ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਬਾਦਲ ਸਰਕਾਰ ਵੇਲੇ ਬੀਜ ਫਾਰਮ ਦੇ ਨਾਂ ’ਤੇ ਖ਼ਰੀਦੀ ਜ਼ਮੀਨ ਦੀ ਹੋਵੇਗੀ ਜਾਂਚ
Sunday, Nov 27, 2022 - 06:55 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦ ’ਤੇ ਸਥਿਤ ਰਾਣੀਆਂ ਪਿੰਡ ’ਚ ਖੇਤੀਬਾੜੀ ਵਿਭਾਗ ਵੱਲੋਂ ਖ਼ਰੀਦੀ ਗਈ 700 ਏਕੜ ਜ਼ਮੀਨ ਦਾ ਦੌਰਾ ਕੀਤਾ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਨ 2008 ’ਚ 32 ਕਰੋੜ ਰੁਪਏ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ, ਇਸ ਜ਼ਮੀਨ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ’ਚ ਜਦੋਂ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮ੍ਰਿਸਰ ਦੇ ਡਿਪਟੀ ਕਮਿਸ਼ਨਰ ਸਨ, ਇਹ ਜ਼ਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਾਵੀ ਦਰਿਆ ਅਤੇ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਵੀ ਪਾਰ ਹੈ ਅਤੇ ਸਰਕਾਰ ਨੇ ਸੰਨ 2008 ’ਚ ਸਾਢੇ ਚਾਰ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਇਹ ਜ਼ਮੀਨ ਖਰੀਦੀ। ਬੀ. ਐੱਸ. ਐੱਫ. ਦੀ ਇਜਾਜ਼ਤ ਤੋਂ ਬਿਨਾ ਤੁਸੀਂ ਜ਼ਮੀਨ ’ਚ ਦਾਖਲ ਤੱਕ ਨਹੀਂ ਹੋ ਸਕਦੇ ਅਤੇ ਉਸ ਵੇਲੇ ਕਿਸ 'ਸਕੀਮ' ਤਹਿਤ ਇਹ ਜ਼ਮੀਨ ਖਰੀਦੀ ਗਈ, ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਨੂੰ ਰਜਿਸਟਰੀ ਕਰਵਾਉਣ ਵਾਲੇ ਕਿਸਾਨ ਅਤੇ ਉਸ ਤੋਂ ਪਹਿਲਾਂ ਦੇ ਮਾਲਕ ਪਰਿਵਾਰਾਂ ਨੂੰ ਲੱਭਿਆ ਜਾਵੇਗਾ, ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ।
ਇਹ ਖ਼ਬਰ ਵੀ ਪੜ੍ਹੋ : ਸਟੱਡੀ ਵੀਜ਼ਾ ਦੀ ਐਪਲੀਕੇਸ਼ਨ ਹੋਈ ਰਿਜੈਕਟ, ਦੁਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
