ਮੰਤਰੀ ਧਾਲੀਵਾਲ ਨੇ ਯੂਰੀਆ ਨਾਲ ਵਾਧੂ ਚੀਜ਼ਾਂ ਵੇਚਣ ਵਾਲੇ ਵਪਾਰੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

10/18/2022 12:24:32 AM

ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਜੋ ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤੂਆਂ ਖਰੀਦਣ ਲਈ ਮਜਬੂਰ ਕਰਦੇ ਪਾਏ ਜਾਣਗੇ। ਸਥਾਨਕ ਰਾਮਗੜ੍ਹੀਆ ਕਾਲਜ (ਲੜਕੀਆਂ) ਵਿਖੇ ਜ਼ੋਨਲ ਯੁਵਕ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਅਜਿਹੀ ਕੁਤਾਹੀ ਕਰਨ ਵਾਲੇ ਸੌਦਾਗਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਦੋਸ਼ੀ ਪਾਏ ਜਾਣ 'ਤੇ ਵਪਾਰੀਆਂ ਦੇ ਲਾਇਸੈਂਸ ਵੀ ਰੱਦ ਕੀਤੇ ਜਾਣਗੇ। ਅਧਿਕਾਰੀਆਂ ਨੂੰ ਚੌਕਸੀ ਰੱਖਣ ਅਤੇ ਇਸ ਸਬੰਧੀ ਕੋਈ ਵੀ ਸ਼ਿਕਾਇਤ ਮਿਲਣ 'ਤੇ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਸ਼ਰਾਬ ਨੀਤੀ ਘਪਲਾ: ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਤੋਂ ਤਕਰੀਬਨ 9 ਘੰਟੇ ਹੋਈ ਪੁੱਛਗਿੱਛ

ਪਰਾਲੀ ਸਾੜਨ ਦੀ ਸਮੱਸਿਆ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਾਲ ਇਨ੍ਹਾਂ ਮਾਮਲਿਆਂ 'ਚ ਗਿਰਾਵਟ ਆਈ ਹੈ ਨਤੀਜੇ ਵਜੋਂ ਆਸਮਾਨ ਸਾਫ਼ ਨਜ਼ਰ ਆ ਰਿਹਾ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਲੈਣ ਲਈ ਪ੍ਰੇਰਿਆ ਅਤੇ ਆਪਣੇ ਜੀਵਨ 'ਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਮਹਾਸ਼ਕਤੀ ਬਣਾਉਣ ਲਈ ਨੌਜਵਾਨ ਆਬਾਦੀ ਦੇ ਮੋਢਿਆਂ 'ਤੇ ਵੱਡੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ 'ਤੇ ਕੇਂਦਰਿਤ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸਫ਼ਲਤਾ ਦਾ ਸਾਹਮਣਾ ਕਰਨ 'ਤੇ ਨਿਰਾਸ਼ ਨਹੀਂ ਹੋਣਾ ਚਾਹੀਦਾ ਕਿਉਂਕਿ ਅਸਫ਼ਲਤਾ ਸਫ਼ਲਤਾ ਦੇ ਥੰਮ੍ਹ ਹਨ।

ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਡੇ ਦੇਸ਼ ਦਾ ਭਵਿੱਖ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣਾ ਚਾਹੀਦਾ ਹੈ, ਜਿਨ੍ਹਾਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ ਸਭ ਤੋਂ ਵੱਧ ਨੌਜਵਾਨਾਂ ਦੀ ਆਬਾਦੀ ਵਾਲਾ ਦੇਸ਼ ਹੈ ਅਤੇ ਸਾਡੀ ਜਵਾਨੀ ਦੇਸ਼ ਦੇ ਹੋਰ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਰਣਜੋਧ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਸੂਬਾ ਸਰਕਾਰ ਨੇ ਕੇਂਦਰ ਨੂੰ ਇਨ੍ਹਾਂ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਕੀਤੀ ਅਪੀਲ

Mandeep Singh

This news is Content Editor Mandeep Singh