ਮਿਸ਼ਨ ਫਤਿਹ : ਜ਼ਿਲੇ ’ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 48 ਮਰੀਜ਼

07/01/2020 1:45:34 PM

ਸੰਗਰੂਰ,(ਵਿਵੇਕ ਸਿੰਧਵਾਨੀ, ਸਿੰਗਲਾ)- ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 48 ਪਾਜ਼ੇਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਹਸਪਤਾਲ ਦੇ ਸਟਾਫ਼ ਵੱਲੋਂ ਇਨ੍ਹਾਂ ਮਰੀਜ਼ਾਂ ਨੂੰ ਨਿੱਘੀ ਵਿਦਾਇਗੀ ਦਿੰਦਿਆਂ ਤਾੜੀਆਂ ਦੀ ਗੂੰਜ ’ਚ ਘਰ ਭੇਜਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੱਲ ਵੀ 26 ਪਾਜ਼ੇਟਿਵ ਮਰੀਜ਼ ਕੋਵਿਡ-19 ਨੂੰ ਮਾਤ ਦੇ ਸਫ਼ਲ ਇਲਾਜ ਤੋਂ ਬਾਅਦ ਆਪਣੇ ਘਰ ਗਏ ਸਨ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 35 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 13 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪ੍ਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਇਕ ਵਿਅਕਤੀ ਤੋਂ ਦੂਜੇ ਦੇ ਸੰਪਰਕ ’ਚ ਆਉਣ ਨਾਲ ਫੈਲਦਾ ਹੈ ਕਿਉਂਕਿ ਇਹ ਇਕ ਲਾਗ ਦੀ ਬੀਮਾਰੀ ਹੈ ਅਤੇ ਬਾਹਰੀ ਇਲਾਕਿਆਂ ਖ਼ਾਸ ਕਰ ਇਸ ਤੋਂ ਪ੍ਰਭਾਵਿਤ ਇਲਾਕਿਆਂ ਤੋਂ ਸੰਗਰੂਰ ਜ਼ਿਲੇ ’ਚ ਵਾਪਸ ਆਉਣ ਵਾਲੇ ਲੋਕਾਂ ਨੂੰ ਇਸਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ਜਿੱਤਣ ਲਈ ਸਭ ਦਾ ਸਹਿਯੋਗ ਮਹੱਤਵਪੂਰਨ ਹੈ ਕਿਉਂਕਿ ਇਕ ਵਿਅਕਤੀ ਵੱਲੋਂ ਕੀਤੀ ਗਈ ਭੁੱਲ ਵੱਡੀ ਗਿਣਤੀ ’ਚ ਲੋਕਾਂ ’ਤੇ ਭਾਰੂ ਪੈ ਸਕਦੀ ਹੈ।

Bharat Thapa

This news is Content Editor Bharat Thapa