2000 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ : ਡਿਪਟੀ ਕਮਿਸ਼ਨਰ

Thursday, Aug 28, 2025 - 06:52 PM (IST)

2000 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ : ਡਿਪਟੀ ਕਮਿਸ਼ਨਰ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ `ਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਇਲਾਕਿਆਂ ਨੂੰ ਹੜ੍ਹ ਦੀ ਮਾਰ ਝੱਲਣੀ ਪਈ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜ਼ਿਲ੍ਹਾ ਗੁਰਦਾਸਪੁਰ ਦੇ ਬਹਿਰਾਮਪੁਰ ਵਿਖੇ ਹੜ੍ਹ ਪੀੜਤਾਂ ਦਾ ਹਾਲ ਵੀ ਜਾਣਿਆ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਹੈਲੀਕਾਪਟਰ ਵੱਲੋਂ ਅੱਜ ਦੂਜੇ ਦਿਨ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ ਹਨ। 

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਰਾਹਤ ਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ 2000 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹੇ ਅੰਦਰ 12 ਰਾਹਤ ਕੈਂਪ ਬਣਾਏ ਗਏ ਹਨ ਜਿੱਥੇ ਲੋਕਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਇਨ੍ਹਾਂ ਕੈਂਪਾਂ ਵਿੱਚ ਖਾਣੇ ਤੋਂ ਇਲਾਵਾ ਸੌਂਣ ਲਈ ਗੱਦੇ, ਸੁੱਕਾ ਰਾਸ਼ਨ, ਬਿਸਕੁਟ ਅਤੇ ਛੋਟੇ ਬੱਚਿਆਂ ਦੇ ਲਈ ਦੁੱਧ ਤੋਂ ਇਲਾਵਾ ਮੁੱਢਲੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਐਂਬੂਲੈਂਸ ਵੀ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਮੈਡੀਕਲ ਕੈਂਪ ਲੱਗੇ ਹੋਏ ਹਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਐੱਨ.ਡੀ.ਆਰ.ਐੱਫ਼. ਦੀਆਂ 7 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨਾਲ ਮਿਲ ਕੇ ਦਿਨ ਰਾਤ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿੱਚ ਕੰਮ ਕਰ ਰਹੀਆਂ ਹਨ ਅਤੇ ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਰਾਹਤ ਕੈਂਪਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਰਮੀ, ਬੀ.ਐੱਸ.ਐਫ ਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤੈਨਾਤ ਹਨ ਅਤੇ ਕਿਸ਼ਤੀਆਂ ਅਤੇ ਹੋਰ ਸਾਧਨਾਂ ਰਾਹੀਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਪਸ਼ੂਆਂ ਸਮੇਤ ਉਨ੍ਹਾਂ ਨੂੰ ਬਾਹਰ ਸੁਰੱਖਿਅਤ ਟਿਕਾਣਿਆ ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਵਾਹਰ ਨਵੋਦਿਆ ਸਕੂਲ ਦਬੂੜੀ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਸੀ ਅਤੇ ਅੱਜ ਕੇਰਲਾ ਇੰਟਰਨੈਸ਼ਨਲ ਸਕੂਲ ਕਲਾਨੌਰ ਦੇ ਸਟਾਫ਼ ਨੂੰ ਰੈਸਕਿਊ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਕਲਾਨੌਰ ਦੇ ਬਖਸ਼ੀਵਾਲ ਪਿੰਡ ਵਿੱਚ ਇੱਕ ਨਵ-ਜਨਮੇ ਬੱਚੇ ਅਤੇ ਉਸਦੀ ਮਾਂ ਨੂੰ ਰੈਸਕਿਊ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਸਮੂਹ ਐੱਸ.ਡੀ.ਐੱਮ. ਨੂੰ ਨਿਰਦੇਸ਼ ਦਿੱਤੇ ਗਏ ਹਨ ਜਿੱਥੇ ਕਿਤੇ ਖਾਣੇ ਦੀ ਜਰੂਰਤ ਹੋਵੇ ਉੱਥੇ ਖਾਣੇ ਦਾ ਪ੍ਰਬੰਧ ਕੀਤਾ ਜਾਵੇ ਅਤੇ ਫੂਡ ਪੈਕਟ ਨਾਲ ਦੀ ਨਾਲ ਤਿਆਰ ਰੱਖੇ ਜਾਣ। ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਵੀ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤੁਰੰਤ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ। ਹੜ੍ਹ ਪ੍ਰਭਾਵਿੱਤ ਪਿੰਡ ਦੇ ਵਿੱਚ ਰਾਸ਼ਨ ਤੇ ਪਾਣੀ ਦੀਆਂ ਬੋਤਲਾਂ ਦੀ ਵਿਵਸਥਾ ਵੀ ਕੀਤੀ ਗਈ ਹੈ ਅਤੇ ਸੁੱਕਾ ਰਾਸ਼ਨ ਵੀ ਦਿੱਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਕਲਾਨੌਰ, ਗਾਹਲੜੀ ਅਤੇ ਬਾਹਮਣੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਖੁਦ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਖੁਦ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਜਿੱਥੇ ਕਿੱਤੇ ਵੀ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਸੂਚਨਾ ਮਿਲਦੀ ਹੈ ਤਾਂ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਹਿਯੋਗ ਨਾਲ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਅੱਜ ਘੱਟ ਹੋਇਆ ਹੈ ਅਤੇ ਕਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੀ ਪਾਣੀ ਲਗਾਤਾਰ ਘੱਟ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਹੜ੍ਹਾਂ ਸਬੰਧੀ ਹੰਗਾਮੀ ਸਥਿਤੀ ਵਿੱਚ ਕੰਟਰੋਲ ਰੂਮ ਦੇ ਨੰਬਰ 01874-266376 `ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਰਾਬਤਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜ੍ਹੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News