ਮੋਰਿੰਡਾ ਬੇਅਦਬੀ ਮਾਮਲਾ : ਭਾਜਪਾ ਆਗੂ ਅਜੇਵੀਰ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨੂੰ ਲਿਖਿਆ ਪੱਤਰ
Monday, Apr 24, 2023 - 06:35 PM (IST)
ਰੂਪਨਗਰ (ਵਿਜੇ)-ਜ਼ਿਲ੍ਹੇ ਦੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ’ਚ ਇਕ ਨੌਜਵਾਨ ਵੱਲੋਂ ਕੀਤੀ ਗਈ ਬੇਅਦਬੀ ਅਤੇ ਗ੍ਰੰਥੀ ਸਿੰਘਾਂ ਨਾਲ ਕੀਤੀ ਗਈ ਕੁੱਟਮਾਰ ਦਾ ਮਾਮਲਾ ਕੇਂਦਰ ਸਰਕਾਰ ਕੋਲ ਪੁੱਜ ਗਿਆ ਹੈ। ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਡਾ. ਅਜੈਵੀਰ ਸਿੰਘ ਲਾਲਪੁਰਾ ਨੇ ਤੁਰੰਤ ਹਰਕਤ ’ਚ ਆਉਂਦਿਆਂ ਭਾਰਤ ਸਰਕਾਰ ਅਧੀਨ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਇਕ ਸ਼ਿਕਾਇਤ ਪੱਤਰ ਲਿਖ ਕੇ ਇਸ ਮਾਮਲੇ ਬਾਬਤ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਕੋਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਸਖਤ ਤਾੜਨਾ ਕਰਕੇ ਇਸ ਮਾਮਲੇ ’ਚ ਤੁਰੰਤ ਐੱਫ.ਆਈ.ਆਰ. ਦਰਜ ਕਰਕੇ ਦੋਸ਼ੀਆਂ ਖਿਲਾਫ਼ ਜਲਦ ਤੋਂ ਜਲਦ ਤੋਂ ਸਖ਼ਤ ਕਾਰਵਾਈ ਅਮਲ ’ਚ ਲਿਆਉਣ ਲਈ ਸਿਫ਼ਾਰਿਸ਼ ਕਰਨ ਦੀ ਮੰਗ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ਨੇ ਘਰਾਂ ’ਚ ਪੁਆਏ ਵੈਣ, 2 ਸਕੇ ਭਰਾਵਾਂ ਸਮੇਤ 3 ਦੀ ਦਰਦਨਾਕ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਲਾਲਪੁਰਾ ਨੇ ਦੱਸਿਆ ਕਿ ਪੰਜਾਬ ’ਚ ਬੇਦਬੀ ਦੀਆਂ ਘਟਨਾਵਾਂ ਵਿਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ ਤੇ ਸਮਾਜ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਬੇਖੌਫ਼ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਪਿਛਲੇ ਸਮੇਂ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਪੰਜਾਬ ਸਰਕਾਰ ਜ਼ਿਆਦਾਤਰ ਅਸਮਰੱਥ ਰਹੀ ਹੈ, ਜਿਸ ਕਰਕੇ ਉਨ੍ਹਾਂ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਇਸ ਮਾਮਲੇ ’ਚ ਦਖਲਅੰਦਾਜ਼ੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਖ਼ਸ ਨੂੰ ਮੌਕੇ ’ਤੇ ਹਾਜ਼ਰ ਸੰਗਤਾਂ ਵੱਲੋਂ ਕਾਬੂ ਕਰ ਲਿਆ ਗਿਆ ਹੈ ਪਰ ਇਸ ਪਿੱਛੇ ਜਾਂਚ ਕਰਵਾਉਣੀ ਬੇਹੱਦ ਜ਼ਰੂਰੀ ਹੈ ਤਾਂ ਜੋ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਗਲ਼ਾ ਘੁੱਟ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
ਉਨ੍ਹਾਂ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ’ਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਇਸ ਦੇ ਨਾਲ ਹੀ ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ। ਜ਼ਿਕਰਯੋਗ ਹੈ ਕਿ ਭਾਰਤ ਦੇ ਘੱਟਗਿਣਤੀ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਕੇਂਦਰ ਸਰਕਾਰ ਅਧੀਨ ਸਿਰਮੌਰ ਸੰਸਥਾ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਜ਼ਿਲ੍ਹਾ ਰੂਪਨਗਰ ਨਾਲ ਹੀ ਸੰਬੰਧ ਰੱਖਦੇ ਹਨ।