MP ਹਰਭਜਨ ਸਿੰਘ ਨੇ ਜਲੰਧਰ ਦੇ ਲੋਕਾਂ ਨੂੰ ਦਿੱਤੀ ਵੱਡੀ ਸਹੂਲਤ, ਕਿਹਾ- 'ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲਬਧ ਹਾਂ'
Wednesday, Mar 19, 2025 - 10:03 AM (IST)

ਜਲੰਧਰ (ਚੋਪੜਾ)- ਰਾਜ ਸਭਾ ਮੈਂਬਰ ਅਤੇ ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਨੇ ਆਪਣੇ ਐੱਮ. ਪੀ. ਲੈਡ ਫੰਡ ਵਿਚੋਂ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੂੰ ਤਿੰਨ ਐਂਬੂਲੈਂਸਾਂ ਦਾਨ ਕੀਤੀਆਂ। ਇਨ੍ਹਾਂ ਐਂਬੂਲੈਂਸਾਂ ਦੀ ਵਰਤੋਂ ਜ਼ਿਲੇ ਵਿਚ ਮਰੀਜ਼ਾਂ ਨੂੰ ਲਿਜਾਣ ਅਤੇ ਉਨ੍ਹਾਂ ਦੇ ਸਮੇਂ ਸਿਰ ਇਲਾਜ ਨੂੰ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦਿਵਿਆਂਗਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਹਰਭਜਨ ਸਿੰਘ ਨੇ ਜ਼ਿਲਾ ਰੈੱਡ ਕਰਾਸ ਸੋਸਾਇਟੀ ਨੂੰ 5 ਬੈਟਰੀ ਨਾਲ ਚੱਲਣ ਵਾਲੀਆਂ ਵ੍ਹੀਲਚੇਅਰਸ ਵੀ ਦਿੱਤੀਆਂ। ਰਾਜ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਵੱਡਾ ਬਦਲਾਅ ਕਰਨ ਜਾ ਰਹੀ ਮਾਨ ਸਰਕਾਰ
ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਇਨ੍ਹਾਂ 3 ਐਂਬੂਲੈਂਸਾਂ ਵਿਚੋਂ 2 ਸਿਵਲ ਸਰਜਨ ਦਫ਼ਤਰ ਅਤੇ 1 ਐਂਬੂਲੈਂਸ ਰੈੱਡ ਕਰਾਸ ਸੋਸਾਇਟੀ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਐਂਬੂਲੈਂਸਾਂ ਮਰੀਜ਼ਾਂ ਨੂੰ ਜਲਦੀ ਅਤੇ ਸੁਰੱਖਿਅਤ ਢੰਗ ਨਾਲ ਹਸਪਤਾਲ ਪਹੁੰਚਾਉਣ ਵਿਚ ਮਦਦ ਕਰਨਗੀਆਂ। ਉਨ੍ਹਾਂ ਜ਼ਿਲੇ ਦੇ ਲੋਕਾਂ ਨੂੰ ਭਵਿੱਖ ਵਿਚ ਵੀ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਉਪਲੱਬਧ ਹਨ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਡਿਪਟੀ ਕਮਿਸ਼ਨਰ ਨੇ ਇਸ ਪਹਿਲਕਦਮੀ ਲਈ ਰਾਜ ਸਭਾ ਮੈਂਬਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕਿਸੇ ਵੀ ਮਰੀਜ਼ ਜਾਂ ਹਾਦਸੇ ਦੇ ਪੀੜਤ ਨੂੰ ਐਂਬੂਲੈਂਸ ਰਾਹੀਂ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਸਕੱਤਰ ਜ਼ਿਲਾ ਰੈੱਡ ਕਰਾਸ ਸੋਸਾਇਟੀ ਨੂੰ ਹਦਾਇਤ ਕੀਤੀ ਕਿ ਉਹ ਲਾਭਪਾਤਰੀਆਂ ਨੂੰ ਵ੍ਹੀਲਚੇਅਰਸ ਜਲਦ ਪਹੁੰਚਾਉਣ। ਜ਼ਿਕਰਯੋਗ ਹੈ ਕਿ ਮੁਹੱਲਾ ਸਰਾਂ, ਤਹਿਸੀਲ ਨਕੋਦਰ ਦੇ ਜਗਦੀਸ਼, ਪਿੰਡ ਮਾਲੋਵਾਲ ਦੀ ਸੁਖਜੀਤ ਕੌਰ, ਬਸਤੀ ਬਾਵਾ ਖੇਲ ਦੇ ਜਸਵੀਰ ਸਿੰਘ, ਪਿੰਡ ਸਿੰਧਰ ਦੇ ਅਮਰੀਕ ਸਿੰਘ ਅਤੇ ਪਿੰਡ ਕੰਗ ਕਲਾਂ ਦੇ ਯਾਦਵਿੰਦਰ ਸਿੰਘ ਨੂੰ ਇਨ੍ਹਾਂ ਵ੍ਹੀਲਚੇਅਰਸ ਦਾ ਲਾਭ ਮਿਲੇਗਾ। ਇਸ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ-ਕਮ-ਸਕੱਤਰ ਜ਼ਿਲਾ ਰੈੱਡ ਕਰਾਸ ਸੋਸਾਇਟੀ ਮਨਜਿੰਦਰ ਸਿੰਘ ਅਤੇ ਹੋਰ ਵੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8