MP ਮੀਤ ਹੇਅਰ ਨੇ ਸੰਸਦ ''ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਕਿਹਾ-''''2 ਸੂਬਿਆਂ ਦੀ ਸਰਹੱਦ ਨੂੰ ''ਬਾਰਡਰ'' ਬਣਾ ਦਿੱਤਾ...''''

Monday, Dec 16, 2024 - 08:33 PM (IST)

ਚੰਡੀਗੜ੍ਹ/ਨਵੀਂ ਦਿੱਲੀ : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੰਸਦ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 21 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਹਨ ਪਰ ਸਰਕਾਰ ਨੂੰ ਕੋਈ ਪਰਵਾਹ ਨਹੀਂ ਹੈ।

ਮੀਤ ਹੇਅਰ ਨੇ ਕਿਹਾ ਕਿ ਜਦੋਂ ਕਿਸਾਨਾਂ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਧਰਨੇ ਲਾਉਣੇ ਪਏ ਤਾਂ 700 ਕਿਸਾਨ ਸ਼ਹੀਦ ਹੋਏ। ਉਸ ਸਮੇਂ ਦੌਰਾਨ ਸਰਕਾਰ ਨੇ ਲਿਖਤੀ ਤੌਰ 'ਤੇ ਵਾਅਦਾ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਿੱਤੀ ਜਾਵੇਗੀ, ਪਰ ਅੱਜ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ। ਸਾਡੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ 'ਤੇ ਆਪਣੇ ਨਿੱਜੀ ਹਿੱਤਾਂ ਲਈ ਨਹੀਂ ਸਗੋਂ ਦੇਸ਼ ਦੇ ਕਿਸਾਨਾਂ ਲਈ ਬੈਠੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨੇ ਉਦਯੋਗਪਤੀਆਂ ਦੇ 10 ਲੱਖ ਕਰੋੜ ਰੁਪਏ ਮੁਆਫ਼ ਕਰ ਦਿੱਤੇ ਹਨ, ਉਥੇ ਅੱਧੀ ਆਬਾਦੀ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ ਜਾ ਰਹੇ ਹਨ।

ਦੇਸ਼ ਦੇ ਅੰਨ ਭੰਡਾਰ ਭਰਨ ਵਾਸਤੇ ਪੰਜਾਬ ਦੇ ਕਿਸਾਨਾਂ ਨੇ ਸੂਬੇ ਦੇ ਕੁਦਰਤੀ ਸਾਧਨ ਤੱਕ ਕੁਰਬਾਨ ਕਰ ਦਿੱਤੇ, ਪਰ ਅੱਜ ਉਹਨਾਂ ਹੀ ਕਿਸਾਨਾਂ ਨੂੰ ਆਪਣੇ ਬਣਦੇ ਹੱਕਾਂ ਲਈ ਮਰਨ ਵਰਤ 'ਤੇ ਬੈਠਣਾ ਪੈ ਰਿਹਾ ਹੈ। ਸਾਡੀ ਮੰਗ ਹੈ ਕਿ ਕੇਂਦਰ ਕਿਸਾਨਾਂ ਨਾਲ਼ ਕੀਤੇ ਲਿਖਤੀ ਵਾਅਦੇ ਪੂਰੇ ਕਰੇ ਅਤੇ ਕਿਸਾਨਾਂ ਨੂੰ ਉਹਨਾਂ ਦੇ ਬਣਦੇ ਹੱਕ ਪਹਿਲ ਦੇ ਆਧਾਰ 'ਤੇ… pic.twitter.com/09c0JZuMUm

