ਲੋਕ ਸਭਾ ਚੋਣਾਂ : ਪੰਜਾਬ ਆਉਣ ਤੋਂ ਪਹਿਲਾਂ ਕਿਸਾਨਾਂ ਲਈ ਵੱਡਾ ਐਲਾਨ ਕਰ ਸਕਦੇ ਹਨ PM ਮੋਦੀ

05/19/2024 10:33:06 AM

ਲੁਧਿਆਣਾ (ਹਿਤੇਸ਼) : ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਵੋਟਿੰਗ ਲਈ ਕਾਫ਼ੀ ਘੱਟ ਸਮਾਂ ਬਾਕੀ ਰਹਿ ਗਿਆ ਹੈ। ਇਸ ਤੋਂ ਪਹਿਲਾਂ ਭਾਜਪਾ ਵੱਲੋਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਲਈ ਉਤਾਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਦੇ ਨਾਮ ਮੁੱਖ ਤੌਰ ’ਤੇ ਸ਼ਾਮਲ ਹਨ ਪਰ ਉਕਤ ਨੇਤਾਵਾਂ ਦੀਆਂ ਰੈਲੀਆਂ ਦੌਰਾਨ ਭਾਜਪਾ ਨੂੰ ਕਿਸਾਨਾਂ ਦੇ ਵਿਰੋਧ ਦਾ ਡਰ ਸਤਾ ਰਿਹਾ ਹੈ। ਹਾਲਾਂਕਿ ਕਿਸਾਨਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਮੋਦੀ ਵੱਲੋਂ 3 ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਭਾਜਪਾ ਪ੍ਰਤੀ ਕਿਸਾਨਾਂ ਦਾ ਗੁੱਸਾ ਘੱਟ ਨਹੀਂ ਹੋਇਆ, ਜਿਸ ਦੇ ਸੰਕੇਤ ਕਾਂਗਰਸ ਸਰਕਾਰ ਦੌਰਾਨ ਪੰਜਾਬ ਆਏ ਮੋਦੀ ਦਾ ਰਸਤਾ ਰੋਕਣ ਤੋਂ ਮਿਲ ਚੁੱਕੇ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : PM ਮੋਦੀ ਪੰਜਾਬ ’ਚ ਕਰਨਗੇ 8 ਰੈਲੀਆਂ, 2 ਰੈਲੀਆਂ ਦਾ ਸ਼ਡਿਊਲ ਜਾਰੀ

ਹੁਣ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਿਸਾਨਾਂ ਵੱਲੋਂ ਫਿਰ ਤੋਂ ਆਪਣੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਇਸ ਦੌਰਾਨ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਣ ਦੇ ਮੁੱਦੇ ’ਤੇ ਕੇਂਦਰ ਸਰਕਾਰ ਦੇ ਨਾਲ ਟਕਰਾਅ ਵੱਧ ਗਿਆ ਹੈ, ਜਿਸ ਤਹਿਤ ਲੋਕ ਸਭਾ ਚੋਣਾਂ ਦੌਰਾਨ ਪਿੰਡਾਂ ’ਚ ਜਾਣ ਵਾਲੇ ਭਾਜਪਾ ਦੇ ਉਮੀਦਵਾਰਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਮੱਦੇਨਜ਼ਰ ਹੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹੁਣ ਕਿਸਾਨਾਂ ਵੱਲੋਂ ਮੋਦੀ ਜਾਂ ਭਾਜਪਾ ਦੇ ਕਿਸੇ ਹੋਰ ਵੱਡੇ ਨੇਤਾਵਾਂ ਦੀਆਂ ਰੈਲੀਆਂ ਦੌਰਾਨ ਵੀ ਵਿਰੋਧ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਧਰ, ਇਸ ਚਿਤਾਵਨੀ ਨੂੰ ਧਿਆਨ ’ਚ ਰੱਖਦੇ ਹੋਏ ਭਾਜਪਾ ਵੱਲੋਂ ਵੀ ਰਣਨੀਤੀ ਬਣਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡਾਂ ’ਚ ਹੋ ਰਹੇ ਵਿਰੋਧ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਮੋਦੀ ਪੰਜਾਬ ਆਉਣ ਤੋਂ ਪਹਿਲਾਂ ਕਿਸਾਨਾਂ ਨੂੰ ਰਾਹਤ ਦੇਣ ਨਾਲ ਜੁੜੇ ਵੱਡੇ ਐਲਾਨ ਕਰ ਸਕਦੇ ਹਨ।

ਇਹ ਵੀ ਪੜ੍ਹੋ : 2 ਦਿਨਾਂ ਲਈ High Alert, ਧਿਆਨ ਦੇਣ ਲੋਕ, ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲਣ ਬਾਹਰ
ਯੋਗੀ ਸਮੇਤ ਦੂਜੇ ਰਾਜਾਂ ਦੇ ਨੇਤਾਵਾਂ ਦਾ ਵੀ ਦੇਖਣ ਨੂੰ ਮਿਲੇਗਾ ਜਮਾਵੜਾ
ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਮੋਦੀ ਜਾਂ ਹੋਰ ਕੇਂਦਰੀ ਮੰਤਰੀਆਂ ਤੋਂ ਇਲਾਵਾ ਦੂਜੇ ਰਾਜਾਂ ਦੇ ਨੇਤਾਵਾਂ ਦਾ ਵੀ ਜਮਾਵੜਾ ਦੇਖਣ ਨੂੰ ਮਿਲੇਗਾ, ਜਿਨ੍ਹਾਂ ’ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦਾ ਕ੍ਰੇਜ਼ ਸਭ ਤੋਂ ਵੱਧ ਹੈ, ਜਿਨ੍ਹਾਂ ਨੂੰ ਪੰਜਾਬ ’ਚ 3 ਥਾਈਂ ਰੈਲੀਆਂ ਕਰਨ ਦਾ ਪ੍ਰੋਗਰਾਮ ਬਣਾ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਰਾਜਸਥਾਨ ਤੋਂ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ, ਕੈਲਾਸ਼ ਚੌਧਰੀ ਨੇ ਕਈ ਦਿਨਾਂ ਤੋਂ ਪੰਜਾਬ ’ਚ ਡੇਰਾ ਜਮਾਇਆ ਹੋਇਆ ਹੈ। ਇਸ ਤੋਂ ਇਲਾਵਾ ਅਸਮ ਦੇ ਮੁੱਖ ਮੰਤਰੀ ਹੇਮੰਤ ਵਿਸ਼ਵ ਸ਼ਰਮਾ ਪਟਿਆਲਾ ਤੋਂ ਪਰਨੀਤ ਕੌਰ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਦੌਰਾਨ ਆਏ ਸਨ। ਹੁਣ ਪੰਜਾਬ ’ਚ ਰਹਿਣ ਵਾਲੇ ਰਾਜਸਥਾਨ ਦੇ ਲੋਕਾਂ ਨੂੰ ਸਾਧਣ ਲਈ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਆ ਰਹੇ ਹਨ ਅਤੇ ਆਉਣ ਵਾਲੇ ਦਿਨਾਂ ’ਚ ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰ ਪਟੇਲ ਦਾ ਵੀ ਇਸੇ ਮਕਸਦ ਨਾਲ ਪੰਜਾਬ ਆਉਣ ਦਾ ਪ੍ਰੋਗਰਾਮ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News