ਮੋਦੀ ਸਰਕਾਰ ਦਾ ਸਿੱਧਾ ਹਮਲਾ ਹੈ ਬੰਨ੍ਹਾਂ ਤੋਂ ਪੁਲਸ ਅਤੇ ਚੰਡੀਗੜ੍ਹ ਤੋਂ ਪੰਜਾਬ ਦੇ ਕਰਮਚਾਰੀਆਂ ਨੂੰ ਬਾਹਰ ਕਰਨਾ : ਮਾਨ

Friday, Mar 04, 2022 - 10:20 AM (IST)

ਮੋਦੀ ਸਰਕਾਰ ਦਾ ਸਿੱਧਾ ਹਮਲਾ ਹੈ ਬੰਨ੍ਹਾਂ ਤੋਂ ਪੁਲਸ ਅਤੇ ਚੰਡੀਗੜ੍ਹ ਤੋਂ ਪੰਜਾਬ ਦੇ ਕਰਮਚਾਰੀਆਂ ਨੂੰ ਬਾਹਰ ਕਰਨਾ : ਮਾਨ

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲਗਾਤਾਰ ਪੰਜਾਬ ਨੂੰ ਉਸਦੇ ਅਧਿਕਾਰਾਂ ਤੋਂ ਵਾਂਝਾ ਕਰ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਵਿਚ ਪੰਜਾਬ ਦੀ ਮੈਂਬਰੀ ਖਤਮ ਕਰਨ ਤੋਂ ਬਾਅਦ ਮੋਦੀ ਸਰਕਾਰ ਨੇ ਹੁਣ ਪੰਜਾਬ ਪੁਲਸ ਨੂੰ ਬੰਨ੍ਹਾਂ ਦੀ ਸੁਰੱਖਿਆ ਤੋਂ ਹਟਾਉਣ ਅਤੇ ਰਾਜ ਦੇ ਡਾਕਟਰਾਂ ਨੂੰ ਚੰਡੀਗੜ੍ਹ ਦੀਆਂ ਸਰਕਾਰੀ ਸੇਵਾਵਾਂ ਤੋਂ ਹਟਾਉਣ ਦਾ ਫੈਸਲਾ ਲਿਆ ਹੈ। ਮਾਨ ਨੇ ਮੋਦੀ ਨੂੰ ਅਪੀਲ ਕੀਤੀ ਕਿ ਸਰਕਾਰ ਪਹਿਲਾਂ ਤੋਂ ਪੀੜਤ ਪੰਜਾਬੀਆਂ ਦੇ ਅਧਿਕਾਰਾਂ ਨੂੰ ਲੁੱਟ ਕੇ ਉਨ੍ਹਾਂ ਨੂੰ ਹੋਰ ਜ਼ਿਆਦਾ ਪ੍ਰੇਸ਼ਾਨ ਨਾ ਕਰੇ ਅਤੇ ਬੰਨ੍ਹਾਂ ਸਮੇਤ ਚੰਡੀਗੜ੍ਹ ਵਿਚ ਪੰਜਾਬ ਦੇ ਅਧਿਕਾਰਾਂ ਨੂੰ ਬਹਾਲ ਕਰੇ।       

ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰ ਭੋਲਾ ਸ਼ੂਟਰ ਦੀ ਸ਼ੱਕੀ ਹਾਲਾਤ 'ਚ ਮੌਤ

ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਅਮਲ ਵਿਚ ਲਿਆਂਦੇ ਹਨ। ਕਾਂਗਰਸ ਤੋਂ ਬਾਅਦ ਭਾਜਪਾ ਸਰਕਾਰ ਪੰਜਾਬ ਦੀ ਧਰਤੀ ’ਤੇ ਬਣੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਵਿਚੋਂ ਪੰਜਾਬ ਨੂੰ ਹੀ ਬਾਹਰ ਕੱਢਣ ਦੇ ਫ਼ੈਸਲੇ ਨੂੰ ਲਾਗੂ ਕਰ ਰਹੀ ਹੈ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਤੋਂ ਬਾਅਦ ਡੈਮਾਂ ਦੀ ਸੁਰੱਖਿਆ ਵਿਚ ਲੱਗੀ ਪੰਜਾਬ ਪੁਲਸ ਫੋਰਸ ਨੂੰ ਵੀ ਹਟਾ ਦਿੱਤਾ ਹੈ। ਬੋਰਡ ਦੇ ਤਿੰਨ ਡੈਮਾਂ ਦੀ ਸੁਰੱਖਿਆ ਲਈ ਕੇਂਦਰੀ ਸਨਅਤੀ ਸੁਰੱਖਿਆ ਫੋਰਸ ਨੂੰ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ, ਜਦੋਂ ਕਿ ਡੈਮਾਂ ਦੀ ਸੁਰੱਖਿਆ ’ਤੇ ਖਰਚ ਆਉਂਦੇ 90 ਕਰੋੜ ਰੁਪਏ ਪੰਜਾਬ ਸਮੇਤ ਹਿੱਸੇਦਾਰਾਂ ਕੋਲੋਂ ਵਸੂਲ ਕੀਤੇ ਜਾਣਗੇ। ਮੋਦੀ ਸਰਕਾਰ ਨੇ ਪੰਜਾਬ ਦੀ ਧਰਤੀ ’ਤੇ ਬਣੇ ਆਧੁਨਿਕ ਸ਼ਹਿਰ ਅਤੇ ਰਾਜਧਾਨੀ ਚੰਡੀਗੜ੍ਹ ਵਿਚੋਂ ਸੂਬੇ ਦੇ 112 ਡਾਕਟਰਾਂ ਨੂੰ ਬਾਹਰ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਪਹਿਲਾਂ ਇਹ ਧੱਕਾ ਕੇਂਦਰ ਵਿਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ੍ਹ ਲਿਆ ਹੈ। ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ’ਤੇ ਡਾਕੇ ਮਾਰਨ ਵਿਚ ਲੱਗੀ ਹੋਈ ਹੈ, ਜੋ ਭਾਰਤ ਦੀ ਸੰਘੀ ਵਿਵਸਥਾ ’ਤੇ ਵੀ ਸਿੱਧਾ ਹਮਲਾ ਹੈ।

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


author

Anuradha

Content Editor

Related News