ਕਿਸਾਨਾਂ ਦੀਆਂ ਬਾਕੀ ਮੰਗਾਂ ਵੀ ਮੰਨਣ ਮੋਦੀ : ਢੀਂਡਸਾ
Friday, Dec 03, 2021 - 01:29 AM (IST)
ਚੰਡੀਗੜ੍ਹ(ਅਸ਼ਵਨੀ)- ਖੇਤੀ ਸਬੰਧੀ ਕਾਲੇ ਕਾਨੂੰਨਾਂ ਦੀ ਵਾਪਸੀ ਵਾਲੇ ਕਾਨੂੰਨ ’ਤੇ ਦੇਸ਼ ਦੇ ਰਾਸ਼ਟਰਪਤੀ ਦੀ ਮੋਹਰ ਲੱਗਣ ਤੋਂ ਬਾਅਦ ਅਧਿਕਾਰਤ ਤੌਰ ’ਤੇ ਰੱਦ ਹੋਏ ਖੇਤੀ ਕਾਨੂੰਨਾਂ ’ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਇਕ ਵਾਰੀ ਫਿਰ ਸੰਘਰਸ਼ਸ਼ੀਲ ਕਿਸਾਨਾਂ ਨੂੰ ਵਧਾਈ ਦਿੰਦਿਆਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਬਕਾਇਆ ਮੰਗਾਂ ਵੀ ਪੂਰੀਆਂ ਕਰਨ ਦੀ ਅਪੀਲ ਕੀਤੀ ਹੈ।
ਢੀਂਡਸਾ ਨੇ ਕਿਸਾਨਾਂ ਦੀਆਂ ਅਹਿਮ ਮੰਗ ਫਸਲਾਂ ’ਤੇ ਐੱਮ. ਐੱਸ. ਪੀ. ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀਆਂ ਵਾਜਬ ਮੰਗਾਂ ਦਾ ਸਮਰਥਨ ਕਰਦਿਆਂ ਕਿਹਾ ਕੇਂਦਰ ਸਰਕਾਰ ਨੂੰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਜ਼ਰੂਰ ਦੇਣਾ ਚਾਹੀਦਾ ਹੈ। ਢੀਂਡਸਾ ਨੇ ਪੰਜਾਬ ਸਰਕਾਰ ਨੂੰ ਵੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਢੀਂਡਸਾ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਕੀਤੇ ਮਾਮਲੇ ਰੱਦ ਕਰਨ ਦੀ ਵੀ ਅਪੀਲ ਕੀਤੀ ਹੈ।