ਮੰਤਰੀ ਕਟਾਰੂਚੱਕ ਨੇ ਟਰੱਕ ਆਪ੍ਰੇਟਰਾਂ ਨੂੰ 31 ਜਨਵਰੀ ਤੱਕ ਅਦਾਇਗੀਆਂ ਕਰਨ ਦੇ ਦਿੱਤੇ ਹੁਕਮ
Thursday, Jan 05, 2023 - 06:09 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ 'ਤੇ ਵਚਨਬੱਧ ਹੈ। ਇਹ ਵਿਚਾਰ ਅੱਜ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਟਰੱਕ ਆਪ੍ਰੇਟਰਾਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ। ਇਸ ਦੌਰਾਨ ਕਟਾਰੂਚੱਕ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਟਰੱਕ ਆਪ੍ਰੇਟਰਾਂ ਨੂੰ ਬਣਦੀਆਂ ਅਦਾਇਗੀਆਂ 31 ਜਨਵਰੀ, 2023 ਤੱਕ ਹਰ ਹਾਲਾਤ ਵਿੱਚ ਅਦਾ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਕੀਤੀਆਂ ਜਾਣ ਤਾਂ ਜੋ ਇਸ ਵਰਗ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- CM ਮਾਨ ਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਾ ਤੋਹਫ਼ਾ, ਪ੍ਰਿੰਸੀਪਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ
ਇਸ ਮੌਕੇ ਉਨ੍ਹਾਂ ਟਰੱਕ ਆਪ੍ਰੇਟਰਾਂ ਨੂੰ 3 ਮੈਂਬਰੀ ਕਮੇਟੀ ਬਣਾਉਣ ਲਈ ਵੀ ਕਿਹਾ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਮਸਲੇ ਸਬੰਧੀ ਖੁੱਲ੍ਹ ਕੇ ਸਰਕਾਰ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਾਰੇ ਟਰੱਕਾਂ ਵਿੱਚ ਛੇਤੀ ਹੀ ਜੀ. ਪੀ. ਐੱਸ. ਪ੍ਰਣਾਲੀ ਲਗਾਈ ਜਾਵੇਗੀ ਤਾਂ ਜੋ ਕੰਮਕਾਜ ਵਿੱਚ ਹੋਰ ਵੀ ਪਾਰਦਰਸ਼ਤਾ ਲਿਆਂਦੀ ਜਾ ਸਕੇ। ਇਸ ਮੌਕੇ ਆਪ੍ਰੇਟਰਾਂ ਵੱਲੋਂ ਕਲੱਸਟਰ ਪ੍ਰਣਾਲੀ ਦੀ ਥਾਂ ‘ਤੇ ਮਾਰਕੀਟ ਕਮੇਟੀਆਂ ਵਿੱਚ ਟੈਂਡਰ ਸਿਰਫ਼ ਟਰੱਕ ਆਪ੍ਰੇਟਰਾਂ ਨੂੰ ਅਲਾਟ ਕਰਨ, ਗੁਦਾਮਾਂ ਤੱਕ ਪਹੁੰਚ ਸੜਕਾਂ ਦੀ ਹਾਲਤ ਵਿੱਚ ਸੁਧਾਰ ਕਰਨ ਅਤੇ ਐਸ.ਓ.ਆਰ. ਰੇਟਾਂ ਵਿੱਚ ਵਾਧਾ ਕਰਨ ਸਬੰਧੀ ਰੱਖੀਆਂ ਗਈਆਂ ਮੰਗਾਂ 'ਤੇ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਰਪਾਲ ਸਿੰਘ ਅਤੇ ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਬਹਾਨੇ ਨਾਲ ਫੈਕਟਰੀ ਬੁਲਾਏ ਮਾਲਕ, ਫਿਰ ਘਾਤ ਲਾ ਕੇ ਬੈਠੇ 20 ਵਿਅਕਤੀਆਂ ਨੇ ਬੋਲ ਦਿੱਤਾ ਧਾਵਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।