20 ਦੀ ਬਰਨਾਲਾ ਰੈਲੀ ਕਰੇਗੀ ਲੋਕ ਸਭਾ ਚੋਣਾਂ ਦਾ ਆਗਾਜ਼ : ਵਿਧਾਇਕ ਬਿਲਾਸਪੁਰ
Wednesday, Jan 16, 2019 - 09:32 AM (IST)

ਮੋਗਾ (ਜਗਸੀਰ, ਬਾਵਾ)-20 ਜਨਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਲੋਕ ਸਭਾ ਚੋਣਾਂ ਦਾ ਆਗਾਜ਼ ਕਰੇਗੀ। ਪਾਰਟੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮਦ ਨੂੰ ਲੈ ਕੇ ਪਾਰਟੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਸ਼ਬਦ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਤੋਂ ਅੱਕੇ ਪਏ ਹਨ। ਕਿਸਾਨ, ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਚੋਣ ਵਾਅਦਿਆਂ ਦੀ ਪੂਰਤੀ ਨਾ ਕਰ ਸਕਣ ਸਦਕਾ ਕਾਂਗਰਸ ਸਰਕਾਰ ਤੋਂ ਖਫਾ ਹਨ। ਪੰਜਾਬੀ ਲੋਕ ਅਕਾਲੀ-ਭਾਜਪਾ ਗੱਠਜੋਡ਼ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ। ਸਾਰੇ ਵਰਗਾਂ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਉਨ੍ਹਾਂ ਲਈ ਆਮ ਆਦਮੀ ਪਾਰਟੀ ਹੀ ਆਸ ਦੀ ਕਿਰਨ ਹੈ। ਰੈਲੀ ਨੂੰ ਲੈ ਕੇ ਆਪ ਆਗੂਆਂ ਵੱਲੋਂ ਪਿੰਡ-ਪਿੰਡ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਪ੍ਰਤੀ ਆਪ ਵਰਕਰਾਂ ਅਤੇ ਇਨਸਾਫ ਪਸੰਦ ਲੋਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਿਧਾਇਕ ਬਿਲਾਸਪੁਰ ਨੇ ਹਰ ਵਰਗ ਦੇ ਲੋਕਾਂ ਨੂੰ ਰੈਲੀ ’ਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਰੈਲੀ ਨਵਾਂ ਰਿਕਾਰਡ ਸਥਾਪਤ ਕਰੇਗੀ।