ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਦੇਣ ਦੇ ਹੁਕਮ
Monday, Feb 17, 2025 - 08:36 PM (IST)

ਚੰਡੀਗੜ੍ਹ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਦੌਰਾ ਕੀਤਾ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵੱਖ ਵੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੌਰਾਨ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਅਤੇ ਕਰਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਦਫ਼ਤਰ ਵਿਖੇ ਕਾਰਜਸ਼ੀਲ ਪ੍ਰਕਿਰਿਆਵਾਂ ਦਾ ਨਿਰੀਖਣ ਕੀਤਾ।
ਮੰਤਰੀ ਨੇ ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਦੇ ਮਸਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾ ਕਿਹਾ ਕਿ ਸਾਬਕਾ ਸੈਨਿਕਾਂ ਲਈ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਗੂ ਕਰਨ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ। ਇਥੇ ਮੰਤਰੀ ਨੇ ਦਫ਼ਤਰੀ ਸਟਾਫ਼ ਦੇ ਕੰਮ ਪ੍ਰਤੀ ਸਮਰਪਣ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਵੇਂ ਰੱਖਿਆ ਕਰਮੀ ਆਪਣੀ ਸਮਰਪਣ ਭਾਵਨਾ ਨਾਲ ਕੌਮ ਦੀ ਸੇਵਾ ਕਰਦੇ ਹਨ, ਉਹ ਵੀ ਲਗਨ ਅਤੇ ਅਟੁੱਟ ਵਚਨਬੱਧਤਾ ਨਾਲ ਕੰਮ ਕਰਨ।
ਕੈਬਨਿਟ ਮੰਤਰੀ ਸ੍ਰੀ ਭਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਬਕਾ ਸੈਨਿਕਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਸਰਕਾਰ ਵੱਲੋਂ ਦੇਸ਼ ਦੀ ਸੇਵਾ ਕਰਨ ਵਾਲੇ ਇਹਨਾਂ ਸੈਨਿਕਾਂ ਦੀਆਂ ਜ਼ਰੂਰਤਾਂ ਅਤੇ ਭਲਾਈ ਨੂੰ ਤਰਜੀਹ ਦਿੱਤੀ ਜਾਣੀ ਲਾਜਮੀ ਹੈ। ਉਨ੍ਹਾਂ ਕਿਹਾ ਕਿ ਸੈਨਿਕਾਂ ਵਾਸਤੇ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
ਰੱਖਿਆ ਸੇਵਾਵਾਂ ਭਲਾਈ ਮੰਤਰੀ ਦੇ ਦੌਰੇ ਦੌਰਾਨ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ (ਹੈੱਡਕੁਆਰਟਰ) ਕਮਾਂਡਰ ਬਲਜਿੰਦਰ ਵਿਰਕ, ਓ.ਐਸ.ਡੀ. ਕਰਨਲ ਜਰਨੈਲ ਸਿੰਘ, ਸੁਪਰਡੈਂਟ ਸੁਖਚੈਨ ਸਿੰਘ ਖਹਿਰਾ, ਨਰੇਸ਼ ਰਤਨ, ਅਨਿਲ ਗੁਪਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।