ਕਾਂਗਰਸ ਸਰਕਾਰ ਵਾਅਦਿਆਂ ਤੋਂ ਭੱਜਣ ਲੱਗੀ : ਸੁਖਵਿੰਦਰ ਬਰਾਡ਼
Friday, Mar 01, 2019 - 03:51 AM (IST)

ਮੋਗਾ (ਗੋਪੀ ਰਾਊਕੇ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾਡ਼ ਦਾ ਅੱਜ ਪਿੰਡ ਖੁਖਰਾਣਾ ਪੁੱਜਣ ’ਤੇ ਟਕਸਾਲੀ ਅਕਾਲੀ ਵਰਕਰਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਅਤੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਰਣਧੀਰ ਸਿੰਘ ਧੀਰਾ ਸੇਖੋਂ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਸੁਖਵਿੰਦਰ ਸਿੰਘ ਬਰਾਡ਼ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ 2019 ਦੀਆਂ ਲੋਕ ਸਭਾ ਚੋਣਾਂ ਲਈ ਆਮ ਲੋਕਾਂ ਨੂੰ ਜਿੱਥੇ ਅਕਾਲੀ ਦਲ ਦੇ ਹੱਕ ਵਿਚ ਲਾਮਬੰਦ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਉੱਥੇ ਹੀ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਤੋਂ ‘ਭੱਜਣ’ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ। ਮੀਟਿੰਗ ਦੌਰਾਨ ਸੁਖਵਿੰਦਰ ਸਿੰਘ ਬਰਾਡ਼ ਨੂੰ ਪਿੰਡ ਵਾਸੀਆਂ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਚ ਬਲਵੀਰ ਸਿੰਘ, ਪੰਚ ਨਛੱਤਰ ਸਿੰਘ, ਹਰਮੇਲ ਸਿੰਘ, ਡਾ. ਭਾਗ ਸੰਧੂ, ਮੱਖਣ ਸਿੰਘ, ਸੁਖਦੇਵ ਸਿੰਘ, ਜਸਪ੍ਰੀਤ ਸਿੰਘ, ਬੀਰ ਸਿੰਘ ਅਤੇ ਡਾ. ਤਾਰਾ ਸਿੰਘ ਹਾਜ਼ਰ ਸਨ।