ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲ਼ੀਆਂ
Tuesday, Feb 28, 2023 - 12:42 AM (IST)
ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਿਟੀ ਨਵਾਂਸ਼ਹਿਰ ਅਧੀਨ ਪੈਂਦੇ ਪਿੰਡ ਮਹਿੰਦੀਪੁਰ ਵਿਖੇ ਗੋਲ਼ੀਆਂ ਚੱਲਣ ਕਾਰਨ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਇਕ ਨੌਜਵਾਨ ਨੂੰ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਅਤੇ ਦੂਜੇ ਨੂੰ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜ਼ੇਰੇ ਇਲਾਜ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਸਾਥੀ ਗੁਰਵਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਮਹਿੰਦੀਪੁਰ ਵੱਲ ਆ ਰਹੇ ਸਨ । ਜਿਵੇਂ ਹੀ ਉਹ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਆਈ-20 ਗੱਡੀ ’ਚ ਸਵਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਕੇ ਉਨ੍ਹਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ’ਚੋਂ ਇਕ ਗੋਲ਼ੀ ਗੁਰਵਿੰਦਰ ਸਿੰਘ ਦੀ ਬਾਂਹ ’ਚ ਲੱਗੀ ਅਤੇ ਦੂਸਰੀ ਗੋਲ਼ੀ ਉਸ ਦੇ ਸਿਰ ਤੋਂ ਲੰਘ ਗਈ, ਜਦਕਿ ਮਨਦੀਪ ਸਿੰਘ ਦੀ ਧੌਣ ’ਚ ਗੋਲ਼ੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ। ਉਸ ਨੇ ਦੱਸਿਆ ਕਿ ਹਮਲਾਵਰਾਂ ਨੇ ਉਨ੍ਹਾਂ ’ਤੇ 6-7 ਗੋਲ਼ੀਆਂ ਚਲਾਈਆਂ।
ਇਹ ਖ਼ਬਰ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪਰਮਜੀਤ ਸਰਨਾ, ਜਥੇਦਾਰ ਹਰਪ੍ਰੀਤ ਸਿੰਘ ਬਾਰੇ ਦਿੱਤਾ ਵੱਡਾ ਬਿਆਨ
ਸਿਵਲ ਹਸਪਤਾਲ ’ਚ ਦਾਖ਼ਲ ਗੁਰਵਿੰਦਰ ਨੇ ਦੱਸਿਆ ਕਿ ਉਹ ਤਕਰੀਬਨ 1 ਘੰਟੇ ਤੋਂ ਦਰਦ ਨਾਲ ਤੜਫ ਰਿਹਾ ਸੀ ਪਰ ਕਿਸੇ ਵੀ ਡਾਕਟਰ ਨੇ ਉਸ ਦਾ ਇਲਾਜ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਟੀਮ ਬਲੱਡ ਸੈਂਪਲ ਲੈਣ ਬਾਰੇ ਗੱਲ ਕਰ ਰਹੀ ਹੈ। ਨਿੱਜੀ ਹਸਪਤਾਲ ’ਚ ਦਾਖ਼ਲ ਮਨਦੀਪ ਸਿੰਘ ਨੇ ਦੱਸਿਆ ਕਿ ਗੋਲ਼ੀਆਂ ਚਲਾਉਣ ਵਾਲੇ ਵਿਅਕਤੀ ਨੂੰ ਉਹ ਜਾਣਦਾ ਹੈ, ਉਨ੍ਹਾਂ ਦਾ ਕਾਫ਼ੀ ਸਮਾਂ ਪਹਿਲਾਂ ਮਾਮੂਲੀ ਝਗੜਾ ਹੋਇਆ ਸੀ। ਉਸ ਨੇ ਦੱਸਿਆ ਕਿ ਜੀਤਾ ਬੈਂਸ ਨਾਂ ਦੇ ਨੌਜਵਾਨ ਨੇ ਉਨ੍ਹਾਂ ’ਤੇ ਗੋਲ਼ੀਆਂ ਚਲਾਈਆਂ। ਮੌਕੇ ’ਤੇ ਪਹੁੰਚੇ ਐੱਸ. ਪੀ. ਮੁਕੇਸ਼ ਕੁਮਾਰ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਡੀ. ਐੱਸ. ਪੀ. ਰਣਜੀਤ ਸਿੰਘ ਬਦੇਸ਼ਾ ਅਤੇ ਥਾਣਾ ਮੁਖੀ ਸਤੀਸ਼ ਕੁਮਾਰ ਨੇ ਹਸਪਤਾਲ ਪਹੁੰਚ ਕੇ ਨੌਜਵਾਨ ਤੋਂ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਪੁਲਸ ਨੇ ਦੋਵਾਂ ਜ਼ਖ਼ਮੀ ਨੌਜਵਾਨਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵਿੰਨ੍ਹੇ ਨਿਸ਼ਾਨੇ