ਸਕੂਲੀ ਬੱਚਿਆਂ ਨਾਲ ਵਾਪਰ ਰਹੀਆਂ ਸ਼ਰਮਨਾਕ ਘਟਨਾਵਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਚੁੱਕ ਸਕਦੀ ਹੈ ਅਹਿਮ ਕਦਮ : ਰਜ਼ੀਆ ਸੁਲਤਾਨਾ

Tuesday, Sep 12, 2017 - 02:08 PM (IST)

ਸਕੂਲੀ ਬੱਚਿਆਂ ਨਾਲ ਵਾਪਰ ਰਹੀਆਂ ਸ਼ਰਮਨਾਕ ਘਟਨਾਵਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਚੁੱਕ ਸਕਦੀ ਹੈ ਅਹਿਮ ਕਦਮ : ਰਜ਼ੀਆ ਸੁਲਤਾਨਾ

ਸੰਗਰੂਰ (ਰਾਜੇਸ਼) — ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ ਰਜ਼ੀਆ ਸੁਲਤਾਨਾ ਅੱਜ ਜ਼ਿਲਾ ਸੰਗਰੂਰ 'ਚ ਅਧਿਕਾਰੀਆਂ ਦੀ ਮੀਟਿੰਗ ਲੈਣ ਪੁਹੰਚੀ ਸੀ। ਇਸ ਮੌਕੇ 'ਤੇ ਉਨ੍ਹਾਂ ਨੇ ਜ਼ਿਲਾ ਸੰਗਰੂਰ ਤੇ ਬਰਨਾਲਾ 'ਚ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸੰਗਰੂਰ ਦੇ ਅਧਿਕਾਰੀਆਂ ਨੂੰ ਆਪਣੇ ਕੰਮ 'ਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ। 
ਇਸ ਮੌਕੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਦੂਜੇ ਸੂਬਿਆਂ ਦੇ ਸਕੂਲਾਂ 'ਚ ਹੋ ਰਹੇ ਬੱਚਿਆਂ 'ਤੇ ਅਤਿਆਚਾਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਇਥੋਂ ਦੇ ਸਰਕਾਰੀ ਸਕੂਲਾਂ 'ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ ਸਿੱਖਿਆ ਮੰਤਰੀ ਨਾਲ ਗੱਲ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ 'ਚ ਹੋ ਰਹੀਆਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਲੈ ਕੇ ਬਹੁਤ ਚਿੰਤਤ ਹੈ ਤੇ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਚਾਹੁੰਦੀ ਹੈ, ਜਿਸ ਲਈ ਉਹ ਲਗਾਤਾਰ ਕੋਸ਼ਿਸ਼ ਕਰ ਰਹੀ ਹੈ ਤੇ ਉਮੀਦ ਹੈ ਕਿ ਜਲਦ ਹੀ ਉਨ੍ਹਾਂ ਦਾ ਕਰਜ਼ ਮੁਆਫ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਨੇ ਸੂਬੇ 'ਚ ਕੇਬਲ ਨੀਤੀ 'ਤੇ ਵੀ ਸਰਕਾਰ ਵਲੋਂ ਫੈਸਲਾ ਲਏ ਜਾਣ ਦੀ ਗੱਲ ਕਹੀ, ਜਿਸ ਕਾਰਨ ਪੰਜਾਬ 'ਚ ਇਕ ਕੰਪਨੀ ਦੀ ਬਜਾਇ ਸਾਰਿਆਂ ਨੂੰ ਇਸ ਦਾ ਲਾਭ ਮਿਲੇਗਾ। 
ਇਸ ਦੇ ਨਾਲ ਹੀ ਉਨ੍ਹਾਂ ਪੰਜਾਬ 'ਚ ਨਸ਼ੇ ਤੇ ਗੈਂਗਸਟਰਾਂ 'ਤੇ ਪੁੱਛੇ ਗਏ ਸਵਾਲ 'ਤੇ ਕਿਹਾ ਕਿ ਸੂਬੇ 'ਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਅਜਿਹੀਆਂ ਗਤੀਵਿਧੀਆਂ ਕਾਫੀ ਘੱਟ ਗਈਆਂ ਹਨ ਪਰ ਇਸ ਦੇ ਬਾਵਜੂਦ ਸਰਕਾਰ ਦੀ ਉਨ੍ਹਾਂ 'ਤੇ ਤਿੱਖੀ ਨਜ਼ਰ ਹੈ ਤੇ ਇਨ੍ਹਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। 


Related News