ਮੰਤਰੀ ਜਿੰਪਾ ਦਾ ਅਹਿਮ ਬਿਆਨ, ਮਾਲ ਵਿਭਾਗ ’ਚ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ

Friday, Jan 13, 2023 - 02:34 AM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਤਹਿਤ ਪਿਛਲੇ 9 ਮਹੀਨਿਆਂ ਤੋਂ ਰਿਸ਼ਵਤਖੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਭਰਵੇਂ ਸ਼ਬਦਾਂ ’ਚ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਦ੍ਰਿੜ੍ਹ ਇਰਾਦੇ ਨਾਲ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਮੁਹਿੰਮ ਦੀ ਕਾਮਯਾਬੀ ਲਈ ਆਮ ਲੋਕਾਂ ਨੂੰ ਪੰਜਾਬ ਸਰਕਾਰ ਦਾ ਖੁੱਲ੍ਹ ਕੇ ਸਾਥ ਦੇਣਾ ਚਾਹੀਦਾ ਹੈ। ਜਿੰਪਾ ਨੇ ਕਿਹਾ ਕਿ ਸਰਕਾਰ ਬਣਦੇ ਸਾਰ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਨੇ ਪ੍ਰਣ ਕੀਤਾ ਸੀ ਕਿ ਰਿਸ਼ਵਤਖੋਰੀ ਦੇ ਕੋਹੜ ਨੂੰ ਪੰਜਾਬ ’ਚੋਂ ਖ਼ਤਮ ਕਰਕੇ ਦਮ ਲਿਆ ਜਾਵੇਗਾ ਅਤੇ ਇਸ ਮਕਸਦ ਦੀ ਪੂਰਤੀ ਲਈ ਕਿਸੇ ਵੀ ਪੱਧਰ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਕਿਸੇ ਵੀ ਪੱਧਰ ਦਾ ਦਬਾਅ ਰਿਸ਼ਵਤਖੋਰਾਂ ਨੂੰ ਕਾਰਵਾਈ ਤੋਂ ਬਚਾਅ ਨਹੀਂ ਸਕਦਾ।

ਇਹ ਖ਼ਬਰ ਵੀ ਪੜ੍ਹੋ : ਨਵੀਆਂ ਕਿਤਾਬਾਂ ਨਾਲ ਸਜਣਗੀਆਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ, ਵਿਭਾਗ ਵੱਲੋਂ 16.32 ਕਰੋੜ ਜਾਰੀ

ਮਾਲ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਰਾਜ ਦੌਰਾਨ ਕਈ ਵਿਭਾਗਾਂ ਦੀ ਕਾਰਗੁਜ਼ਾਰੀ ਤੋਂ ਆਮ ਲੋਕ ਕਾਫੀ ਦੁਖ਼ੀ ਸਨ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ, ਉਦੋਂ ਤੋਂ ਸਾਰਥਕ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਆਪਣੀ ਹੀ ਸਰਕਾਰ ਦੇ ਇਕ ਮੰਤਰੀ ਤੋਂ ਲੈ ਕੇ ਪਿਛਲੀਆਂ ਸਰਕਾਰਾਂ ਵਿਚ ਭ੍ਰਿਸ਼ਟਾਚਾਰੀ ਤਰੀਕਿਆਂ ਰਾਹੀਂ ਪੰਜਾਬ ਨੂੰ ਲੁੱਟਣ ਵਾਲੇ ਸਿਆਸਤਦਾਨਾਂ ਅਤੇ ਅਫ਼ਸਰਾਂ ਦਾ ਪਰਦਾਫਾਸ਼ ਕਰਕੇ ਮਾਨ ਸਰਕਾਰ ਨੇ ਇਹ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਰਿਸ਼ਵਤਖੋਰੀ ਕਰਨ ਵਾਲੇ ਕਿਸੇ ਵੀ ਮੰਤਰੀ, ਅਫਸਰ ਜਾਂ ਕਰਮਚਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਦਿੱਕਤ ਰਹਿਤ ਸੇਵਾਵਾਂ ਦੇਣਾ ਅਫਸਰਾਂ/ਕਰਮਚਾਰੀਆਂ ਦਾ ਫਰਜ਼ ਹੈ ਅਤੇ ਡਿਊਟੀ ਵੀ। ਇਸ ਦੇ ਬਾਵਜੂਦ ਜੋ ਮੁਲਾਜ਼ਮ ਭ੍ਰਿਸ਼ਟ ਕੰਮਾਂ ਵਿਚ ਗ਼ਲਤਾਨ ਹਨ, ਉਹ ਹਾਲੇ ਵੀ ਸੁਧਰ ਜਾਣ ਕਿਉਂਕਿ ਕਿਸੇ ਵੀ ਪੱਧਰ ’ਤੇ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ :ਦਿੱਲੀ ’ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 2 ਸ਼ੱਕੀ ਕਾਬੂ, ਇਕ ਦਾ ਖ਼ਾਲਿਸਤਾਨੀ ਅੱਤਵਾਦੀ ਡੱਲਾ ਨਾਲ ਹੈ ਸਬੰਧ

ਉਨ੍ਹਾਂ ਮਾਲ ਵਿਭਾਗ ਦੇ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਲੋਕ ਸੇਵਾ ਨੂੰ ਪਹਿਲ ਦਿੱਤੀ ਜਾਵੇ ਅਤੇ ਲੋਕਾਂ ਦੇ ਕੰਮ ਬਿਨਾਂ ਸਿਫਾਰਸ਼ ਅਤੇ ਰਿਸ਼ਵਤ ਦੇ ਕੀਤੇ ਜਾਣ। ਇਸ ਦੇ ਨਾਲ ਹੀ ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫ਼ਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ। ਮਾਨ ਸਰਕਾਰ ਰਿਸ਼ਵਤਖੋਰੀ ਦੇ ਸਖ਼ਤ ਖ਼ਿਲਾਫ਼ ਹੈ ਅਤੇ ਰਿਸ਼ਵਤਖੋਰਾਂ ਲਈ ਕੋਈ ਮੁਆਫ਼ੀ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ : ਪ੍ਰਿਯੰਕਾ ਗਾਂਧੀ ਦਾ ਜਨਮ ਦਿਨ ਮਨਾਉਣ ਲਈ ‘ਭਾਰਤ ਜੋੜੋ ਯਾਤਰਾ’ ਵਿਚਾਲੇ ਛੱਡ ਕੇ ਗਏ ਰਾਹੁਲ ਗਾਂਧੀ 


Manoj

Content Editor

Related News