ਪੰਜਾਬ ''ਚ ਸਭ ਤੋਂ ਵੱਧ ਫਾਰਮ ਭਰਨ ਵਾਲੇ ਆਗੂ ਬਣੇ ਸਨ ਡਾ. ਕਮਲ
Saturday, Jan 06, 2018 - 11:39 AM (IST)
ਮੋਗਾ (ਗਰੋਵਰ, ਗੋਪੀ) - ਪੰਜਾਬ ਦੀ ਕੈਪਟਨ ਸਰਕਾਰ ਦੇ ਉੱਦਮਾਂ ਸਦਕਾ ਜਲਦ ਹੀ 2.5 ਏਕੜ ਤੱਕ ਦੀ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫੀ ਆਪਣੇ ਪਹਿਲੇ ਪੜਾਅ 'ਚ ਪ੍ਰਵੇਸ਼ ਕਰ ਚੁੱਕਾ ਹੈ, ਜਿਸਦੇ ਤਹਿਤ ਮਾਨਸਾ ਵਿਖੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ 7 ਜਨਵਰੀ ਨੂੰ ਜਾਰੀ ਕੀਤੀ ਜਾ ਰਹੀ ਹੈ।
ਇਸ ਸਬੰਧ 'ਚ ਮੋਗਾ ਹਲਕੇ ਦੇ ਐੱਮ. ਐੱਲ. ਏ. ਡਾ. ਹਰਜੋਤ ਕਮਲ ਨੇ ਕਿਸਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਵਾਅਦੇ ਵੋਟਾਂ ਤੋਂ ਪਹਿਲਾਂ ਕੀਤੇ ਸਨ, ਉਨ੍ਹਾਂ ਨੂੰ ਹੂ-ਬਹੂ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸੱਚੇ ਸਾਥੀ ਅਤੇ ਪੰਜਾਬ ਸਰਕਾਰ ਲੋਕਾਂ ਦੀ ਹਿਤੈਸ਼ੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਲਈ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਅਫਸਰਾਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਅਫਸਰ ਕਿਸਾਨਾਂ ਦੀ ਜ਼ਮੀਨ ਸਬੰਧੀ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਕਿ ਜ਼ਰੂਰਤਮੰਦ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਕੋਈ ਵੀ ਕਿਸਾਨ ਆਪਣੇ ਹੱਕਾਂ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ ਤਾਂ ਕਿ ਪਿਛਲੇ ਲੰਬੇ ਸਮੇਂ ਤੋਂ ਨਿਰਾਸ਼ਾ ਦੇ ਆਲਮ 'ਚ ਡੁੱਬੀ ਕਿਸਾਨੀ ਨੂੰ ਖੁਸ਼ਹਾਲ ਬਣਾਇਆ ਜਾ ਸਕੇ ਅਤੇ ਕਿਸਾਨੀ ਨੂੰ ਇਕ ਲਾਹੇਵੰਦ ਧੰਦਾ ਬਣਾਇਆ ਜਾ ਸਕੇ।
