''ਮੋਦੀ ਸਰਕਾਰ ਨੇ ਅਕਾਲੀ ਦਲ ਨੂੰ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲੜਨ ਤੋਂ ਰੋਕਣ ਦੀ ਕੀਤੀ ਕੋਸ਼ਿਸ਼''
Thursday, Apr 01, 2021 - 10:28 PM (IST)
ਅਜਨਾਲਾ, (ਫਰਿਆਦ)- ਕੇਂਦਰ ਦੀ ਮੋਦੀ ਸਰਕਾਰ ਵਲੋਂ ‘ਆਪ’, ਸਰਨਿਆਂ ਅਤੇ ਜੀ. ਕੇ. ਧੜਿਆਂ ਨਾਲ ਰਲ ਕੇ ਅਕਾਲੀ ਦਲ (ਬ) ਨੂੰ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲੜਨ ਤੋਂ ਰੋਕਣ ਦਾ ਯਤਨ ਕੀਤਾ ਜਾ ਰਿਹਾ ਹੈ ਕਿਉਂਕਿ ਅਕਾਲੀ ਦਲ ਨੇ ਸ਼ੁਰੂ ਤੋਂ ਹੀ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਹੈ।
ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਅਜਨਾਲਾ ਹਲਕੇ ’ਚ ਸ਼੍ਰੋਅਦ (ਬ) ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਪ੍ਰਧਾਨਗੀ ’ਚ ਸਥਾਨਕ ਨਵੀਂ ਦਾਣਾ ਮੰਡੀ ਅਜਨਾਲਾ ਵਿਖੇ ‘ਪੰਜਾਬ ਮੰਗਦਾ ਜਵਾਬ’ ਮੁਹਿੰਮ ਤਹਿਤ ਕਰਵਾਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 3187 ਨਵੇਂ ਮਾਮਲੇ ਆਏ ਸਾਹਮਣੇ, 60 ਦੀ ਮੌਤ
ਇਸ ਮੌਕੇ ਉਨ੍ਹਾਂ ਅਕਾਲ ਪੁਰਖ ਦਾ ਸ਼ੁਕਰਰਨਾ ਕਰਦਿਆਂ ਕਿਹਾ ਕਿ ਦਿੱਲੀ ਹਾਈਕੋਰਟ ਨੇ ਦਿੱਲੀ ਗੁਰਦੁਆਰਾ ਚੋਣ ਵਿਭਾਗ ਦੇ ਉਸ ਹੁਕਮ ’ਤੇ ਰੋਕ ਲਾ ਦਿੱਤੀ, ਜਿਸ ਤਹਿਤ ਅਕਾਲੀ ਦਲ ਨੂੰ 25 ਅਪ੍ਰੈਲ ਨੂੰ ਹੋਣ ਜਾ ਰਹੀਆਂ ਚੋਣਾਂ ਲੜਨ ਤੋਂ ਰੋਕਿਆ ਗਿਆ ਸੀ। ਉਨ੍ਹਾਂ ਇਸ ਲੁਕਵੇਂ ਯਤਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਉਕਤ ਧਿਰਾਂ ਆਪਣੇ ਆਪ ਨੂੰ ਹਰਮਨ ਪਿਆਰਾ ਸਮਝਦੀਆਂ ਹਨ ਤਾਂ ਉਹ ਚੋਣਾਂ ਲੜਨ ਤੋਂ ਭੱਜ ਕਿਉਂ ਰਹੀਆਂ ਹਨ।
ਇਸ ਤੋਂ ਪਹਿਲਾਂ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੋਦੀ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡ ਰਹੇ ਹੋਣ ਕਾਰਣ ਕੈਪਟਨ ਹਾੜੀ ਸੀਜ਼ਨ ਲਈ ਕਣਕ ਦੀ ਸਰਕਾਰੀ ਖਰੀਦ ਲਈ ਅਦਾਇਗੀ ਸਿੱਧਾ ਕਿਸਾਨਾਂ ਦੇ ਖਾਤੇ ’ਚ ਕਰਨ ਦੀ ਸਕੀਮ ਡੀ.ਬੀ.ਟੀ. ਨੂੰ ਲਾਗੂ ਕਰਨ ਦੀ ਥਾਂ ਇਸਨੂੰ ਲਾਗੂ ਕਰਨ ਲਈ ਸਮਾਂ ਮੰਗ ਰਹੇ ਹਨ।
ਇਸ ਮੌਕੇ ਉਨ੍ਹਾਂ ਹਲਕਾ ਅਜਨਾਲਾ ਦੇ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਉਮੀਦਵਾਰ ਐਲਾਨਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਰਹੱਦ ਕੋਲ ਰਾਵੀ ਦਰਿਆ ਤੋਂ ਪਾਰ ਖੇਤੀਬਾੜੀ ਕਰਨ ਜਾਂਦੇ ਕਿਸਾਨਾਂ ਦੀ ਸੌਖ ਲਈ ਪੁੱਲਾਂ ਦਾ ਨਿਰਮਾਣ ਕਰਨ ਤੋਂ ਇਲਾਵਾ ਰਮਦਾਸ ਵਿਖੇ ਲੜਕੀਆਂ ਲਈ ਬਹੁ-ਤਕਨੀਕੀ ਸਿੱਖਿਆ ਸੰਸਥਾ ਸਥਾਪਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜ਼ਮੀਨ ਦੇ ਠੇਕੇ ਦੀ ਰਕਮ ਜਮਾਂ ਨਾ ਕਰਵਾਉਣ 'ਤੇ ਸਰਪੰਚ ਮੁਅੱਤਲ
ਇਸ ਰੈਲੀ ਨੂੰ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਪ੍ਰਧਾਨ ਵੀਰ ਸਿੰਘ ਲੋਪੋਕੇ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਜੱਥੇਦਾਕ ਅਮਰੀਕ ਸਿੰਘ ਵਿਛੋਆ, ਚੇਅਰਮੈਨ ਰੂਬੀ ਗੁੱਝਾਪੀਰ, ਜਥੇਦਾਰ ਮੁਖਤਾਰ ਸਿੰਘ ਸੂਫੀ, ਸਾਬਕਾ ਚੇਅਰਮੈਨ ਚੌਧਰੀ ਅਸ਼ੋਕ ਕੁਮਾਰ ਮੰਨਣ, ਐਡਵੋਕੇਟ ਜਤਿੰਦਰ ਸਿੰਘ ਚੌਹਾਨ ਆਦਿ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਵੱਡੀ ਗਿਣਤੀ ਅਕਾਲੀ ਆਗੂਆਂ ’ਚ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਇਕਬਾਲ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਟਿੱਕਾ, ਰਾਣਾ ਰਣਬੀਰ ਸਿੰਘ ਲੋਪੋਕੇ, ਬੀਬੀ ਡਾ. ਅਵਤਾਰ ਕੌਰ ਅਜਨਾਲਾ, ਮਿੰਨੀ ਬੱਸ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ, ਹਰਦਿਆਲ ਸਿੰਘ ਬਾਜਵਾ ਆੜ੍ਹਤੀ, ਗੁਰਮੱਖ ਸਿੰਘ ਲੱਲਾ ਅਫ਼ਗਾਨਾ, ਡਾ. ਅਨੂੰ ਕੌਰ ਅਜਨਾਲਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ।