ਮੰਤਰੀ ਧਾਲੀਵਾਲ ਨੇ ਛੁਡਵਾਈ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ
Wednesday, May 24, 2023 - 06:33 PM (IST)
 
            
            ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ ਬਾਜ਼ਾਰੀ ਕੀਮਤ 264 ਕਰੋੜ ਰੁਪਏ ਬਣਦੀ ਹੈ। ਇਸ ਜ਼ਮੀਨ 'ਤੇ 9 ਲੋਕਾਂ ਨੇ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਹਾਲੇ ਵੀ 31 ਮਈ ਤੱਕ ਖ਼ੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡ ਸਕਦੇ ਹਨ, ਅਜਿਹੇ ਲੋਕਾਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਿਨ੍ਹਾਂ ਰਸੂਖਵਾਨ ਲੋਕਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਸੰਗਰੂਰ ’ਚ ਬਾਕਸਰ ’ਤੇ ਜਾਨਲੇਵਾ ਹਮਲਾ, ਤੋੜ ਦਿੱਤੀਆਂ ਲੱਤਾਂ-ਬਾਹਾਂ (ਵੀਡੀਓ)
ਦੂਜੇ ਪੜਾਅ ਵਿਚ ਹੁਣ ਤੱਕ 761 ਏਕੜ ਸਰਕਾਰੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ 9030 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਦੀ ਔਸਤਨ ਬਾਜ਼ਾਰੀ ਕੀਮਤ 2709 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖ਼ੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡੇ ਜਾਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆਂ ਜਾ ਸਕੇ।
ਇਹ ਵੀ ਪੜ੍ਹੋ- ਨਵੀਂ ਸੰਸਦ ਦੇ ਉਦਘਾਟਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਲਖ਼ੀ ਭਰਿਆ ਟਵੀਟ
ਮੰਤਰੀ ਧਾਲੀਵਾਲ ਨੇ ਆਖਿਆ ਕਿ ਇਹ ਜ਼ਮੀਨ ਕਿਸੇ ਦੀ ਜੱਦੀ ਜਾਇਦਾਦ ਨਹੀਂ ਹੈ ਸਗੋਂ ਇਹ ਸਾਰੇ ਪੰਜਾਬ ਦੀ ਸਾਂਝੀ ਜ਼ਮੀਨ ਹੈ ਅਤੇ ਇਸ ਜ਼ਮੀਨ ਤੋਂ ਹੁੰਦੀ ਆਮਦਨ ਸਾਰੇ ਸੂਬਾ ਵਾਸੀਆਂ ਲਈ ਖ਼ਰਚ ਕੀਤੀ ਜਾਣੀ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਉੱਤੇ 3396 ਏਕੜ ਜ਼ਮੀਨ ਲੋਕਾਂ ਨੇ ਖ਼ੁਦ ਛੱਡ ਦਿੱਤੀ ਸੀ। ਉਨ੍ਹਾਂ ਸਭਨਾਂ ਨੂੰ ਇਹ ਬੇਨਤੀ ਵੀ ਕੀਤੀ ਹੈ ਕਿ ਪੰਜਾਬ ਦੀ ਭਲਾਈ ਲਈ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਬਜ਼ਾਕਾਰ ਖ਼ੁਦ ਅੱਗੇ ਆ ਕੇ ਇਹ ਜ਼ਮੀਨਾਂ ਪੰਜਾਬ ਸਰਕਾਰ ਦੇ ਹਵਾਲੇ ਕਰਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            