''ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!'' ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ
Sunday, Oct 18, 2026 - 06:56 PM (IST)
ਮਾਲੇਰਕੋਟਲਾ: ਪੰਜਾਬ ਪੁਲਸ ਦੇ ਸੇਵਾਮੁਕਤ ਡੀ. ਜੀ. ਪੀ. ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਦੀ ਜਾਨ ਨੂੰ ਖਤਰਾ ਹੈ। ਇਸ ਸਬੰਧੀ ਉਨ੍ਹਾਂ ਨੇ ਡੀ. ਜੀ. ਪੀ. ਪੰਜਾਬ ਨੂੰ ਸ਼ਿਕਾਇਤ ਕੀਤੀ ਹੈ। ਡੀ. ਜੀ. ਪੀ. ਤੋਂ ਇਲਾਵਾ ਉਨ੍ਹਾਂ ਨੇ ਆਈ. ਜੀ. ਇੰਟੈਲੀਜੈਂਸ, ਐੱਸ. ਐੱਸ. ਪੀ. ਮਾਲੇਰਕੋਟਲਾ, ਐੱਸ. ਐੱਚ. ਓ. ਥਾਣਾ ਸਿਟੀ-1 ਮਾਲੇਰਕੋਟਲਾ ਨੂੰ ਵੀ ਤਿੰਨ ਪੰਨਿਆ ਦੀ ਵਿਸਥਾਰਤ ਸ਼ਿਕਾਇਤ ਭੇਜੀ ਹੈ।
ਸੂਤਰਾਂ ਮੁਤਾਬਕ, ਮੁਹੰਮਦ ਮੁਸਤਫ਼ਾ ਨੇ ਮਾਲੇਰਕੋਟਲਾ ਦੇ ਵਸਨੀਕ ਅਤੇ ਉਸ ਨਾਲ ਕਥਿਤ ਸਾਜ਼ਿਸ਼ ਵਿਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਸਾਜ਼ਿਸ਼, ਹਿੰਸਾ ਲਈ ਉਕਸਾਉਣ, ਅਪਰਾਧਿਕ ਧਮਕੀਆਂ ਦੇਣ, ਮਾਣਹਾਨੀ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਦੀਆਂ ਗਤੀਵਿਧੀਆਂ ਸਮੇਤ ਗੰਭੀਰ ਅਪਰਾਧਾਂ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮਾਮਲੇ ਨੂੰ ਬੇਹੱਦ ਗੰਭੀਰ ਦੱਸਦਿਆਂ ਉਨ੍ਹਾਂ ਕਿਹਾ ਕਿ ਪੁਲਸ ਹੈੱਡ ਕੁਆਰਟਰ ਦੇ ਕਿਸੇ ਸੀਨੀਅਰ ਪੁਲਸ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਬਣਾ ਕੇ ਸਾਂਝੀ ਜਾਂਚ ਕਰਵਾਈ ਜਾਵੇ।
ਇਸ ਸਬੰਧੀ ਮਾਲੇਰਕੋਟਲਾ ਦੇ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫਾ ਵੱਲੋਂ ਦਿੱਤੀ ਸ਼ਿਕਾਇਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾ ਰਹੀ ਹੈ।
