ਮੋਹਾਲੀ ਜ਼ਿਲ੍ਹੇ ਨੇ ਸਿਰਜਿਆ ਇਤਿਹਾਸ, ਇਕ ਦਿਨ ''ਚ ਲਾਏ 1.5 ਲੱਖ ਬੂਟੇ

Tuesday, Jul 23, 2024 - 05:02 PM (IST)

ਮੋਹਾਲੀ (ਨਿਆਮੀਆਂ) : ਜ਼ਿਲ੍ਹੇ 'ਚ ਵਾਤਾਵਰਣ ਦੀ ਸੰਭਾਲ ਲਈ ਹਰਿਆਵਲ ਨੂੰ ਵਧਾਉਣ ਦੇ ਮਕਸਦ ਨਾਲ ਮੋਹਾਲੀ ਪ੍ਰਸ਼ਾਸਨ ਨੇ ਮੰਗਲਵਾਰ ਨੂੰ 1.5 ਲੱਖ ਬੂਟੇ ਲਾ ਕੇ ਇਤਿਹਾਸ ਸਿਰਜਿਆ ਹੈ। ਇਸ ਇਤਿਹਾਸਕ ਪਹਿਲ ਕਦਮੀ ਦੀ ਸ਼ੁਰੂਆਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਲਾਲੜੂ-ਹੰਡੇਸਰਾ ਰੋਡ ’ਤੇ ਸਥਿਤ ਪਿੰਡ ਜੌਹਲਾਂ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਉਦਘਾਟਨੀ ਸਮਾਰੋਹ ਦੌਰਾਨ ਬੂਟਾ ਲਾ ਕੇ ਕੀਤੀ। ਇਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਨਾਲ ਲੈ ਕੇ ਕਰੀਬ 10 ਹਜ਼ਾਰ ਬੂਟੇ ਲਗਾਏ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਾਤਾਵਰਣ ਦੀ ਸੰਭਾਲ ਵੱਲ ਉਚੇਚਾ ਧਿਆਨ ਦੇ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ! ਚਿਤਾਵਨੀ ਦੇ ਬਾਵਜੂਦ ਵੀ ਨਹੀਂ ਕੀਤੀ ਜਾ ਰਹੀ ਪਰਵਾਹ

ਅੱਜ ਜਦੋਂ ਸਾਰੀ ਦੁਨੀਆਂ ਵਾਤਾਵਰਣ ਸਬੰਧੀ ਮੁਸ਼ਕਲਾਂ ਨਾਲ ਜੂਝ ਰਹੀ ਹੈ ਤਾਂ ਵਾਤਾਵਰਣ ਸੰਭਾਲ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਰਫ਼ਤਾਰ ਨਾਲ ਕਿਸਾਨ ਆਪਣੇ ਖੇਤਾਂ ਵਿਚੋਂ ਦਰੱਖਤ ਵੱਢ ਰਹੇ ਹਨ, ਉਸ ਹਿਸਾਬ ਨਾਲ ਆਉਣ ਵਾਲੀਆਂ ਨਸਲਾਂ ਨੂੰ ਸਾਹ ਲੈਣ ਜੋਗੀ ਆਕਸੀਜ਼ਨ ਵੀ ਨਹੀਂ ਮਿਲਣੀ। ਉਨ੍ਹਾਂ ਨੇ ਨਾਲ ਇਹ ਵੀ ਕਿਹਾ ਕਿ ਬੂਟੇ ਲਾਉਣ ਵੇਲੇ ਤਰਜ਼ੀਹ ਸਥਾਨਕ ਬੂਟੇ ਲਾਉਣ ਨੂੰ ਹੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ 'ਚ ਵਿਆਪਕ ਪੱਧਰ ’ਤੇ ਮਿਸ਼ਨ ਹਰਿਆਵਲ ਦਾ ਸੁਨੇਹਾ ਦੇਣ ਲਈ ਇਕ ਦਿਨ 'ਚ ਕੁੱਲ 1.5 ਲੱਖ ਬੂਟੇ ਲਗਾਏ ਗਏ ਹਨ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਅਚਾਨਕ ਨਹਿਰ 'ਚ ਡਿੱਗੀ ਕਾਰ, ਵਿੱਚ ਸਵਾਰ ਵਿਅਕਤੀ ਦੀ ਮੌਤ

ਉਨ੍ਹਾਂ ਕਿਹਾ ਕਿ ਵੱਡੇ ਪੱਧਰ ’ਤੇ ਪੌਦੇ ਲਗਾਉਣ ਦਾ ਮਕਸਦ ਹਰਿਆਵਲ ਨੂੰ ਵਧਾ ਕੇ ਵਾਤਾਵਰਣ ਦੀ ਸੰਭਾਲ ਪ੍ਰਤੀ ਲੋਕਾਂ ਅਤੇ ਸਰਕਾਰੀ ਵਿਭਾਗਾਂ ਨੂੰ ਲਾਮਬੰਦ ਕਰਨਾ ਅਤੇ ਜਾਗਰੂਕ ਕਰਨਾ ਹੈ। ਪਿੰਡ ਜੌਹਲਾਂ ਕਲਾਂ ਵਿਖੇ ਇਕ ਵਾਰ 'ਚ 10000 ਬੂਟੇ ਲਗਾਏ ਗਏ ਹਨ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਸਬ-ਡਵੀਜ਼ਨ ਪੱਧਰੀ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ ਹੈ। ਖਰੜ ਦੇ ਮਲਕਪੁਰ ਵਿਖੇ 2000, ਇਸੇ ਤਰ੍ਹਾਂ ਮੋਹਾਲੀ ਦੇ ਕੁਰੜੀ ਵਿਖੇ 2000, ਮੋਟੇ ਮਾਜਰਾ, ਤੰਗੋਰੀ ਅਤੇ ਠਸਕਾ ਵਿਖੇ ਇਕ-ਇਕ ਹਜ਼ਾਰ ਤੋਂ ਇਲਾਵਾ ਮੌਜਪੁਰ ਵਿਖੇ 500 ਬੂਟੇ ਲਗਾਏ ਗਏ ਹਨ। ਇਸ ਮੌਕੇ ਵਣ ਮੰਡਲ ਅਫ਼ਸਰ ਕੰਵਰ ਦੀਪ ਸਿੰਘ ਆਈ. ਐੱਫ. ਐੱਸ., ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਐੱਸ. ਡੀ. ਐੱਮ. ਡੇਰਾਬੱਸੀ ਹਿਮਾਂਸ਼ੂ ਗੁਪਤਾ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਪਿੰਡ ਵਾਸੀ ਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


Babita

Content Editor

Related News