ਲੋਕਾਂ ਦੀਆਂ ਭਾਵਨਾਵਾਂ ਦੀ ਰਾਖੀ ਕਰਨਾ ਸਾਡਾ ਫਰਜ਼, ਅਜਨਾਲਾ ਵਿਖੇ ਹੋਏ ਹਿੰਸਕ ਪ੍ਰਦਰਸ਼ਨ 'ਤੇ ਬੋਲੇ ਮੰਤਰੀ ਧਾਲੀਵਾਲ
Friday, Feb 24, 2023 - 06:15 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਇਹ ਸ਼ਬਦ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਕਹੇ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਾਰੇ ਸਮਾਜ ਵਿਰੋਧੀ ਅਨਸਰਾਂ ਨਾਲ ਪੂਰੀ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਸਸਪੈਂਡ ਡੀ. ਐੱਸ. ਪੀ. ਸੇਖੋਂ ਨੂੰ ਹਾਈਕੋਰਟ ਨੇ ਸੁਣਾਈ 6 ਮਹੀਨਿਆਂ ਦੀ ਸਜ਼ਾ
ਮੰਤਰੀ ਨੇ ਵੀਰਵਾਰ ਨੂੰ ਅਜਨਾਲਾ ਵਿਖੇ ਹਿੰਸਕ ਪ੍ਰਦਰਸ਼ਨ ਦੌਰਾਨ ਸਥਿਤੀ ਨੂੰ ਸਮਝਦਾਰੀ ਨਾਲ ਸੰਭਾਲਣ ਲਈ ਪੰਜਾਬ ਪੁਲਸ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਸੀਂ ਪੰਜਾਬ ਪੁਲਸ ਦੇ ਸਾਰੇ ਜਵਾਨਾਂ ਨੂੰ ਸਲਾਮ ਕਰਦੇ ਹਾਂ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਪੁਲਸ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠੇਗੀ।
ਇਹ ਵੀ ਪੜ੍ਹੋ : ਵਿਆਹ ਦੀਆਂ ਸਾਈਆਂ-ਵਧਾਈਆਂ ਲਾ ਕੇ ਐਨ ਮੌਕੇ ਮੁੱਕਰਿਆ NRI ਪਰਿਵਾਰ, ਹੈਰਾਨ ਕਰਨ ਵਾਲਾ ਹੈ ਮਾਮਲਾ
ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਰਾਖੀ ਕਰਨਾ ਸਾਡਾ ਸਭ ਤੋਂ ਵੱਡਾ ਫਰਜ਼ ਹੈ ਅਤੇ ਅਸੀਂ ਇਸ ਫਰਜ਼ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਅਮਨ-ਕਾਨੂੰਨ ਬਾਰੇ ਝੂਠੇ ਦਾਅਵੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਅਪਰਾਧ ਦਰ ਵਿੱਚ ਕਮੀ ਆਈ ਹੈ।
ਇਹ ਵੀ ਪੜ੍ਹੋ :ਪੁਲਸ ਮੁਕਾਬਲੇ ’ਚ ਮਰਿਆ ਗੋਰਾਇਆ ਦਾ ਨਿਕਲਿਆ ਤੀਜਾ ਗੈਂਗਸਟਰ, ਪਰਿਵਾਰ ਨੇ ਪੁਲਸ 'ਤੇ ਚੁੱਕੇ ਸਵਾਲ
ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ 'ਤੇ ਪੂਰਾ ਭਰੋਸਾ ਹੈ। ਉਨ੍ਹਾਂ ਦੀ ਅਗਵਾਈ ਵਿੱਚ ਸਰਕਾਰ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਾਰੇ ਸ਼ਰਾਰਤੀ ਅਨਸਰਾਂ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ। 'ਆਪ' ਸਰਕਾਰ 'ਚ ਪੰਜਾਬੀ ਪੂਰੀ ਤਰ੍ਹਾਂ ਸੁਰੱਖਿਅਤ ਹਨ।