ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਸਬੰਧੀ ਅਧਿਕਾਰੀਆਂ ਨੂੰ ਮਿਲੇ MP ਔਜਲਾ, ਕੇਜਰੀਵਾਲ 'ਤੇ ਕੱਸੇ ਤੰਜ
Friday, Oct 28, 2022 - 05:41 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ ਸ਼ਹਿਰ ਨੂੰ ਸਮਾਰਟ ਸਿਟੀ 'ਚ ਸ਼ਾਮਲ ਕੀਤਾ ਗਿਆ ਹੈ, ਜਿਸਦੇ ਚਲਦੇ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ ਦੀ ਬਣਤਰ ਇਕ ਵਾਰ ਫਿਰ ਤੋਂ ਨਵੇਂ ਤਰੀਕੇ ਨਾਲ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਦੇ ਪ੍ਰਾਜੈਕਟ ਦੀ ਰਫ਼ਤਾਰ ਕਾਫੀ ਹੌਲੀ ਹੈ ਜਿਸ ਦੇ ਚਲਦਿਆਂ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਇਸ ਸਬੰਧੀ ਅਧਿਕਾਰੀਆਂ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਇੱਥੇ ਮੀਟਿੰਗ ਕੀਤੀ ਗਈ ਹੈ ਜਿਸ ਵਿਚ ਅੰਮ੍ਰਿਤਸਰ ਦੇ ਹੈਲਥ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਸਮਾਰਟ ਸਿਟੀ ਅਤੇ ਕੇਂਦਰ ਨਾਲ ਸਬੰਧਿਤ ਹੋਰ ਲੋਕ ਹਿੱਤਾਂ ਵਾਸਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਤਾਂ ਜੋ ਸਮਾਰਟ ਸਿਟੀ ਪ੍ਰੋਜੈਕਟ ਜਲਦ ਪੂਰਾ ਕੀਤਾ ਜਾ ਸਕੇ।
ਇਸ ਤੋਂ ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੋ ਪਿਛਲੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਰਤੀ ਕਰੰਸੀ ਦੇ ਉੱਪਰ ਮਾਤਾ ਲਕਸ਼ਮੀ ਅਤੇ ਭਗਵਾਨ ਗਣੇਸ਼ ਜੀ ਦੀ ਤਸਵੀਰ ਲਗਾਉਣ ਦਾ ਬਿਆਨ ਦਿੱਤਾ ਹੈ ਉਹ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਬਹੁ ਧਰਮੀ ਦੇਸ਼ ਹੈ ਅਤੇ ਇਸ ਦੇਸ਼ ਵਿੱਚ ਵੱਖ ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਅਜਿਹਾ ਹੋਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਧਰਮਨਿਰਪੱਖਤਾ ਸੋਚ ਲੈ ਕੇ ਚੱਲਣਾ ਚਾਹੀਦਾ ਹੈ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਤਾ ਬਿਆਨ ਸਿਰਫ਼ ਇੱਕ ਚੁਣਾਵੀ ਸਟੰਟ ਹੈ ਇਸ ਤੋਂ ਇਲਾਵਾ ਹੋਰ ਕੁਝ ਨਹੀਂ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਅੰਮ੍ਰਿਤਸਰ ਦੇ ਅਧੂਰੇ ਪ੍ਰਾਜੈਕਟਾਂ ਬਾਰੇ ਲਗਾਤਾਰ ਹੀ ਸੰਸਦ ਵਿੱਚ ਜਾ ਕੇ ਆਵਾਜ਼ ਚੁੱਕੀ ਜਾ ਰਹੀ ਹੈ, ਚਾਹੇ ਉਹ ਅਟਾਰੀ ਬਾਰਡਰ ਤੇ ਜੇ.ਸੀ.ਪੀ ਪ੍ਰਾਜੈਕਟ ਦੀ ਗੱਲ ਹੋਵੇ ਜਾਂ ਫਿਰ ਦਿੱਲੀ ਜੰਮੂ ਕਟੜਾ ਹਾਈਵੇਅ ਐਕਸਪ੍ਰੈਸ ਅੰਮ੍ਰਿਤਸਰ ਦੇ ਵਿੱਚ ਲਿਆਉਣ ਦੀ ਗੱਲ ਹੋਵੇ।