ਵਿਧਾਇਕ ਪਠਾਣਮਾਜਰਾ ਦੀ ਪਤਨੀ ਸੁਰੱਖਿਆ ਲਈ ਪੁੱਜੀ ਹਾਈਕੋਰਟ
Wednesday, Sep 10, 2025 - 12:02 PM (IST)

ਚੰਡੀਗੜ੍ਹ (ਗੰਭੀਰ) : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਆਪਣੀ ਅਤੇ ਪਰਿਵਾਰ ਦੀ ਸੁਰੱਖਿਆ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਇਹ ਸਾਰਾ ਮਾਮਲਾ ਰਾਜਨੀਤਿਕ ਬਦਲਾਖੋਰੀ ਨਾਲ ਜੁੜਿਆ ਹੋਇਆ ਹੈ, ਕਿਉਂਕਿ ਵਿਧਾਇਕ ਨੇ ਹਾਲ ਹੀ ’ਚ ਆਏ ਹੜ੍ਹਾਂ ਸਬੰਧੀ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ ਸਨ। ਪਟੀਸ਼ਨ ਮੁਤਾਬਕ ਵਿਧਾਇਕ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ’ਤੇ ਨਦੀਆਂ ’ਚ ਪਾਣੀ ਛੱਡੇ ਜਾਣ ਅਤੇ ਗਾਦ ਕੱਢਣ ਦੀ ਇਜਾਜ਼ਤ ਦੇ ਮਾਮਲੇ ਵਿਚ ਸਰਕਾਰ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਸੀ।
ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਹਲਕੇ ਦੇ 11 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ, ਪਰ ਸਰਕਾਰ ਨੇ ਘੱਗਰ ਨਦੀ ਦੇ ਕੰਢਿਆਂ ਨੂੰ ਮਜ਼ਬੂਤ ਕਰਨ ਲਈ ਮਿੱਟੀ ਦੀ ਵਰਤੋਂ ਕਰਨ ਦੀ ਇਜਾਜ਼ਤ ਤੱਕ ਨਹੀਂ ਦਿੱਤੀ। ਪਟੀਸ਼ਨਕਰਤਾ ਨੇ ਕਿਹਾ ਹੈ ਕਿ ਵਿਧਾਇਕ ਦਾ ਬਿਆਨ ਵਾਇਰਲ ਹੋਣ ਤੋਂ ਬਾਅਦ ਸਰਕਾਰ ਨੇ ਨਾਰਾਜ਼ਗੀ ਜਤਾਈ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਵਾਪਸ ਲੈ ਲਈ। ਨਾਲ ਹੀ ਇਲਾਕੇ ਦੇ ਸਾਰੇ ਥਾਣੇਦਾਰਾਂ ਦਾ ਤਬਾਦਲਾ ਕਰ ਦਿੱਤਾ ਗਿਆ। ਇਸ ਦੌਰਾਨ ਵਿਧਾਇਕ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ, ਜਿਸ ਵਿਚ ਦੁਸ਼ਕਰਮ ਅਤੇ ਧੋਖਾਧੜੀ ਦੇ ਤਹਿਤ ਗੰਭੀਰ ਦੋਸ਼ ਲਗਾਏ ਗਏ। ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਨੂੰ ਪਟੀਸ਼ਨ ਵਿਚ ਵਿਧਾਇਕ ਦੀ ਦੂਜੀ ਪਤਨੀ ਦੱਸਿਆ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਉਹ ਪਹਿਲਾਂ ਵੀ ਇਸ ਤਰ੍ਹਾਂ ਦੇ ਮੁਕੱਦਮੇ ਦਰਜ ਕਰ ਚੁੱਕੀ ਹਨ।
ਪਟੀਸ਼ਨ ’ਚ ਦਾਅਵਾ ਕੀਤਾ ਗਿਆ ਹੈ ਕਿ ਵਿਧਾਇਕ ਨੂੰ ਫਸਾਉਣ ਲਈ ਉਨ੍ਹਾਂ ਦੇ ਸਹੁਰੇ ਘਰ ਪੁਲਸ ਛਾਪੇਮਾਰੀ ਕੀਤੀ ਗਈ ਅਤੇ ਸਮਰਥਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਕੇ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇੰਨਾ ਹੀ ਨਹੀਂ ਵਿਧਾਇਕ ਨੂੰ ਗੈਂਗਸਟਰ ਦੱਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਫਰਜ਼ੀ ਮੁਕਾਬਲੇ ਵਿਚ ਫਸਾਉਣ ਦਾ ਖ਼ਤਰਾ ਹੈ। ਸਿਮਰਨਜੀਤ ਕੌਰ ਨੇ ਅਦਾਲਤ ਤੋਂ ਸੁਰੱਖਿਆ ਬਹਾਲ ਕਰਨ ਅਤੇ ਦਰਜ ਮਾਮਲਿਆਂ ਬਾਰੇ ਪੁਲਸ ਤੋਂ ਵਿਸਤ੍ਰਿਤ ਰਿਪੋਰਟ ਮੰਗਵਾਉਣ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।