ਹੈਰੋਇਨ ਸਣੇ ਗ੍ਰਿਫ਼ਤਾਰ ਨੌਜਵਾਨ ਨੂੰ ਭਤੀਜਾ ਦੱਸਣ 'ਤੇ 'ਆਪ' ਵਿਧਾਇਕ ਦਾ ਪਹਿਲਾ ਬਿਆਨ

11/20/2023 10:46:38 AM

ਤਰਨਤਾਰਨ (ਰਮਨ) : ਥਾਣਾ ਖਾਲੜਾ ਦੀ ਪੁਲਸ ਨੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਮੰਗਵਾਈ ਗਈ 1 ਕਿਲੋ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਮਾਣਯੋਗ ਅਦਾਲਤ ਪਾਸੋਂ ਦੋ ਦਿਨਾਂ ਰਿਮਾਂਡ ਹਾਸਲ ਕਰ ਕੇ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਜਸ਼ਨਪ੍ਰੀਤ ਸਿੰਘ ਨੂੰ ਵਿਰੋਧੀ ਪਾਰਟੀਆਂ ਵੱਲੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਦਾ ਭਤੀਜਾ ਦੱਸਦੇ ਹੋਏ ਸੋਸ਼ਲ ਮੀਡੀਆ ’ਤੇ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਵਿਧਾਇਕ ਧੁੰਨ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਗਿਆ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਤਲ 'ਚ ਜੇਲ੍ਹ 'ਚ ਬੈਠੇ ਗੈਂਗਸਟਰ ਤੋਂ ਮਿਲਿਆ ਫੋਨ, ਹੋ ਗਏ ਵੱਡੇ ਖ਼ੁਲਾਸੇ

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਵੱਲੋਂ ਡਿਫੈਂਸ ਡਰੇਨ ਦੀ ਪਟੜੀ ਨਜ਼ਦੀਕ ਗਸ਼ਤ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ 2 ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਨ੍ਹਾਂ ਦੀ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਕੋਲੋਂ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਨਾਰਲੀ ਅਤੇ ਗੁਰਜੰਟ ਸਿੰਘ ਪੁੱਤਰ ਮਹੈਣ ਸਿੰਘ ਵਾਸੀ ਜੀਓਬਾਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ :  ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਪਰੀ ਘਟਨਾ 'ਤੇ ਬਾਬਾ ਬਲਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ 20 ਤੋਂ 23 ਸਾਲ ਦੀ ਉਮਰ ਦੇ ਹਨ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਦਰਜ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਦੇ ਪਿਤਾ ਅਤੇ ਦਾਦੇ ਖ਼ਿਲਾਫ਼ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੁਝ ਮਾਮਲੇ ਦਰਜ ਹਨ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਦੋਵਾਂ ਮੁਲਜ਼ਮਾਂ ਵੱਲੋਂ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਬਣਾਉਂਦੇ ਹੋਏ ਡਰੋਨ ਰਾਹੀਂ ਮੰਗਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਏਅਰ ਕ੍ਰਾਫਟ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਮੇਰਾ ਜਸ਼ਨ ਨਾਲ ਕੋਈ ਸਬੰਧ ਨਹੀਂ : ਧੁੰਨ

