ਜ਼ਮੀਨ-ਜਾਇਦਾਦਾਂ ਦੀਆਂ ਰਜਿਸਟਰੀਆਂ ਤੋਂ ਹੋਣ ਵਾਲੀ ਆਮਦਨ ਨੂੰ ਲੈ ਕੇ ਮੰਤਰੀ ਜਿੰਪਾ ਦਾ ਅਹਿਮ ਬਿਆਨ

Monday, Jan 08, 2024 - 11:21 AM (IST)

ਜ਼ਮੀਨ-ਜਾਇਦਾਦਾਂ ਦੀਆਂ ਰਜਿਸਟਰੀਆਂ ਤੋਂ ਹੋਣ ਵਾਲੀ ਆਮਦਨ ਨੂੰ ਲੈ ਕੇ ਮੰਤਰੀ ਜਿੰਪਾ ਦਾ ਅਹਿਮ ਬਿਆਨ

ਜਲੰਧਰ (ਧਵਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ, ਨਿਰਵਿਘਨ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ਼ ਦਸੰਬਰ ਮਹੀਨੇ ਵਿੱਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫ਼ੀਸਦੀ ਵੱਧ ਆਮਦਨ ਹੋਈ ਹੈ।

ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਦਸੰਬਰ 2023 ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਰਾਹੀਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 102.04 ਕਰੋੜ ਰੁਪਏ ਵੱਧ ਆਏ ਹਨ। ਦਸੰਬਰ 2022 ਵਿੱਚ 315.81 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2023 ਵਿੱਚ 417.85 ਕਰੋੜ ਰੁਪਏ ਸਰਕਾਰੀ ਖ਼ਜ਼ਾਨੇ ਵਿੱਚ ਆਏ। ਜਿੰਪਾ ਨੇ ਕਿਹਾ ਕਿ ਅਪ੍ਰੈਲ 2023 ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿੱਚ ਇਹੀ ਆਮਦਨ 2856.86 ਕਰੋੜ ਰੁਪਏ ਸੀ।

ਇਹ ਵੀ ਪੜ੍ਹੋ : ਬਿਜਲੀ ਡਿਫ਼ਾਲਟਰਾਂ ਖ਼ਿਲਾਫ਼ ਪਾਵਰਕਾਮ ਨੇ ਕੱਸਿਆ ਸ਼ਿਕੰਜਾ, ਸਮਾਰਟ ਮੀਟਰ ਲੱਗਣ ਦੇ ਨਾਲ ਹੋ ਰਹੀ ਇਹ ਕਾਰਵਾਈ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਾ ਕੀਤਾ ਜਾਵੇ। ਮਾਲ ਵਿਭਾਗ ਵਿਚ ਵੀ ਜੇਕਰ ਲੋਕਾਂ ਨੂੰ ਕਿਸੇ ਵੀ ਪੱਧਰ ’ਤੇ ਕੰਮ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ, ਜਿਸ ’ਤੇ ਵ੍ਹਟਸਐਪ ਜ਼ਰੀਏ ਲਿਖਤੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਐੱਨ. ਆਰ. ਆਈਜ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ’ਤੇ ਭੇਜ ਸਕਦੇ ਹਨ।
ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਨਿਯੁਕਤੀਆਂ ਯੋਗਤਾ ਦੇ ਆਧਾਰ ’ਤੇ ਹੀ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਲੜਕੇ-ਲੜਕੀਆਂ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰ ਰਹੇ ਹਨ।

ਉਨ੍ਹਾਂ ਅਪੀਲ ਕੀਤੀ ਕਿ ਲੋਕਾਂ ਨੂੰ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕਿਸੇ ਵੀ ਜਾਇਜ਼ ਕੰਮ ਲਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਦੇ ਬਦਲੇ ਕੋਈ ਰਿਸ਼ਵਤ ਲੈਂਦਾ ਹੈ ਜਾਂ ਪੈਸੇ ਮੰਗਦਾ ਹੈ ਤਾਂ ਬਿਨਾਂ ਝਿਜਕ ਸ਼ਿਕਾਇਤ ਕੀਤੀ ਜਾਵੇ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਜਲੰਧਰ ਸ਼ਹਿਰ 'ਚ ਅਪਰਾਧ ਨੂੰ ਰੋਕਣ ਲਈ ਪੁਲਸ ਕਮਿਸ਼ਨਰ ਵੱਲੋਂ ਮਾਸਟਰ ਪਲਾਨ ਤਿਆਰ, ਦਿੱਤੀਆਂ ਇਹ ਹਦਾਇਤਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News