ਐਮਰਜੈਂਸੀ ਨਾਲ ਨਜਿੱਠਣ ਲਈ ਕਰਵਾਈ ਮੌਕ ਡਰਿੱਲ, ਦਸੂਹਾ ਕੈਂਟ ਗਰਾਊਂਡ ''ਚ ਹੋਇਆ ਅਭਿਆਸ

Saturday, May 31, 2025 - 06:59 PM (IST)

ਐਮਰਜੈਂਸੀ ਨਾਲ ਨਜਿੱਠਣ ਲਈ ਕਰਵਾਈ ਮੌਕ ਡਰਿੱਲ, ਦਸੂਹਾ ਕੈਂਟ ਗਰਾਊਂਡ ''ਚ ਹੋਇਆ ਅਭਿਆਸ

ਹੁਸ਼ਿਆਰਪੁਰ (ਘੁੰਮਣ)- ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਵਾਸੀਆਂ ਨੂੰ ਐਮਰਜੈਂਸੀ ਸਥਿਤੀ ਵਿਚ ਸੁਰੱਖਿਆ ਅਤੇ ਬਚਾਅ ਪ੍ਰਤੀ ਜਾਗਰੂਕ ਕਰਨ ਅਤੇ ਪ੍ਰਸ਼ਾਸਨਿਕ ਤਿਆਰੀਆਂ ਦੀ ਜਾਂਚ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅੱਜ ਦਸੂਹਾ ਦੇ ਕੈਂਟ ਗਰਾਊਂਡ 'ਚ ਇਕ ਜ਼ਿਲ੍ਹਾ ਪੱਧਰੀ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ।  

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਹੁਣ ਆਦਮਪੁਰ ਤੋਂ ਇਸ ਰੂਟ ਲਈ ਸ਼ੁਰੂ ਹੋਵੇਗੀ ਸਿੱਧੀ ਫਲਾਈਟ

ਡਰਿੱਲ ਦੇ ਦ੍ਰਿਸ਼ ਅਨੁਸਾਰ ਇਕ ਮਿਲਟਰੀ ਸਟੇਸ਼ਨ ’ਤੇ ਦੁਸ਼ਮਣ ਦੇ ਡਰੋਨਾਂ ਦੇ ਝੁੰਡ ਵੱਲੋਂ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਸਟੇਸ਼ਨ ਕਮਾਂਡਰ ਨੇ ਸਿਵਲ ਪ੍ਰਸ਼ਾਸਨ ਤੋਂ ਮਦਦ ਮੰਗੀ। ਇਸ ਦੇ ਤਹਿਤ ਮੌਕੇ ’ਤੇ ਪਹੁੰਚੇ ਪ੍ਰਸ਼ਾਸਨ ਨੇ 20 ਪੀੜਤਾਂ ਨੂੰ ਸੁਰੱਖਿਅਤ ਸਥਾਨ ’ਤੇ ਪਹੁੰਚਾਉਣ ਦਾ ਅਭਿਆਸ ਕੀਤਾ। ਡਰਿੱਲ ਦੀ ਸਮਾਪਤੀ ’ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਅਭਿਆਸ ਸਰਕਾਰ ਦੀ ਚੌਕਸੀ ਨੀਤੀ ਦੇ ਤਹਿਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਜਾਂ ਐਮਰਜੈਂਸੀ ਸਥਿਤੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਜਕੁਸ਼ਲਤਾ ਅਤੇ ਤਾਲਮੇਲ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਿਰਫ਼ ਇਕ ਮਾਡਲ ਅਭਿਆਸ ਪ੍ਰਕਿਰਿਆ ਸੀ, ਜਿਸ ਕਾਰਨ ਆਮ ਜਨਤਾ ਨੂੰ ਡਰਨ ਜਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

PunjabKesari

ਉਨ੍ਹਾਂ ਕਿਹਾ ਕਿ ਮੌਕ ਡਰਿੱਲ ਦਾ ਮੁੱਖ ਮਕਸਦ ਜ਼ਿਲ੍ਹਾ ਵਾਸੀਆਂ ਨੂੰ ਅਜਿਹੀਆਂ ਸਥਿਤੀਆਂ ਨਾਲ ਨਜਿੱਠਣ ਲਈ ਮਾਨਸਿਕ ਤੌਰ ’ਤੇ ਤਿਆਰ ਕਰਨਾ ਹੈ। ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਜਾਗਰੂਕਤਾ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕ ਡਰਿੱਲ ਵਿੱਚ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਸਿਹਤ ਟੀਮਾਂ, 12 ਪੰਜਾਬ ਐੱਨ. ਸੀ. ਸੀ, ਐੱਨ. ਐੱਸ. ਐੱਸ. ਪੁਲਸ ਅਤੇ ਹੋਮ ਗਾਰਡ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਅਭਿਆਸ ਦੌਰਾਨ ਆਪਸੀ ਤਾਲਮੇਲ ਅਤੇ ਤੁਰੰਤ ਪ੍ਰਤੀਕਿਰਿਆ ਸਮਰੱਥਾ ਦੀ ਵੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ।  

ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

ਐੱਸ. ਡੀ. ਐੱਮ. ਦਸੂਹਾ ਕੰਵਲਜੀਤ ਸਿੰਘ ਨੇ ਮੌਕ ਡਰਿੱਲ ਦਾ ਸੰਚਾਲਨ ਕੀਤਾ ਅਤੇ ਪੰਜਾਬ ਪੁਲਸ, ਹੋਮ ਗਾਰਡ, ਸਿਵਲ ਡਿਫੈਂਸ, ਸਿਵਲ ਸਰਜਨ ਅਤੇ ਫਾਇਰ ਬ੍ਰਿਗੇਡ ਨਾਲ ਮਿਲ ਕੇ ਇਸ ਅਭਿਆਸ ਨੂੰ ਸਫ਼ਲਤਾਪੂਰਵਕ ਸੰਪਨ ਕਰਵਾਇਆ। ਡਰਿੱਲ ਦੌਰਾਨ ਆਮ ਨਾਗਰਿਕਾਂ ਦੀ ਮੌਜੂਦਗੀ ਵੀ ਰਹੀ, ਜਿਨ੍ਹਾਂ ਵਿਚੋਂ ਕਈ ਲੋਕਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਪ੍ਰਸ਼ਾਸਨ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਅਜਿਹੇ ਅਭਿਆਸ ਜਾਰੀ ਰਹਿਣਗੇ ਤਾਂ ਜੋ ਜ਼ਿਲ੍ਹੇ ਨੂੰ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹੋਰ ਵੀ ਸਮਰੱਥ ਬਣਾਇਆ ਜਾ ਸਕੇ। ਇਸ ਮੌਕੇ ਡੀ. ਐੱਸ. ਪੀ. ਬਲਵਿੰਦਰ ਸਿੰਘ, ਕੈਪਟਨ ਦਵਿੰਦਰ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਚੀਫ਼ ਵਾਰਡਨ ਸਿਵਲ ਡਿਫੈਂਸ ਲੋਕੇਸ਼ ਪੁਰੀ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਵਲੰਟੀਅਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ ਕੱਟਿਆ ਚਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News