ਵਿਧਾਇਕ ਲਾਭ ਸਿੰਘ ਉਗੋਕੇ ਨੇ ਹਲਕਾ ਭਦੌੜ ਦੀਆਂ ਪੰਚਾਇਤਾਂ ਨਾਲ ਕੀਤੀ ਮੀਟਿੰਗ
Wednesday, Aug 16, 2023 - 12:38 PM (IST)

ਤਪਾ ਮੰਡੀ (ਸ਼ਾਮ, ਗਰਗ) : ਪੰਚਾਇਤੀ ਅਤੇ ਬਲਾਕ ਸੰਮਤੀ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਤਕਰੀਬਨ 6 ਦਰਜਨ ਪਿੰਡਾਂ ਦੀਆਂ ਪੰਚਾਇਤਾਂ ਨਾਲ ਆਪਣੀ ਰਿਹਾਇਸ਼ ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਤਪਾ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸਾਰੀਆਂ ਪੰਚਾਇਤਾਂ ਸਮੇਤ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਲੋਕ ਆਮ ਆਦਮੀ ਪਾਰਟੀ ਦੇ ਸਰਪੰਚਾਂ ਦੀ ਅਗਵਾਈ 'ਚ ਪੰਚਾਇਤਾਂ, ਜ਼ਿਲ੍ਹਾ ਪਰਿਸ਼ਦਾਂ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਵਿਧਾਨ ਸਭਾ ਵਾਂਗ ਜਿਤਾਉਣਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਚੋਣਾਂ ਦੇ ਮੌਕੇ 'ਤੇ ਕਿਸੇ ਤਰ੍ਹਾਂ ਦਾ ਨਸ਼ਾ ਪੈਸਾ ਵੰਡਣ 'ਤੇ ਸਖ਼ਤ ਐਕਸ਼ਨ ਲਿਆ ਜਾਵੇਗਾ ਅਤੇ ਕਿਸੇ ਨਾਲ ਵੀ ਕੋਈ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਪਾਰਟੀ ਦੇ ਸਿੰਬਲ 'ਤੇ ਲੜੀਆਂ ਜਾਣਗੀਆਂ ਅਤੇ ਪੰਚਾਇਤੀ ਚੋਣਾਂ ਭਾਈਚਾਰਕ ਸਾਂਝ ਨੂੰ ਮੁੱਖ ਰੱਖਦਿਆਂ ਪਹਿਲਾਂ ਦੀ ਤਰ੍ਹਾਂ ਆਪੋ-ਆਪਣੇ ਨਿਸ਼ਾਨਾਂ 'ਤੇ ਲੜੀਆਂ ਜਾਣਗੀਆਂ।
ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਭਾਈਚਾਰਕ ਸਾਂਝ ਬਣਾ ਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਨ੍ਹਾਂ ਚੋਣਾਂ ਵਿੱਚ ਜ਼ਿਆਦਾਤਰ ਸਰਬ ਸੰਮਤੀ ਨਾਲ ਪੰਚਾਇਤਾ ਬਣਾਓ ਅਤੇ ਮਾਨ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਫੰਡ ਨੂੰ ਪ੍ਰਾਪਤ ਕਰੋ। ਇਸ ਮੌਕੇ ਹਲਕਾ ਭਦੌੜ ਦੇ ਵੱਖ-ਵੱਖ ਪਿੰਡਾਂ ਤੋਂ ਪੁੱਜੇ ਪਾਰਟੀ ਵਰਕਰ, ਜ਼ਿਲ੍ਹਾ ਪਰਿਸ਼ਦ, ਬਲਾਕ ਸੰਮਤੀ, ਸਰਪੰਚ, ਪੰਚ ਅਤੇ ਨੰਬਰਦਾਰ ਪਹੁੰਚੇ ਹੋਏ ਸਨ।