ਮੋਗਾ ਪੁਲਸ ਵੱਲੋਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 3 ਦਿਨ ਦਾ ਪੁਲਸ ਰਿਮਾਂਡ
Monday, Oct 12, 2026 - 08:49 AM (IST)
ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਮੋਗਾ ਜ਼ਿਲੇ ਵਿਚ ਗੰਭੀਰ ਵਾਰਦਾਤਾਂ ਦੀ ਯੋਜਨਾ ਬਣਾਉਣ ਵਾਲੇ ਗਿਰੋਹਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਮੋਗਾ ਪੁਲਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਥਾਣਾ ਸਿਟੀ ਮੋਗਾ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਪੁਲਸ ਪਾਰਟੀ ਸਮੇਤ ਜ਼ਿਲ੍ਹੇ ਵਿਚ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਗਿਰੋਹ ਦੇ 3 ਮੈਂਬਰਾਂ ਨੂੰ ਅਸਲੇ, ਕਾਰਤੂਸਾਂ ਅਤੇ ਨਕਦੀ ਸਮੇਤ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ. ਸਿਟੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਦੋਂ ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ, ਸਹਾਇਕ ਥਾਣੇਦਾਰ ਬਲਜੀਤ ਸਿੰਘ, ਹੌਲਦਾਰ ਸੁਰਿੰਦਰ ਪਾਲ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਨਾਲ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਤਿਕੋਣੀ ਲੰਡੇਕੇ ਨੇੜੇ ਪਹੁੰਚਣ ’ਤੇ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਮੋਗਾ ਜ਼ਿਲ੍ਹੇ ਵਿਚ ਹਥਿਆਰਬੰਦ ਨੌਜਵਾਨ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰੀ PRTC ਬੱਸ ਨਾਲ ਭਿਆਨਕ ਹਾਦਸਾ, ਕਾਰ ਨਾਲ ਹੋਈ ਜ਼ੋਰਦਾਰ ਟੱਕਰ
ਸੂਚਨਾ ਅਨੁਸਾਰ ਕਰਨ, ਸੁਖਪ੍ਰੀਤ ਸਿੰਘ ਵਾਸੀ ਮਾਛੀਆਂ ਬਸਤੀ, ਜੀਰਾ ਅਤੇ ਗੁਰਸੇਵਕ ਸਿੰਘ ਵਾਸੀ ਬਾਹੋਨਾ ਚੌਕ, ਮੋਗਾ ਨੇ ਮਿਲ ਕੇ ਆਪਣਾ ਇੱਕ ਗਿਰੋਹ ਬਣਾਇਆ ਹੋਇਆ ਹੈ। ਉਹ ਗੰਭੀਰ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ। ਅੱਜ ਉਹ ਐੱਮ.ਪੀ. ਬਸਤੀ ਲੰਡੇਕੇ ਨੇੜੇ ਇੱਕ ਸੁੰਨਸਾਨ ਥਾਂ ’ਤੇ ਆਪਣੀ ਕਾਰ ਵਿਚ ਬੈਠ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਕੋਲ ਅਸਲਾ ਵੀ ਮੌਜੂਦ ਹੈ। ਇਸ ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸੀ ਗਈ ਥਾਂ ’ਤੇ ਛਾਪੇਮਾਰੀ ਕਰਕੇ ਗਿਰੋਹ ਦੇ ਤਿੰਨਾਂ ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਕੋਲੋਂ ਮੈਗਜ਼ੀਨਾਂ ਸਮੇਤ 30 ਬੋਰ ਦੇ 2 ਪਿਸਤੌਲ, 11 ਜ਼ਿੰਦਾ ਕਾਰਤੂਸ ਅਤੇ 49,200 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਦੀ ਕਾਰ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ। ਤਿੰਨਾਂ ਕਥਿਤ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਖੇ ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੁੰਭ ਮੇਲੇ ਦੇ ਸ਼ਰਧਾਲੂਆਂ ਲਈ ਖ਼ਤਰੇ ਦੀ ਘੰਟੀ! ਧਰਤੀ ਹੇਠਲਾ ਪਾਣੀ ਜ਼ਹਿਰੀਲਾ, ਕੈਂਸਰ ਬਣਾਉਣ ਵਾਲਾ ਮਿਲਿਆ ਰਸਾਇਣ
ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਤਿੰਨਾਂ ਕਥਿਤ ਮੁਲਜ਼ਮਾਂ ਨੂੰ ਪੁੱਛਗਿੱਛ ਤੋਂ ਬਾਅਦ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਉਕਤ ਅਸਲਾ ਕਿੱਥੋਂ ਲੈ ਕੇ ਆਏ ਸਨ। ਥਾਣਾ ਮੁਖੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਕਰੀਬ 15 ਮਾਮਲੇ ਦਰਜ ਹਨ। ਉਹ ਥਾਣਾ ਸਿਟੀ ਸਾਊਥ ਤੋਂ ਇਲਾਵਾ ਥਾਣਾ ਸਦਰ ਅਤੇ ਥਾਣਾ ਸਿਟੀ ਜੀਰਾ ਵਿਖੇ ਦਰਜ ਮਾਮਲਿਆਂ ਵਿਚ ਵੀ ਭਗੌੜਾ ਹੈ। ਇਸੇ ਤਰ੍ਹਾਂ ਕਰਨ ਖ਼ਿਲਾਫ਼ ਵੀ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਵੱਲੋਂ ਇਸ ਗਿਰੋਹ ਨੂੰ ਸਮੇਂ ਸਿਰ ਕਾਬੂ ਨਾ ਕੀਤਾ ਜਾਂਦਾ ਤਾਂ ਉਹ ਜ਼ਿਲ੍ਹੇ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਸਨ। ਪੁਲਸ ਦੀ ਮੁਸਤੈਦੀ ਸਦਕਾ ਗਿਰੋਹ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਗਿਰੋਹ ਵਿਚ ਹੋਰ ਕੌਣ-ਕੌਣ ਸ਼ਾਮਲ ਹੈ। ਜਲਦੀ ਹੀ ਇਸ ਮਾਮਲੇ ਵਿਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