ਆਮ ਆਦਮੀ ਪਾਰਟੀ ਦੇ ਹਲਕਾ ਖੇਮਕਰਨ ਤੋਂ ਮੌਜੂਦਾ ਵਿਧਾਇਕ ਸਰਵਣ ਸਿੰਘ ਧੁੰਨ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਜਾਣਕਾਰੀ ਦਿੰਦੇ ਦੱਸਿਆ ਕਿ ਇਕ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਜਸ਼ਨਪ੍ਰੀਤ ਸਿੰਘ ਨਾਲ ਉਸ ਦਾ ਕੋਈ ਵੀ ਸਬੰਧ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵਿਰੋਧੀ ਪਾਰਟੀਆਂ ਵੱਲੋਂ ਜਸ਼ਨਪ੍ਰੀਤ ਸਿੰਘ ਨੂੰ ਉਸ ਦਾ ਸਕਾ ਭਤੀਜਾ ਦੱਸਿਆ ਜਾ ਰਿਹਾ ਹੈ ਜੋ ਕਿ ਬਿਲਕੁਲ ਗ਼ਲਤ ਹੈ। ਉਨ੍ਹਾਂ ਪੁਲਸ ਵੱਲੋਂ ਕੀਤੀ ਸਖ਼ਤ ਕਾਰਵਾਈ ਤੋਂ ਸੰਤੁਸ਼ਟੀ ਪ੍ਰਗਟਾਈ ਹੈ। ਵਿਧਾਇਕ ਨੇ ਦੱਸਿਆ ਕਿ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਹੈ ਤੇ ਉਸ ਦਾ ਕੋਈ ਸਕਾ ਭਰਾ ਨਹੀਂ ਹੈ। ਵਿਰੋਧੀਆਂ ਵੱਲੋਂ ਲਾਏ ਇਲਜ਼ਾਮ 'ਤੇ ਬੋਲਦਿਆਂ ਵਿਧਾਇਕ ਨੇ ਕਿਹਾ ਕਿ ਇਹ ਮੈਨੂੰ ਅਤੇ ਮੇਰੀ ਪਾਰਟੀ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਹਨ ਤੇ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਵਿੱਚ ਭਰਤੀਆਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

ਸੁਖਬੀਰ ਬਾਦਲ ਨੇ 'ਆਪ' ਵਿਧਾਇਕ 'ਤੇ ਲਾਏ ਇਲਜ਼ਾਮ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਦੇ ਰਿਸ਼ਤੇਦਾਰ ਦੀ ਇਕ ਕਿਲੋ ਹੈਰੋਇਨ ਤੇ ਪਾਕਿਸਤਾਨ ਡਰੋਨ ਨਾਲ ਗ੍ਰਿਫ਼ਤਾਰੀ ਮਗਰੋਂ ਨਸ਼ਾ ਤਸਕਰੀ ਵਿਚ ਸ਼ਮੂਲੀਅਤ ਬਾਰੇ ਹੋਰ ਕੀ ਸਬੂਤ ਲੋੜੀਂਦੇ ਹਨ? ਜਾਰੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਰ-ਵਾਰ ਇਹ ਦਾਅਵਾ ਕਰਦਾ ਰਿਹਾ ਹੈ ਕਿ 'ਆਪ' ਵਿਧਾਇਕ ਨਸ਼ਾ ਤਸਕਰਾਂ ਨਾਲ ਰਲੇ ਹੋਏ ਹਨ ਤੇ ਉਹ ਸੂਬਾ ਪੁਲਸ ’ਤੇ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਵਾਸਤੇ ਦਬਾਅ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਧੁੰਨ ਦੇ ਭਾਣਜੇ ਦੀ ਗ੍ਰਿਫ਼ਤਾਰੀ ਸਾਬਤ ਕਰਦੀ ਹੈ ਕਿ 'ਆਪ' ਵਿਧਾਇਕ ਕਾਨੂੰਨ ਤੋਂ ਬਚ ਕੇ ਨਸ਼ਾ ਤਸਕਰੀ ਵਿਚ ਸ਼ਾਮਲ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਨਸ਼ਾ ਤਸਕਰੀ ਦਾ ਕਾਰੋਬਾਰ ਇੰਨਾ ਫੈਲ ਗਿਆ ਹੈ ਕਿ ਹਾਈ ਕੋਰਟ ਨੂੰ ਵੀ ਸੂਬਾ ਪੁਲਸ ’ਤੇ ਨਸ਼ਾ ਤਸਕਰਾਂ ਨਾਲ ਰਲੇ ਹੋਣ ਦਾ ਦੋੋਸ਼ ਲਾਉਣਾ ਪਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harnek Seechewal

This news is Content Editor Harnek Seechewal