ਪੰਜਾਬੀਆਂ ਨੂੰ ਦਬਾਉਣਾ ਬੰਦ ਕਰੇ ਮੋਦੀ ਸਰਕਾਰ, ਅਸੀਂ ਨਾ ਝੁਕੇ ਨਾ ਝੁਕਾਂਗੇ : ਬਰਿੰਦਰ ਢਿੱਲੋਂ
Saturday, Sep 19, 2020 - 05:23 PM (IST)
ਚੰਡੀਗੜ੍ਹ (ਰਮਨਜੀਤ) : ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਖੇਤੀ ਆਰਡੀਨੈਂਸ ਪਾਸ ਕਰ ਕੇ ਪੰਜਾਬੀ ਕਿਸਾਨਾਂ ਨੂੰ ਦਬਾਉਣ ਦੀ ਸਾਜਿਸ਼ ਕਰ ਰਹੀ ਹੈ। ਇਹ ਤਿੱਖਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਮੋਦੀ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ 'ਤੇ ਅੱਤਿਆਚਾਰ ਕਰਨ ਤੋਂ ਗੁਰੇਜ ਕਰਨ ਲਈ ਕਿਹਾ। ਢਿੱਲੋਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਹ ਸੋਚ ਰਹੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਆਪਣੀ ਸ਼ਕਤੀ ਨਾਲ ਦਬਾ ਲਵੇਗੀ ਤਾਂ ਹੀ ਉਨ੍ਹਾਂ ਦਾ ਭਰਮ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਹੋਇਆਂ ਕੇਂਦਰ ਸਰਕਾਰ ਨੂੰ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਬਿਲ-ਕਾਨੂੰਨ ਪਾਸ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਸੀ।
ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਝਟਕਾ, ਬਲਾਕ ਸੰਮਤੀ ਮੈਂਬਰ ਸਮੇਤ ਕਰੀਬ 3 ਦਰਜਨ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਲ
ਢਿੱਲੋਂ ਨੇ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ 'ਚ ਮੋਦੀ ਸਰਕਾਰ ਭਾਵੇਂ ਪੂਰੇ ਦੇਸ਼ 'ਚ ਆਪਣੇ ਝੂਠ ਰਾਹੀਂ ਚੋਣਾਂ ਜਿੱਤਣ ਵਿਚ ਕਾਮਯਾਬ ਹੋ ਗਈ ਸੀ ਪਰ ਪੰਜਾਬੀਆਂ ਨੇ ਉਨ੍ਹਾਂ ਦੇ ਝੂਠ ਦਾ ਮੂੰਹ ਤੋੜਵਾਂ ਜਵਾਬ ਦਿੰਦਿਆਂ ਪੰਜਾਬ 'ਚੋਂ ਹਰਾ ਕੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀ ਕਦੇ ਵੀ ਸੱਚ ਤੋਂ ਪਿੱਛੇ ਨਹੀਂ ਹਟੇ ਹਨ ਅਤੇ ਇਕ ਵਾਰ ਫੇਰ ਉਹ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹਟਣਗੇ। ਉਨ੍ਹਾਂ ਕਿਹਾ ਕਿ ਮੋਦੀ ਅਤੇ ਬਾਦਲ ਵਿਧਾਨ ਸਭਾ ਵਿਚ ਆਪਣੀ ਹੋਈ ਹਾਰ ਨੂੰ ਹਜ਼ਮ ਨਹੀਂ ਕਰ ਰਹੇ ਅਤੇ ਹੁਣ ਉਹ ਪੰਜਾਬੀਆਂ 'ਤੇ ਬਦਲਾ ਲਊ ਨੀਤੀ ਦੇ ਤਹਿਤ ਕਾਲੇ ਕਾਨੂੰਨ ਥੋਪ ਰਹੇ ਹਨ। ਸਮੂਹ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਨੇ 20 ਸਤੰਬਰ ਨੂੰ ਯੂਥ ਕਾਂਗਰਸ ਵਲੋਂ ਕੀਤੇ ਜਾ ਰਹੇ 'ਕਿਸਾਨ ਰੋਸ ਮਾਰਚ' ਲਈ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਸਮੂਹ ਨੌਜਵਾਨਾਂ ਦੇ ਸਹਿਯੋਗ ਨਾਲ ਡੇਰਾ ਬੱਸੀ ਤੋਂ ਦਿੱਲੀ ਤੱਕ ਟਰੈਕਟਰ ਮਾਰਚ ਕੱਢੇਗੀ। ਉਨ੍ਹਾਂ ਮੁੜ ਦੁਹਰਾਇਆ ਕਿ ਕਾਂਗਰਸ ਅਜਿਹੇ ਕਾਲੇ ਕਾਨੂੰਨ ਨੂੰ ਵਾਪਿਸ ਕਰਵਾਉਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰਦੀ ਰਹੇਗੀ।
ਇਹ ਵੀ ਪੜ੍ਹੋ : ਕਿਸਾਨਾਂ ਦੇ ਮਾਮਲਿਆਂ 'ਤੇ ਗੁਮਰਾਹ ਕਰ ਰਹੀ ਹੈ 'ਕਿਸਾਨ ਦੀ ਧੀ'