ਮਹਿੰਦਰ ਕੇ. ਪੀ. ਨੇ ਸੰਭਾਲਿਆ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਹੁਦਾ
Tuesday, Dec 24, 2019 - 10:40 AM (IST)
 
            
            ਚੰਡੀਗੜ੍ਹ (ਸ਼ਰਮਾ) : ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇ. ਪੀ. ਨੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ, ਪ੍ਰਗਟ ਸਿੰਘ ਵਿਧਾਇਕ, ਅਵਤਾਰ ਸਿੰਘ ਜੂਨੀਅਰ ਵਿਧਾਇਕ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਰਾਜ ਵੇਰਕਾ ਦੀ ਹਾਜ਼ਰੀ 'ਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।
ਕੇ. ਪੀ, ਦੁਆਬਾ ਦੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਦੇ ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਦੇ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਸ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ।
ਇਸ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕੇ. ਪੀ. ਨੇ ਕਿਹਾ ਕਿ ਉਹ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਨਾਲ ਮਿਲ ਕੇ ਵਿਭਾਗ ਅਤੇ ਬੋਰਡ ਵਲੋਂ ਨੌਜਵਾਨਾਂ ਨੂੰ ਕਿੱਤਾਮੁਖੀ ਤੇ ਹੁਨਰਭਰਪੂਰ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਲਏ ਗਏ ਸਾਰੇ ਫੈਸਲਿਆਂ ਨੂੰ ਲਾਗੂ ਕਰਨ ਦੀ ਸੁਹਿਰਦਤਾ ਨਾਲ ਕੋਸ਼ਿਸ਼ ਕਰਨਗੇ ਤਾਂ ਜੋ ਰਾਜ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਚੰਨੀ ਵਲੋਂ ਵਿਦਿਆਰਥੀਆਂ ਨੂੰ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ 'ਚ ਪਾਰਦਰਸ਼ਤਾ ਲਿਆਉਣ ਸਬੰਧੀ ਬੋਰਡ ਵਲੋਂ ਚੁੱਕੇ ਗਏ ਕਦਮਾਂ ਨੂੰ ਲਾਗੂ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਪਤਵੰਤਿਆਂ ਤੋਂ ਇਲਾਵਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਤਕਨੀਕੀ ਸਿੱਖਿਆ ਬੋਰਡ ਦੇ ਪ੍ਰਮੁੱਖ ਸਕੱਤਰ ਰਾਜੀਵ ਗੁਪਤਾ ਸਕੱਤਰ, ਮੈਂਬਰ (ਪੀ.ਆਈ.ਆਰ.ਏ.) ਇੰਜ. ਮਨਮੋਹਨ ਸਿੰਘ ਅਤੇ ਮਹਿੰਦਰ ਸਿੰਘ ਕੇ.ਪੀ. ਦੇ ਪਰਿਵਾਰਕ ਮੈਂਬਰ ਮੌਜੂਦ ਸਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            