ਮੋਦੀ ਸਰਕਾਰ ਬਿਨਾ ਦੇਰੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ : ‘ਆਪ’

12/29/2020 11:12:59 PM

ਚੰਡੀਗੜ੍ਹ, (ਰਮਨਜੀਤ)- ਅੰਦੋਲਨਕਾਰੀ ਕਿਸਾਨਾਂ ਵਲੋਂ ਬੁੱਧਵਾਰ ਨੂੰ ਕੇਂਦਰ ਸਰਕਾਰ ਨਾਲ ਛੇਵੇਂ ਗੇੜ ਦੀ ਗੱਲਬਾਤ ਦਾ ਪ੍ਰਸਤਾਵ ਸਵੀਕਾਰ ਕਰਨ ’ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਕੇ ਸਮੱਸਿਆ ਦਾ ਛੇਤੀ ਹੱਲ ਕਰੇ। ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਹੋਣ ਵਾਲੀ ਗੱਲ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨ ਦਾ ਮਸਲਾ ਹੱਲ ਕਰਨ ਲਈ ਜ਼ਰੂਰੀ ਕਦਮ ਚੁੱਕੇ ਅਤੇ ਕਿਸਾਨਾਂ ਵਲੋਂ ਪ੍ਰਸਤਾਵਿਤ 4 ਸੂਤਰੀ ਏਜੰਡੇ ਨੂੰ ਤੁਰੰਤ ਸਵੀਕਾਰ ਕਰੇ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਬਣਾਏ ਗਏ ਇਹ ਕਾਲੇ ਕਾਨੂੰਨ ਸਿਰਫ਼ ਕਿਸਾਨਾਂ ਵਿਰੋਧੀ ਹੀ ਨਹੀਂ, ਸਗੋਂ ਇਹ ਦੇਸ਼ ਦੇ ਗਰੀਬ, ਮਜ਼ਦੂਰ, ਨਿਮਨ ਅਤੇ ਮੱਧ ਵਰਗ ਦੇ ਲੋਕਾਂ ਨੂੰ ਵੀ ਨੁਕਸਾਨ ਪਹੁੰਚਾਉਣ ਵਾਲੇ ਹਨ। ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕੜਾਕੇ ਦੀ ਠੰਢ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਵਾਜਿਬ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ।


Bharat Thapa

Content Editor

Related News