''ਰਿਸ਼ਵਤ ਮੰਗਣ ਵਾਲਿਆਂ ਦੇ ਨਾਂ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ''- ਮੰਤਰੀ ਮੁੰਡੀਆਂ ਦੀ ਲੋਕਾਂ ਨੂੰ ਅਪੀਲ

Friday, Jun 20, 2025 - 03:25 PM (IST)

''ਰਿਸ਼ਵਤ ਮੰਗਣ ਵਾਲਿਆਂ ਦੇ ਨਾਂ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ''- ਮੰਤਰੀ ਮੁੰਡੀਆਂ ਦੀ ਲੋਕਾਂ ਨੂੰ ਅਪੀਲ

ਸਾਹਨੇਵਾਲ/ਲੁਧਿਆਣਾ (ਸ਼ਿਵਮ)- ਸੂਬੇ ਨੂੰ ਭ੍ਰਿਸ਼ਟਚਾਰ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਂ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭ੍ਰਿਸ਼ਟ ਅਨਸਰਾਂ ਖਿਲਾਫ ਸਰਕਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ।

ਇਥੇ ਸਬ-ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਸਾਹਨੇਵਾਲ ਦਾ ਅਚਨਚੇਤੀ ਦੌਰਾ ਕਰਨ ਮੌਕੇ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਲੈਣ ਦੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਿਸ਼ਵਤ ਮੰਗਣ ਵਾਲਿਆਂ ਦੀ ਸ਼ਿਕਾਇਤ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸਥਾਪਿਤ ਕੀਤੀ ਹੈ ਅਤੇ ਹੁਣ ਤੱਕ ਇਸ ’ਤੇ ਹਾਸਲ ਹੋਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਭ੍ਰਿਸ਼ਟਾਚਾਰੀਆਂ ਖਿਲਾਫ਼ ਕਾਰਵਾਈ ਕੀਤੀ ਵੀ ਜਾ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਡੇਰਾ ਮੁਖੀ ਦੀ ਭੋਰੇ 'ਚ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ!

ਕੈਬਨਿਟ ਮੰਤਰੀ ਮੁੰਡੀਆਂ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦਾਂ ਹਾਂ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਸਾਨੂੰ ਦੱਸੋ। ਅਜਿਹੇ ਰਿਸ਼ਵਤਖੋਰਾਂ ਖਿਲਾਫ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ। ਤੁਹਾਡੇ ਸਹਿਯੋਗ ਨਾਲ ਹੀ ਸ਼ਾਸਨ ਨੂੰ ਭ੍ਰਿਸ਼ਟਾਚਾਰ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨਾ ਯਕੀਨੀ ਬਣਾਇਆ ਜਾਵੇਗਾ।

ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਵਿਭਾਗਾਂ ਦੀ ਸਥਿਤੀ ’ਚ ਸੁਧਾਰ ਲਿਆਉਣ ਲਈ ਵੱਡੇ ਪੱਧਰ ’ਤੇ ਯਤਨ ਕਰ ਰਹੀ ਹੈ, ਤਾਂ ਕਿ ਲੋਕਾਂ ਨੂੰ ਪ੍ਰਸ਼ਾਸਿਨਕ ਸੇਵਾਵਾਂ ਹਾਸਿਲ ਕਰਨ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ 70 ਸਾਲਾਂ ਦੀ ਉਲਝੀ ਹੋਈ ਤਾਣੀ ਨੂੰ ਠੀਕ ਕੀਤਾ ਜਾ ਰਿਹਾ ਹੈ, ਜਿਸ ਕਰ ਕੇ ਕੁਝ ਸਮੇਂ ਬਾਅਦ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ।

ਇਸ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਸਬ-ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਦਾ ਦੌਰਾ ਕਰ ਕੇ ਮੁਲਾਜ਼ਮਾਂ ਅਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News