ਪੰਜਾਬ ਦੇ ਸਾਂਸਦਾਂ ਨੇ ਕੇਂਦਰੀ ਮੰਤਰੀ ਸਾਹਮਣੇ ਚੁੱਕਿਆ ਯੂਕ੍ਰੇਨ 'ਚ ਫਸੇ ਵਿਦਿਆਰਥੀਆਂ ਦੀ ਘਰ ਵਾਪਸੀ ਦਾ ਮੁੱਦਾ
Thursday, Mar 03, 2022 - 01:19 PM (IST)
ਚੰਡੀਗੜ੍ਹ/ਪਟਿਆਲਾ/ਜਲੰਧਰ (ਅਸ਼ਵਨੀ,ਧਵਨ) : ਪੰਜਾਬ ਦੇ ਕਾਂਗਰਸ ਸਾਂਸਦਾਂ ਨੇ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਸਾਹਮਣੇ ਯੂਕ੍ਰੇਨ ਵਿਚ ਫਸੇ ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਪਸੀ ਦਾ ਮਾਮਲਾ ਚੁੱਕਿਆ ਹੈ। ਇਸ ਸੰਬੰਧ ਵਿਚ ਸੰਸਦਾਂ ਨੇ ਬੁੱਧਵਾਰ ਨੂੰ ਵਿਦੇਸ਼ ਰਾਜ ਮੰਤਰੀ ਨਾਲ ਮੁਲਾਕਾਤ ਕੀਤੀ। ਸਾਂਸਦ ਗੁਰਜੀਤ ਔਜਲਾ, ਜਸਬੀਰ ਸਿੰਘ ਗਿੱਲ, ਮਨੀਸ਼ ਤਿਵਾੜੀ, ਅਮਰ ਸਿੰਘ, ਰਵਨੀਤ ਬਿੱਟੂ ਅਤੇ ਸੰਤੋਖ ਚੌਧਰੀ ਨੇ ਵਿਦੇਸ਼ ਰਾਜ ਮੰਤਰੀ ਨਾਲ ਖ਼ਾਸ ਤੌਰ ’ਤੇ ਖਰਕੀਵ ਵਿਚ ਫਸੇ ਵਿਦਿਆਰਥੀਆਂ ਦੀ ਛੇਤੀ ਵਾਪਸੀ ’ਤੇ ਜ਼ੋਰ ਦਿੱਤਾ।
ਕਾਂਗਰਸੀ ਸੰਸਦ ਮੈਂਬਰਾਂ ਨੇ ਮੀਨਾਕਸ਼ੀ ਲੇਖੀ ਨੂੰ ਕਿਹਾ ਕਿ ਰੂਸ ਅਤੇ ਯੂਕ੍ਰੇਨ ਵਿਚਾਲੇ ਚੱਲ ਰਹੀ ਭਿਆਨਕ ਲੜਾਈ ਨੂੰ ਵੇਖਦੇ ਹੋਏ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਆਪਣੇ ਦੇਸ਼ ਲਿਆਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਾਰਕੀਵ ਵਿਚ ਫਸੇ ਕੁਝ ਭਾਰਤੀ ਵਿਦਿਆਰਥੀਆਂ ਨੂੰ ਛੇਤੀ ਵਾਪਸ ਲਿਆਉਣ ਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਕ ਭਾਰਤੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਯੂਕ੍ਰੇਨ ਵਿਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਵਿਚ ਚਿੰਤਾ ਹੋਰ ਵਧ ਗਈ ਹੈ, ਇਸ ਲਈ ਭਾਰਤ ਸਰਕਾਰ ਨੂੰ ਜ਼ਿਆਦਾ ਤੋਂ ਜ਼ਿਆਦਾ ਜਹਾਜ਼ ਯੂਕ੍ਰੇਨ ਅਤੇ ਆਸਪਾਸ ਦੇ ਦੇਸ਼ਾਂ ’ਚ ਭੇਜ ਕੇ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਪਟਿਆਲਾ ਜੇਲ ’ਚ ਮਿਲਣ ਪਹੁੰਚੇ ਸੁਖਬੀਰ ਤੇ ਹਰਸਿਮਰਤ
ਉਨ੍ਹਾਂ ਕਿਹਾ ਕਿ ਯੂਕ੍ਰੇਨ ਪੁਲਸ ਨੇ ਕਈ ਥਾਂਵਾਂ ’ਤੇ ਭਾਰਤੀ ਵਿਦਿਆਰਥੀਆਂ ਨਾਲ ਮਾੜਾ ਵਰਤਾਓ ਕੀਤਾ ਹੈ, ਜਿਸ ਨੂੰ ਹਰ ਹਾਲ ਵਿਚ ਰੋਕਿਆ ਜਾਣਾ ਚਾਹੀਦਾ ਹੈ ਅਤੇ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਤੁਰੰਤ ਯੂਕ੍ਰੇਨ ਸਥਿਤ ਦੂਤਘਰ ਜ਼ਰੀਏ ਯੂਕੇਨ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਭਾਰਤੀ ਵਿਦਿਆਰਥਣਾਂ ਦੇ ਨਾਲ ਵੀ ਮਾੜਾ ਵਰਤਾਓ ਕੀਤਾ ਗਿਆ ਹੈ। ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਨੇਕਾਂ ਵਿਦਿਆਰਥੀ ਯੂਕ੍ਰੇਨ ਵਿਚ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਆਪਣੇ ਦੇਸ਼ ਲਿਆਉਣ ਲਈ ਛੇਤੀ ਤੋਂ ਛੇਤੀ ਸਰਕਾਰੀ ਪੱਧਰ ’ਤੇ ਕੋਸ਼ਿਸ਼ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿਦਿਆਰਥੀ ਯੂਕ੍ਰੇਨ ਵਿਚ ਫਸੇ ਹੋਏ ਹਨ। ਉਨ੍ਹਾਂ ਦੇ ਮਾਪਿਆਂ ਵਿਚ ਭਾਰੀ ਚਿੰਤਾ ਅਤੇ ਬੇਚੈਨੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮਾਮਲਾ ਵਿਦੇਸ਼ ਨਾਲ ਸਬੰਧਤ ਹੈ, ਇਸ ਲਈ ਇਸ ਵਿਚ ਭਾਰਤ ਸਰਕਾਰ ਨੂੰ ਵੀ ਦਖ਼ਲ ਦੇਣਾ ਚਾਹੀਦਾ ਹੈ।
ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੂੰ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਯੂਕ੍ਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੂਚੀ ਵੀ ਸੌਂਪੀ। ਕੇਂਦਰੀ ਮੰਤਰੀ ਨੇ ਵਫਦ ਨੂੰ ਕਿਹਾ ਕਿ ਭਾਰਤ ਸਰਕਾਰ ਵੱਲੋਂ ਯੂਕ੍ਰੇਨ ਤੋਂ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਰਤੀ ਹਵਾਈ ਫ਼ੌਜ ਦੇ ਜਹਾਜ਼ ਵੀ ਯੂਕ੍ਰੇਨ ਜਾ ਰਹੇ ਹਨ, ਤਾਂ ਕਿ ਛੇਤੀ ਤੋਂ ਛੇਤੀ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