ਮੋਹਾਲੀ : ਪਟਾਕਿਆਂ ਦੀ ਵਿਕਰੀ ਲਈ 44 ਲਾਇਸੈਂਸ ਜਾਰੀ

10/16/2019 7:08:58 PM

ਮੋਹਾਲੀ,(ਨਿਆਮੀਆਂ): ਜ਼ਿਲਾ ਮੋਹਾਲੀ 'ਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਗਿਰੀਸ਼ ਦਿਆਲਨ ਦੀ ਅਗਵਾਈ 'ਚ ਡਰਾਅ ਕੱਢਿਆ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 'ਚ ਲਾਇਸੈਂਸ ਜਾਰੀ ਕਰਨ ਲਈ ਅੱਜ ਡਰਾਅ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਸ਼ਿਕਾ ਜੈਨ, ਐੱਸ. ਡੀ. ਐੱਮ. ਜਗਦੀਪ ਸਹਿਗਲ ਤੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ ਦੀ ਹਾਜ਼ਰੀ 'ਚ ਕੱਢਿਆ ਗਿਆ। ਪਾਰਦਰਸ਼ੀ ਤੇ ਨਿਰਪੱਖ ਪਹੁੰਚ ਅਪਣਾਉਂਦਿਆਂ ਡਰਾਅ ਕੱਢਣ ਦੀ ਪ੍ਰਕਿਰਿਆ ਆਮ ਜਨਤਾ ਦੀ ਹਾਜ਼ਰੀ 'ਚ ਨੇਪਰੇ ਚਾੜ੍ਹੀ ਗਈ। ਡਰਾਅ ਤੋਂ ਇਕ ਪਾਸੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਜ਼ਿਲੇ ਭਰ ਦੇ 44 ਲਾਇਸੈਂਸਾਂ ਲਈ ਕੁੱਲ 1031 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ਵਿਚੋਂ 1026 ਠੀਕ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੋਹਾਲੀ, ਸੋਹਾਣਾ ਤੇ ਬਲੌਂਗੀ 'ਚ ਪਟਾਕਿਆਂ ਦੀ ਵਿਕਰੀ ਲਈ 14 ਲਾਇਸੈਂਸਾਂ ਵਾਸਤੇ 621 ਅਰਜ਼ੀਆਂ ਮਿਲੀਆਂ, ਜਦੋਂ ਕਿ ਕੁਰਾਲੀ ਵਿਚ ਪਟਾਕਿਆਂ ਦੀ ਵਿਕਰੀ ਲਈ 4 ਲਾਇਸੈਂਸ ਦਿੱਤੇ ਗਏ ਪਰ ਅਰਜ਼ੀਆਂ 52 ਪ੍ਰਾਪਤ ਹੋਈਆਂ ਸਨ।

ਜ਼ਿਲੇ ਵਿਚ ਪਟਾਕਿਆਂ ਦੀ ਵਿਕਰੀ ਨੂੰ ਸੁਚਾਰੂ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਦਿਆਲਨ ਨੇ ਕਿਹਾ ਕਿ ਜ਼ਿਲੇ ਵਿਚ ਪਟਾਕਿਆਂ ਦੀ ਵਿਕਰੀ ਲਈ ਸਿਰਫ਼ 14 ਥਾਵਾਂ ਨਿਰਧਾਰਤ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਕਿਤੇ ਵੀ ਹੋਰ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਸਚਿਤ ਸਮੇਂ 'ਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ 'ਚ ਪਟਾਕੇ ਚਲਾਉਣ ਤੇ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਪਟਾਕਿਆਂ ਦੇ ਵਪਾਰੀਆਂ ਨੂੰ ਸਥਾਈ ਲਾਇਸੈਂਸ ਜਾਰੀ ਕਰਨ ਤੋਂ ਰੋਕ ਲਾਈ ਹੋਈ ਹੈ। ਇਸ ਤੋਂ ਇਲਾਵਾ ਆਰਜ਼ੀ ਲਾਇਸੈਂਸ ਜਾਰੀ ਕਰਨ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਹੈ।