ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੇ ਕੰਮ ''ਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ
Monday, Jan 02, 2023 - 05:47 PM (IST)
ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਜਲੰਧਰ ਹਾਈਵੇ ਦੇ ਮਾਮਲੇ ਨੂੰ ਜਲਦੀ ਹੱਲ ਕਰਨ ਦੇ ਨਾਲ-ਨਾਲ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇੱਥੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਆਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ। ਮੰਤਰੀ ਨੇ ਆਦਮਪੁਰ ਵਿੱਚ ਖ਼ਸਤਾ ਹਾਲਤ ਸੜਕ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਮਨ ਅਰੋੜਾ, ਡਿਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਹੋਰ ਸਬੰਧਤ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਲਿਆ ਬੰਬ
ਮੰਤਰੀ ਦੱਸਿਆ ਕਿ ਹੁਸ਼ਿਆਰਪੁਰ-ਚਿੰਤਪੁਰਨੀ ਸੜਕ 'ਤੇ ਕਾਫ਼ੀ ਆਵਾਜਾਈ ਰਹਿੰਦੀ ਹੈ ਕਿਉਂਕਿ ਇਸ ਰਸਤੇ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਮੰਦਿਰ ਦੇ ਦਰਸ਼ਨਾਂ ਲਈ ਆਉਂਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਤਾਂ ਜੋ ਲੋੜੀਂਦੀ ਮੁਰੰਮਤ ਜਾਂ ਕੰਮ ਨੂੰ ਸਮਾਂਬੱਧ ਢੰਗ ਨਾਲ ਸ਼ੁਰੂ ਕਰਕੇ ਨੇਪਰੇ ਚਾੜ੍ਹਿਆ ਜਾ ਸਕੇ। ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਨ੍ਹਾਂ ਸੜਕਾਂ ਦਾ ਬਾਕੀ ਰਹਿੰਦਾ ਕੰਮ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਏਜੰਸੀਆਂ ਨੂੰ ਮੁਰੰਮਤ ਅਤੇ ਹੋਰ ਕੰਮਾਂ ਨੂੰ ਘੱਟੋ-ਘੱਟ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।