ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ, CM ਮਾਨ ਨੇ ਖ਼ੁਦ ਚੈੱਕ ਕਰਵਾਇਆ BP

08/15/2022 1:10:13 PM

ਲੁਧਿਆਣਾ (ਵੈੱਬ ਡੈਸਕ, ਵਿੱਕੀ) : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਲੁਧਿਆਣਾ 'ਚ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਇਹ ਮੁੱਹਲਾ ਕਲੀਨਿਕ ਹਲਕਾ ਉੱਤਰੀ 'ਚ ਵਿਧਾਇਕ ਮਦਨ ਲਾਲ ਬੱਗਾ ਦੇ ਖੇਤਰ 'ਚ ਹੈ, ਜਿਸ ਦਾ ਉਦਘਾਟਨ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਲੀਨਿਕ 'ਚ ਪਹੁੰਚ ਕੇ ਲੋਕਾਂ ਨਾਲ ਗੱਲ ਕੀਤੀ ਅਤੇ ਕਲੀਨਿਕ ਦੇ ਸਟਾਫ਼ ਤੋਂ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮੁਹੱਲਾ ਕਲੀਨਿਕ 'ਚ ਖ਼ੁਦ ਵੀ ਬੀ. ਪੀ. ਚੈੱਕ ਕਰਵਾਇਆ। ਮੁੱਖ ਮੰਤਰੀ ਨੇ ਮੁਹੱਲਾ ਕਲੀਨਿਕ 'ਚ ਹੋਣ ਵਾਲੇ ਟੈਸਟਾਂ ਅਤੇ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਦਵਾਈ ਬਾਰੇ ਵੀ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਪੰਜਾਬ ਦੀ 'ਆਪ' ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਬੀਮਾਰੀ ਹੋ ਗਈ ਤਾਂ ਉਹ ਪੈਸੇ ਅਤੇ ਇਲਾਜ ਵੱਲੋਂ ਹੁਣ ਨਹੀਂ ਖੁੰਝੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ 'ਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ ਅਤੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਕਲੀਨਿਕ ਖੋਲ੍ਹੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ 'ਚ 4 ਮੈਂਬਰਾਂ ਦੇ ਸਟਾਫ਼ ਨਾਲ ਇਕ ਐੱਮ. ਬੀ. ਬੀ. ਐੱਸ. ਡਾਕਟਰ ਮੌਜੂਦ ਰਹੇਗਾ। ਉਨ੍ਹਾਂ ਕਿਹਾ ਕਿ 75ਵੇਂ ਆਜ਼ਾਦੀ ਦਿਹਾੜੇ 'ਤੇ ਅੱਜ ਸਾਡੇ ਵੱਲੋਂ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ।

ਇਹ ਵੀ ਪੜ੍ਹੋ : 75ਵੇਂ ਆਜ਼ਾਦੀ ਦਿਹਾੜੇ 'ਤੇ ਸੁਖਬੀਰ-ਹਰਸਿਮਰਤ ਬਾਦਲ ਨੇ ਦਿੱਤੀ ਵਧਾਈ, ਸ਼ਹੀਦਾਂ ਦੀ ਕੁਰਬਾਨੀ ਨੂੰ ਕੀਤਾ ਯਾਦ

ਉਨ੍ਹਾਂ ਕਿਹਾ ਕਿ ਦਿੱਲੀ 'ਚ ਮੁਹੱਲਾ ਕਲੀਨਿਕ ਸਫ਼ਲ ਸਿੱਧ ਹੋਏ ਹਨ ਅਤੇ ਇਸ ਦੀ ਤਰਜ਼ 'ਤੇ ਹੀ ਪੰਜਾਬ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਲਈ ਵੀ ਬਜ਼ੁਰਗਾਂ ਨੂੰ ਧੱਕੇ ਨਹੀਂ ਖਾਣੇ ਪੈਣਗੇ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਅਤੇ ਵਿਧਵਾ ਪੈਨਸ਼ਨ ਘਰਾਂ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸਕੂਲਾਂ ਦੀ ਨੁਹਾਰ ਵੀ ਬਦਲੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਦੇ ਫ਼ੈਸਲਿਆਂ ਦਾ ਹੁਣ ਨਤੀਜਾ ਆ ਰਿਹਾ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨਾਲ ਕੀਤੇ ਇਹ ਵਾਅਦੇ

ਮੁੱਖ ਮੰਤਰੀ ਨੇ ਕਿਹਾ ਕਿ ਮੇਰੇ 'ਤੇ ਪੌਣੇ ਤਿੰਨ ਕਰੋੜ ਆਬਾਦੀ ਦੀ ਜ਼ਿੰਮੇਵਾਰੀ ਹੈ ਅਤੇ ਕਿਸੇ ਨੂੰ ਵੀ ਅਮਨ-ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਭਾਈਚਾਰਕ ਸਾਂਝ ਅਤੇ ਸਮਾਜਿਕ ਸਦਭਾਵਨਾ ਕਦੇ ਨਹੀਂ ਟੁੱਟੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ 'ਤੇ ਸਾਰੇ ਆਮ ਲੋਕਾਂ ਦੇ ਪੈਸੇ ਲੱਗੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News