— AAP Punjab (@AAPPunjab) December 16, 2024

ਸੰਸਦ ਮੈਂਬਰ ਨੇ ਕਿਹਾ ਕਿ ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ, ਪਰ ਅਸਲ ਸਥਿਤੀ ਇਹ ਹੈ ਕਿ ਅਸੀਂ ਪ੍ਰਤੀ ਵਿਅਕਤੀ ਆਮਦਨ ਵਿੱਚ 141ਵੇਂ ਸਥਾਨ 'ਤੇ ਹਾਂ। 140 ਕਰੋੜ ਦੀ ਆਬਾਦੀ ਵਿੱਚੋਂ ਸਿਰਫ਼ 10% ਲੋਕ ਹੀ 25,000 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਕਮਾਉਂਦੇ ਹਨ, ਜਦਕਿ 90% ਲੋਕ ਇਸ ਤੋਂ ਵੀ ਘੱਟ ਕਮਾ ਰਹੇ ਹਨ। ਇਨ੍ਹਾਂ 'ਚੋਂ ਵੱਡੀ ਗਿਣਤੀ ਉਹ ਕਿਸਾਨ ਹਨ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 'ਚ ਸਰਕਾਰ ਬਣਨ 'ਤੇ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ। 11 ਬਜਟ ਪੇਸ਼ ਕੀਤੇ ਜਾ ਚੁੱਕੇ ਹਨ ਪਰ ਕਿਸਾਨਾਂ ਦੀ ਆਮਦਨ ਵਧਾਉਣ ਦਾ ਕਦੇ ਜ਼ਿਕਰ ਤੱਕ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ- MP ਮੀਤ ਹੇਅਰ ਨੇ ਸੰਸਦ ’ਚ ਚੁੱਕਿਆ ਪੰਜਾਬ ਦੇ ਖਿਡਾਰੀਆਂ ਨਾਲ ਹੋ ਰਹੇ ਵਿਤਕਰੇ ਦਾ ਮੁੱਦਾ

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਦਾ ਕੋਈ ਵੀ ਅਜਿਹਾ ਪਿੰਡ ਨਹੀਂ ਜਿੱਥੇ ਦੇਸ਼ ਦੀ ਰਾਖੀ ਕਰਨ ਵਾਲੇ ਜਵਾਨਾਂ ਦੀਆਂ ਤਿਰੰਗੇ ਵਿੱਚ ਲਪੇਟੀਆਂ ਲਾਸ਼ਾਂ ਨਾ ਪੁੱਜੀਆਂ ਹੋਣ। ਪੰਜਾਬ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ 80% ਕੁਰਬਾਨੀਆਂ ਦਿੱਤੀਆਂ ਅਤੇ ਸਾਡੇ ਕਿਸਾਨਾਂ ਨੇ ਵੀ ਆਤਮ ਨਿਰਭਰ ਭਾਰਤ ਬਣਾਉਣ ਵਿੱਚ ਯੋਗਦਾਨ ਪਾਇਆ। ਪਰ ਅੱਜ ਪੰਜਾਬ ਦੇ ਕਿਸਾਨਾਂ ਨੂੰ ਆਪਣੀ ਰਾਜਧਾਨੀ ਵਿੱਚ ਵੀ ਨਹੀਂ ਆਉਣ ਦਿੱਤਾ ਜਾ ਰਿਹਾ। ਕਿਸਾਨ ਵੀ ਘੱਟ ਗਿਣਤੀ ਵਿੱਚ ਪੈਦਲ ਹੀ ਆਉਣਾ ਚਾਹੁੰਦੇ ਹਨ ਪਰ ਸਰਕਾਰ ਨੂੰ ਉਨ੍ਹਾਂ ਦੀ ਕੋਈ ਚਿੰਤਾ ਨਹੀਂ ਹੈ। ਅੱਜ ਦੋ ਸੂਬਿਆਂ ਦੀ ਸਰਹੱਦ ਨੂੰ ਕੌਮਾਂਤਰੀ ਬਾਰਡਰ ਵਰਗਾ ਬਣਾ ਦਿੱਤਾ ਗਿਆ ਹੈ।

ਸੰਸਦ ਮੈਂਬਰ ਨੇ ਸਰਕਾਰ ਨੂੰ ਆਪਣਾ ਲਿਖਤੀ ਵਾਅਦਾ ਪੂਰਾ ਕਰਨ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਦੀ ਅਪੀਲ ਕੀਤੀ। ਪਹਿਲਾਂ ਹੀ 700 ਕਿਸਾਨ ਆਪਣੀ ਜਾਨ ਗੁਆ ​​ਚੁੱਕੇ ਹਨ, ਹੁਣ ਹੋਰ ਕਿਸਾਨਾਂ ਨੂੰ ਆਪਣੀ ਜਾਨ ਨਹੀਂ ਗਵਾਉਣੀ ਚਾਹੀਦੀ। ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News