2 ਮੋਟਰਸਾਈਕਲਾਂ ਦੀ ਸਿੱਧੀ ਟੱਕਰ ’ਚ ਜੰਗਲਾਤ ਵਿਭਾਗ ਦੇ ਮੁਲਾਜ਼ਮ ਦੀ ਮੌਤ
Monday, Mar 28, 2022 - 05:28 PM (IST)
ਬਟਾਲਾ (ਜ.ਬ, ਯੋਗੀ, ਅਸ਼ਵਨੀ) : 2 ਮੋਟਰਸਾਈਕਲਾਂ ਦੀ ਹੋਈ ਸਿੱਧੀ ਅਤੇ ਜ਼ਬਰਦਸਤ ਟੱਕਰ ਵਿਚ ਜੰਗਲਾਤ ਵਿਭਾਗ ਵਿਚ ਕੰਮ ਕਰਦੇ ਕਰਮਚਾਰੀ ਦੀ ਮੌਤ ਹੋ ਗਈ ਜਦਕਿ ਦੂਜੇ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਸਤਨਾਮ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਨੂਰਪੁਰ ਜੋ ਕਿ ਜੰਗਲਾਤ ਵਿਭਾਗ ਵਿਚ ਨੌਕਰੀ ਕਰਦਾ ਹੈ, ਅੱਜ ਸਵੇਰੇ 10 ਵਜੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਡਿਊਟੀ ’ਤੇ ਜਾ ਰਿਹਾ ਸੀ। ਜਦੋਂ ਇਹ ਪਿੰਡ ਗਾਜੀਨੰਗਲ ਤੋਂ ਸ਼ਿਕਾਰ ਮਾਛੀਆਂ ਨੂੰ ਮੁੜਨ ਲੱਗਾ ਤਾਂ ਗਾਜੀਨੰਗਲ ਵਾਲੀ ਸਾਈਡ ਤੋਂ ਆ ਰਹੇ ਇਕ ਮੋਟਰਸਾਈਕਲ ਨੇ ਇਸ ਦੇ ਮੋਟਰਸਾਈਕਲ ਵਿਚ ਸਿੱਧੀ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਸਤਨਾਮ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤੀ। ਇਹ ਵੀ ਪਤਾ ਲੱਗਾ ਹੈ ਕਿ ਦੂਜਾ ਮੋਟਰਸਾਈਕਲ ਚਾਲਕ ਵੀ ਇਸ ਟੱਕਰ ਵਿਚ ਗੰਭੀਰ ਜ਼ਖਮੀ ਹੋ ਗਿਆ। ਉਕਤ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਏ.ਐੱਸ.ਆਈ ਸ਼ਰੀਫ ਮਸੀਹ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕ ਸਤਨਾਮ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਇਸਦੇ ਭਰਾ ਇਕਬਾਲ ਸਿੰਘ ਦੇ ਬਿਆਨਾਂ ’ਤੇ ਧਾਰਾ 304 ਏ, 279, 427 ਆਈ.ਪੀ.ਸੀ ਤਹਿਤ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਦੂਜੇ ਮੋਟਰਸਾਈਕਲ ਚਾਲਕ ਖ਼ਿਲਾਫ ਕੇਸ ਦਰਜ ਕਰ ਦਿੱਤਾ ਹੈ।