹੋਵੇਗੀ। ਇਸ ਤੋਂ ਇਲਾਵਾ 85 ਟੀ. ਪੀ. ਡੀ. ਤੋਂ ਵੱਧ ਸਮਰੱਥਾ ਵਾਲੇ ਚਾਰ ਸੀ. ਬੀ. ਜੀ. ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਲਗਭਗ 1.70 ਲੱਖ ਟਨ ਪਰਾਲੀ ਇਕੱਤਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ’ਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਪੰਜਾਬ ਨੂੰ ਕੁਦਰਤੀ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ’ਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ’ਚ ਸਹਾਈ ਸਿੱਧ ਹੋਣਗੇ।

ਇਹ ਵੀ ਪੜ੍ਹੋ : ਅੱਤਵਾਦੀ ਹਮਲੇ ’ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੀ ਡਾ. ਓਬਰਾਏ ਨੇ ਫੜ੍ਹੀ ਬਾਂਹ, ਲਗਾਈ ਪੈਨਸ਼ਨ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਸਿਫ਼ਰ ’ਤੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਬਾਇਓਫਿਊਲ ਨੀਤੀ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਆਰਥਿਕਤਾ ਨੂੰ ਡੀਕਾਰਬੋਨਾਈਜ਼ ਕਰਨ ਅਤੇ ਰਿਵਾਇਤੀ ਈਂਧਣ ’ਤੇ ਨਿਰਭਰਤਾ ਘਟਾਉਣ ਲਈ ਗਰੀਨ ਹਾਈਡ੍ਰੋਜਨ ਨੀਤੀ ਵੀ ਬਣਾਈ ਗਈ ਹੈ। ਇਸ ਕਦਮ ਦਾ ਉਦੇਸ਼ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਦੇ ਨਾਲ-ਨਾਲ ਸੂਬੇ ਨੂੰ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਹਵਾ ਦੀ ਗੁਣਵੱਤਾ ’ਚ ਸੁਧਾਰ ਕਰਨ ਦੇ ਯੋਗ ਬਣਾਉਣਾ ਹੈ। ਰਵੀ ਭਗਤ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ 101 ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕੀਤਾ ਗਿਆ ਅਤੇ ਪੇਡਾ ਵੱਲੋਂ ਇਸ ਸਾਲ 897 ਹੋਰ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, 12 ਵਜੇ ਤੱਕ ਖਾਣ-ਪੀਣ ਵਾਲੀਆਂ ਥਾਵਾਂ ਮੁਕੰਮਲ ਬੰਦ ਕਰਨ ਦੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 


author

Anuradha

Content Editor

Related News