ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ

10/23/2018 6:27:30 PM

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)— ਹੋਟਲ ਮੈਨੇਜਮੈਂਟ ਦਾ ਕੋਰਸ ਕਰ ਰਹੀ ਨਾਬਾਲਗ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਨੌਜਵਾਨ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਇਕ ਵਿਅਕਤੀ ਨੇ ਦੱਸਿਆ ਕਿ ਉਹ ਮੂਲ ਰੂਪ 'ਚ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਉਸ ਦੀ ਲੜਕੀ ਨੇ ਪਿੰਡ ਦੇ ਸਕੂਲ 'ਚੋਂ 12ਵੀਂ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਹੋਟਲ ਮੈਨੇਜਮੈਂਟ ਦਾ ਕੋਰਸ ਕਰਨ ਲਈ ਇਕ ਨਿੱਜੀ ਕਾਲਜ 'ਚ ਦਾਖਲਾ ਲਿਆ ਸੀ। ਉਸ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦੇ ਖੇਤਰ ਦੇ ਇਕ ਨੌਜਵਾਨ ਜਿਹੜਾ ਕਾਲਜ ਵਿਚ ਪੜ੍ਹ ਰਿਹਾ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਲੜਕੀ 17 ਅਕਤੂਬਰ ਨੂੰ ਘਰ ਗਈ ਸੀ ਪਰ ਵਾਪਸ ਕਾਲਜ ਨਹੀਂ ਆਈ। 

ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਆਪਣੀ ਲੜਕੀ ਨਾਲ ਉਸ ਦੇ ਮੋਬਾਇਲ 'ਤੇ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਕਾਲਜ ਦੇ ਹੋਸਟਲ 'ਚ ਹੈ। ਉਸ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਅਗਲੇ ਦਿਨ ਕਾਲਜ ਪੁੱਜਾ ਤਾਂ ਉਸ ਦੀ ਲੜਕੀ ਕਾਲਜ ਦੇ ਹੋਸਟਲ 'ਚ ਨਹੀਂ ਸੀ। ਉਸ ਦੀ ਮਾਂ ਨੇ ਜਦੋਂ ਲੜਕੀ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਅਤੁਲ ਕੁਮਾਰ ਦੇ ਨਾਲ ਹੈ ਅਤੇ ਉਨ੍ਹਾਂ ਦੋਵਾਂ ਨੇ ਵਿਆਹ ਕਰਨਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਸ਼ਿਕਾਇਤਕਰਤਾ ਨੇ ਆਪਣੀ ਨਾਬਾਲਗ ਲੜਕੀ ਨੂੰ ਬਰਾਮਦ ਕਰਨ ਅਤੇ ਨੌਜਵਾਨ ਦੇ ਖਿਲਾਫ ਕਾਨੂੰਨ ਦੇ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।