ਅੱਜ ਉਕਤ ਜ਼ਮੀਨ ਜਿਸ ਨੂੰ ਸਿਰਫ ਤਿੰਨ-ਚਾਰ ਸੀਜ਼ਨ ਹੀ ਵਾਹਿਆ ਜਾ ਸਕਿਆ ਹੈ, ਵਿਚ ਪੈਦਾ ਹੋ ਚੁੱਕੇ ਆਦਮਕੱਦ ਕਾਨੇ ਅਤੇ ਸਰਕੰਡੇ ਵੇਖ ਕੇ ਧਾਲੀਵਾਲ ਨੇ ਕਿਹਾ ਕਿ ਸਮਝ ਨਹੀਂ ਆਉਂਦਾ ਕਿ ਤਿੰਨੇ ਸੌਦਾ ਕਰਨ ਵਾਲੇ ਕਿਸਾਨ ਪਰਿਵਾਰ ’ਚੋਂ ਹੋਣ ਤੇ ਅਜਿਹੀ ਜ਼ਮੀਨ ਮਹਿੰਗੇ ਭਾਅ ਖਰੀਦ ਲੈਣ? ਉਨ੍ਹਾਂ ਕਿਹਾ ਕਿ ਇਸ ਜ਼ਮੀਨ ’ਚ ਪਾਣੀ ਲਈ 30 ਸਬਮਰਸੀਬਲ ਟਿਊਬਵੈੱਲ, ਬਿਜਲੀ ਅਤੇ ਖੇਤੀ ਸੰਦ, ਜਿਸ ’ਚ ਟਰੈਕਟਰ, ਜਨਰੇਟਰ ਅਤੇ ਹੋਰ ਮਸ਼ੀਨਰੀ ਸ਼ਾਮਿਲ ਹੈ, ਦੀ ਖਰੀਦ ਉੱਤੇ ਵੀ ਤਕਰੀਬਨ 8 ਕਰੋੜ ਰੁਪਏ ਖਰਚਾ ਹੋਇਆ। ਉਨ੍ਹਾਂ ਕਿਹਾ ਕਿ ਅੱਜ ਮੈਂ ਇਸ ਫਾਰਮ ਨੂੰ ਵੇਖਿਆ ਹੈ ਅਤੇ ਮਨ ਦੁਖੀ ਹੋਇਆ ਹੈ ਕਿ ਕਿਸ ਤਰ੍ਹਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਫਾਰਮ ਉੱਤੇ ਖਰੀਦੀ ਗਈ ਮਸ਼ੀਨਰੀ ਖਰਾਬ ਹੋ ਰਹੀ ਹੈ ਅਤੇ ਜ਼ਮੀਨ ਬੰਜਰ ਹੋ ਚੁੱਕੀ ਹੈ।
ਇਹ ਖ਼ਬਰ ਵੀ ਪੜ੍ਹੋ : ਖ਼ਾਕੀ ਹੋਈ ਦਾਗ਼ਦਾਰ, ਸਵੇਰੇ ਪੁਲਸ ਦੀ ਡਿਊਟੀ, ਸੂਰਜ ਢਲਦੇ ਹੀ ਬਣ ਜਾਂਦਾ ਸੀ ਲੁਟੇਰਾ
ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਇਸ ਜ਼ਮੀਨ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਨੋਟਿਸ ’ਚ ਲਿਆ ਕੇ ਕੇਂਦਰ ਸਰਕਾਰ ਨਾਲ ਤਾਲਮੇਲ ਕੀਤਾ ਜਾਵੇਗਾ ਕਿਉਂਕਿ ਇਸ ਦਾ ਰਸਤਾ ਹੀ ਬੀ. ਐੱਸ. ਐੱਫ. ਅਧੀਨ ਹੈ। ਇਸ ਜ਼ਮੀਨ ਦੀ ਢੁੱਕਵੀਂ ਵਰਤੋਂ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਸਿੰਘ ਮਿਆਦੀਆਂ, ਜ਼ਿਲ੍ਹਾ ਖੇਤੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ, ਐੱਸ. ਡੀ. ਐੱਮ. ਰਾਜੇਸ਼ ਕੁਮਾਰ ਸ਼ਰਮਾ, ਓ. ਐੱਸ. ਡੀ. ਚਰਨਜੀਤ ਸਿੰਘ ਸਿੱਧੂ, ਦਫਤਰ ਸਕੱਤਰ ਗੁਰਜੰਟ ਸਿੰਘ ਸੋਹੀ, ਨਾਇਬ ਤਹਿਸੀਲਦਾਰ ਜਗਸੀਰ ਸਿੰਘ, ਵਿਸਥਾਰ ਅਫ਼ਸਰ ਪ੍ਰਭਦੀਪ ਗਿੱਲ ਚੇਤਨਪੁਰਾ, ਡਿਪਟੀ ਕਮਾਂਡੈਂਟ ਪਰਵਿੰਦਰ ਸਿੰਘ ਬਾਜਵਾ, ਐੱਸ. ਐੱਚ. ਓ. ਲੋਪੋਕੇ ਹਰਪਾਲ ਸਿੰਘ ਸੋਹੀ, ਖੇਤੀ ਅਫ਼ਸਰ ਕੁਲਵੰਤ ਸਿੰਘ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ : ਦਿੱਲੀ ਦਾ ਸਮੁੱਚਾ ਸਿੱਖ ਭਾਈਚਾਰਾ ਨਗਰ ਨਿਗਮ ਚੋਣਾਂ ’ਚ ਭਾਜਪਾ ਦੀ ਕਰੇਗਾ ਹਮਾਇਤ : ਕਾਲਕਾ, ਕਾਹਲੋਂ