Breaking News: ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਨੇ ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ
Sunday, Aug 20, 2023 - 05:44 AM (IST)
ਜਲੰਧਰ/ਅਬੋਹਰ (ਨਰਿੰਦਰ ਮੋਹਨ) : ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਅਬੋਹਰ ਤੋਂ ਪਾਰਟੀ ਦੇ ਵਿਧਾਇਕ ਸੰਦੀਪ ਜਾਖੜ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸੰਦੀਪ ਜਾਖੜ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਦੇ ਪ੍ਰੋਗਰਾਮਾਂ 'ਚ ਸ਼ਾਮਲ ਨਾ ਹੋਣ ਦਾ ਦੋਸ਼ ਹੈ। ਇਹ ਵੀ ਦੋਸ਼ ਹੈ ਕਿ ਉਨ੍ਹਾਂ ਦੀ ਰਿਹਾਇਸ਼ 'ਤੇ ਕਾਂਗਰਸ ਦੀ ਬਜਾਏ ਭਾਰਤੀ ਜਨਤਾ ਪਾਰਟੀ ਦਾ ਝੰਡਾ ਲੱਗਾ ਹੋਇਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਨੇ ਇਹ ਕਾਰਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕੀਤੀ ਹੈ।
ਇਹ ਵੀ ਪੜ੍ਹੋ : ਸੜਕ ਕਰਾਸ ਕਰ ਰਹੇ ਸਬਜ਼ੀ ਵਿਕਰੇਤਾ ਨੂੰ ਟਰੱਕ ਨੇ ਮਾਰੀ ਟੱਕਰ, ਹੋਈ ਮੌਕੇ 'ਤੇ ਮੌਤ
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਅਬੋਹਰ ਖੇਤਰ 'ਚ ਕਾਂਗਰਸ ਦਾ ਝੰਡਾ ਗਾਇਬ ਹੀ ਹੋ ਗਿਆ ਹੈ। ਹਾਲਾਂਕਿ, ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਅਬੋਹਰ ਤੋਂ ਕਾਂਗਰਸ ਦੇ ਵਿਧਾਇਕ ਹਨ ਪਰ ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ 'ਤੇ ਵੀ ਭਾਜਪਾ ਸਮਰਥਕ ਹੋਣ ਦੇ ਦੋਸ਼ ਲੱਗ ਰਹੇ ਹਨ। ਉਦੋਂ ਤੋਂ ਹੀ ਵਿਧਾਇਕ ਦੇ ਦਫ਼ਤਰ ਤੋਂ ਪਾਰਟੀ ਦਾ ਝੰਡਾ ਵੀ ਉਤਾਰ ਦਿੱਤਾ ਗਿਆ ਸੀ। ਨਗਰ ਨਿਗਮ ਅਬੋਹਰ ਦੇ 50 ਮੈਂਬਰ ਹਨ, ਜਿਨ੍ਹਾਂ 'ਚੋਂ 49 ਮੈਂਬਰ ਕਾਂਗਰਸ ਦੇ ਸਨ, ਤਕਰੀਬਨ ਸਾਰੇ ਕੌਂਸਲਰ ਅਤੇ ਮੇਅਰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਪਰ ਵਿਧਾਇਕ ਨੇ ਉਨ੍ਹਾਂ ਨੂੰ ਰੋਕਣ ਜਾਂ ਮਨਾਉਣ ਦਾ ਕੋਈ ਉਪਰਾਲਾ ਨਹੀਂ ਕੀਤਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹਨ 2 ਵਾਰ ਪਹਿਲਾਂ ਵੀ ਸੰਦੀਪ ਜਾਖੜ ਨੂੰ ਚਿਤਾਵਨੀ ਦੇ ਚੁੱਕੇ ਹਨ। ਇਸ ਸੰਦਰਭ ਵਿੱਚ ਪੰਜਾਬ ਕਾਂਗਰਸ ਵੱਲੋਂ ਸੰਦੀਪ ਜਾਖੜ ਦੀਆਂ ਗਤੀਵਿਧੀਆਂ ਬਾਰੇ ਰਿਪੋਰਟ ਤਿਆਰ ਕੀਤੀ ਗਈ ਸੀ, ਜਿਸ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨੇ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਲਿਖਿਆ ਸੀ ਕਿ ਸੰਦੀਪ ਜਾਖੜ ਅਬੋਹਰ ਖੇਤਰ ਵਿੱਚ ਭਾਰਤੀ ਜਨਤਾ ਪਾਰਟੀ ਦਾ ਝੰਡਾ ਬੁਲੰਦ ਕਰ ਰਹੇ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਵੱਲੋਂ ਜਾਰੀ ਪੱਤਰ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨੇ ਸ਼ਿਕਾਇਤ ਕੀਤੀ ਸੀ ਕਿ ਸੰਦੀਪ ਜਾਖੜ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ।
ਇਹ ਵੀ ਪੜ੍ਹੋ : 27 ਸਾਲ ਦੀ ਨੌਕਰੀ 'ਚ ਇਕ ਦਿਨ ਦੀ ਵੀ ਨਹੀਂ ਲਈ ਛੁੱਟੀ, ਇਨਾਮ 'ਚ ਮਿਲੀ ਟਾਫੀ... ਫਿਰ ਹੋਇਆ ਕੁਝ ਅਜਿਹਾ
ਪੱਤਰ ਵਿੱਚ ਕਿਹਾ ਗਿਆ ਹੈ ਕਿ ਸੰਦੀਪ ਜਾਖੜ ਨੇ ਪਾਰਟੀ ਦੀ ਭਾਰਤ ਜੋੜੋ ਯਾਤਰਾ ਸਮੇਤ ਕਿਸੇ ਹੋਰ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲਿਆ। ਪੱਤਰ 'ਚ ਇਕ ਹੋਰ ਗੱਲ ਇਹ ਹੈ ਕਿ ਸੰਦੀਪ ਜਾਖੜ ਜਿਸ ਘਰ ਵਿੱਚ ਰਹਿ ਰਹੇ ਹਨ, ਉਥੇ ਭਾਜਪਾ ਦਾ ਝੰਡਾ ਲਹਿਰਾ ਰਿਹਾ ਹੈ। ਤੀਜਾ ਇਲਜ਼ਾਮ ਇਹ ਵੀ ਹੈ ਕਿ ਵਿਧਾਇਕ ਜਾਖੜ ਕਾਂਗਰਸ ਪਾਰਟੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ। ਸੰਦੀਪ ਜਾਖੜ 'ਤੇ ਚੌਥਾ ਇਲਜ਼ਾਮ ਇਹ ਹੈ ਕਿ ਉਹ ਆਪਣੇ ਚਾਚਾ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੀ ਖੁੱਲ੍ਹੇਆਮ ਬਚਾਅ ਕਰ ਰਹੇ ਹਨ। ਪੱਤਰ ਦੇ ਅੰਤ 'ਚ ਲਿਖਿਆ ਗਿਆ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਪਾਰਟੀ ਦੀ ਕੇਂਦਰੀ ਅਨੁਸ਼ਾਸਨੀ ਕਮੇਟੀ ਨੇ ਉਨ੍ਹਾਂ ਭਾਵ ਵਿਧਾਇਕ ਸੰਦੀਪ ਜਾਖੜ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8