ਮੰਤਰੀ ਧਾਲੀਵਾਲ ਨੇ ਜੂਨੀਅਰ ਇੰਜੀਨੀਅਰਾਂ ਨੂੰ ਵੰਡੇ ਨਿਯੁਕਤੀ ਪੱਤਰ, ‘ਰੰਗਲਾ ਪੰਜਾਬ’ ਬਣਾਉਣ ਬਾਰੇ ਕਹੀ ਇਹ ਗੱਲ

01/16/2023 9:08:59 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਨਿਭਾਇਆ ਹੈ ਅਤੇ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ ਲਗਭੱਗ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 'ਚ 25 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ, ਐਸ. ਏ. ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਤਕਨੀਕੀ ਵਿੰਗ ਵਿੱਚ ਨਵੇਂ ਭਰਤੀ ਹੋਏ 122 ਜੂਨੀਅਰ ਇੰਜੀਨੀਅਰ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ।

ਉਨ੍ਹਾਂ ਕਿਹਾ ਕਿ ਖਾਲੀ ਅਸਾਮੀਆਂ ਨੂੰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਭਰਨਾ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ 'ਚ ਹੋਰ ਅੱਗੇ ਲਿਜਾਣਾ ਹੈ। ਧਾਲੀਵਾਲ ਨੇ ਵਿਭਾਗ 'ਚ ਵੱਖ-ਵੱਖ ਕੇਡਰ ਦੀਆਂ ਹੋਰ ਖਾਲੀ ਪਈਆਂ ਅਸਾਮੀਆਂ ਨੂੰ ਛੇਤੀ ਭਰਨ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਿੱਚ 20 ਉਪ ਮੰਡਲ ਅਫਸਰ, 43 ਜੂਨੀਅਰ ਡਰਾਫਸਮੈਂਨਸ ਅਤੇ 5 ਕਲਰਕਾਂ ਨੂੰ ਭਰਤੀ ਕੀਤਾ ਗਿਆ ਹੈ।

ਉਨ੍ਹਾਂ ਨੇ ਨਵ-ਨਿਯੁਕਤ ਜੂਨੀਅਰ ਇੰਜੀਨੀਅਰ ਨੂੰ ਸਰਕਾਰੀ ਨੌਕਰੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਸੇਵਾਵਾਂ ਆਪਣੀਆਂ ਸੇਵਾਵਾਂ ਲੋਕ ਹਿੱਤ `ਚ ਨਿਭਾਉਣ ਅਤੇ ਪੰਜਾਬ ਦੀ ਤਰੱਕੀ `ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਦੇ ਕੰਮਾਂ ਵਿੱਚ ਤੇਜੀ ਆਵੇਗੀ ਅਤੇ ਵੱਖ-ਵੱਖ ਚੱਲ ਰਹੇ ਪ੍ਰਾਜੈਕਟਾਂ ਦੀ ਗੁਣਵੱਤਾ ਵਿੱਚ ਵੀ ਸੁਧਾਰ ਆਵੇਗਾ।

ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਤੇਜਪਾਲ ਸਿੰਘ ਮੁੱਖ ਇੰਜੀਨੀਅਰ, ਸ੍ਰੀ ਸੰਜੀਵ ਗਰਗ ਸੰਯੁਕਤ ਡਾਇਰੈਕਟਰ, ਧੀਰਜ ਗੋਇਲ ਨਿਗਰਾਨ ਇੰਜੀਨੀਅਰ, ਤੇਜਿੰਦਰ ਸਿੰਘ ਮੁਲਤਾਨੀ ਨਿਗਰਾਨ ਇੰਜੀਨੀਅਰ, ਮਹੇਸ਼ਵਰ ਚੰਦਰ ਸ਼ਾਰਦਾ ਕਾਰਜਕਾਰੀ ਇੰਜੀਨੀਅਰ ਅਤੇ ਵਿਭਾਗ ਦੇ ਡਿਪਟੀ ਡਾਇਰੈਕਟਰਜ਼ ਵੀ ਹਾਜ਼ਰ ਸਨ।

Mandeep Singh

This news is Content Editor Mandeep Singh