ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ''ਚ ਚੁੱਕਿਆ ਸਕਾਲਰਸ਼ਿਪ ਦਾ ਮੁੱਦਾ
Tuesday, Sep 03, 2024 - 05:09 PM (IST)
ਮੋਹਾਲੀ : ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੌਰਾਨ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਲਈ ਸਕਾਲਰਸ਼ਿਪ ਜਲਦ ਜਾਰੀ ਕਰਨ ਦਾ ਮੁੱਦਾ ਚੁੱਕਿਆ। ਵਿਧਾਨ ਸਭਾ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੰਬੋਧਿਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਸਮਾਜਿਕ ਨਿਆਂ ਅਧਿਕਾਰ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੂੰ ਇਹ ਸਵਾਲ ਕੀਤਾ ਕਿ 2022-23 ਦਾ ਵਜ਼ੀਫਾ, ਜੋ ਪੰਜਾਬ ਸਰਕਾਰ ਵੱਲੋਂ 240 ਕਰੋੜ ਰੁਪਏ ਦੇਣਾ ਸੀ, ਦੇ ਵਿੱਚੋਂ 202 ਕਰੋੜ ਰੁਪਏ ਜਾਰੀ ਕੀਤਾ ਜਾ ਚੁੱਕਿਆ ਹੈ ਅਤੇ ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ 360 ਕਰੋੜ ਰੁਪਏ ਸਕਾਲਰਸ਼ਿਪ ਦੇ ਰੂਪ ਵਿੱਚ ਦੇਣੇ ਸਨ, ਜਿਸ ਦੇ ਵਿੱਚੋਂ 308 ਕਰੋੜ ਰੁਪਏ ਜਾਰੀ ਕੀਤਾ ਹੈ। ਕੇਂਦਰ ਸਰਕਾਰ ਵੱਲ 52 ਕਰੋੜ ਰੁਪਿਆ ਅਜੇ ਵੀ ਇਸ ਦਾ ਬਕਾਇਆ ਹੈ। ਇਸੇ ਤਰ੍ਹਾਂ ਸੈਸ਼ਨ 2023
-24 ਦੇ ਵਿੱਚ ਪੰਜਾਬ ਸਰਕਾਰ ਵੱਲੋਂ ਸਕਾਲਰਸ਼ਿਪ ਦੇ ਲਈ 600 ਕਰੋੜ ਰੁਪਏ ਜਾਰੀ ਕੀਤਾ ਜਾਣਾ ਸੀ, ਜਿਸ ਦੇ ਵਿੱਚੋਂ 303 ਕਰੋੜ ਰੁਪਿਆ ਜਾਰੀ ਕੀਤਾ ਗਿਆ, ਇਸੇ ਤਰ੍ਹਾਂ ਸੈਸ਼ਨ 2024-25 ਦੀ ਪੜ੍ਹਾਈ ਸ਼ੁਰੂ ਹੋਏ ਨੂੰ 6 ਮਹੀਨੇ ਦੇ ਕਰੀਬ ਸਮਾਂ ਲੰਘ ਚੁੱਕਾ ਹੈ ਪਰ ਸਕਾਲਰਸ਼ਿਪ ਦੇ ਮਾਮਲੇ ਵਿੱਚ ਕੋਈ ਪੈਸਾ ਜਾਰੀ ਨਹੀਂ ਕੀਤਾ ਗਿਆ। ਜਦੋਂ ਬੱਚਿਆਂ ਨੂੰ ਸਕਾਲਰਸ਼ਿਪ ਦੇ ਰੂਪ ਵਿੱਚ ਪੈਸੇ ਹੀ ਨਹੀਂ ਮਿਲਣਗੇ ਤਾਂ ਬੱਚੇ ਕਿਵੇਂ ਪੜ੍ਹਾਈ ਪੂਰੀ ਕਰ ਸਕਣਗੇ। ਇਸ ਦੇ ਚੱਲਦਿਆਂ ਪੂਰੇ ਪਰਿਵਾਰ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਬੰਧਿਤ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਸਾਲ 2017 ਤੋਂ 20 ਦੇ ਸੈਸ਼ਨ ਵਿੱਚ ਪਿਛਲੀਆਂ ਸਰਕਾਰਾਂ ਨੇ ਜੋ ਅਨੁਸੂਚਿਤ ਜਾਤੀ ਬੱਚਿਆਂ ਨੂੰ ਸਕਾਲਰਸ਼ਿਪ ਦਾ ਲਾਭ ਨਹੀਂ ਦਿੱਤਾ, ਉਨ੍ਹਾਂ ਨੂੰ ਵੀ ਪੰਜਾਬ ਸਰਕਾਰ ਵਲੋਂ ਸਕਾਲਰਸ਼ਿਪ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਸਬੰਧੀ ਬਕਾਇਆ ਰਾਸ਼ੀ ਦੇ ਸਬੰਧ ਵਿੱਚ ਵਿੱਤ ਵਿਭਾਗ ਕੋਲੋਂ ਮੰਗ ਕੀਤੀ ਗਈ ਹੈ ਅਤੇ ਜਲਦੀ ਹੀ ਇਹ ਪੈਸਾ ਜਾਰੀ ਕਰ ਦਿੱਤਾ ਜਾਵੇਗਾ।