ਆਰਜ਼ੀ ਤੌਰ 'ਤੇ ਹੀ ਬੰਦ ਕੀਤਾ ਗਿਆ ਹੈ ਸ੍ਰੀ ਕਰਤਾਰਪੁਰ ਸਾਹਿਬ ਗਲਿਆਰਾ : ਕੈਪਟਨ

03/16/2020 11:06:43 PM

ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਗਲਿਆਰਾ ਕੋਰੋਨਾ ਵਾਇਰਸ ਕਾਰਣ ਆਰਜ਼ੀ ਤੌਰ 'ਤੇ ਹੀ ਬੰਦ ਕੀਤਾ ਗਿਆ ਹੈ। ਉਨ੍ਹਾਂ ਸੋਮਵਾਰ ਇਹ ਗੱਲ ਸਪੱਸ਼ਟ ਕੀਤੀ ਕਿ ਮੌਜੂਦਾ ਸੰਕਟ ਦੇ ਕੁਝ ਦਿਨਾਂ ਨੂੰ ਛੱਡ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰੇ ਨੂੰ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਹਮੇਸ਼ਾ ਖੁੱਲ੍ਹਾ ਰੱਖਿਆ ਜਾਵੇਗਾ। ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਮੰਗ ਬਹੁਤ ਮੁਸ਼ਕਿਲ ਨਾਲ ਪੂਰੀ ਹੋਈ ਹੈ। ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸਿਰਫ ਇਸ ਲਈ ਹੀ ਆਰਜ਼ੀ ਤੌਰ 'ਤੇ ਬੰਦ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਲਾਂਘੇ ਨੂੰ ਪੱਕੇ ਤੌਰ 'ਤੇ ਬੰਦ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਲੱਖਾਂ ਸ਼ਰਧਾਲੂਆਂ ਦਾ ਸੁਪਨਾ ਪੂਰਾ ਹੋਇਆ ਹੈ। ਲਾਂਘੇ ਨੂੰ ਖੋਲ੍ਹਣ ਬਾਰੇ ਫੈਸਲਾ ਕਿਸੇ ਵੀ ਕੀਮਤ 'ਤੇ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਖੁਦ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੇਰੇ ਕਾਰਜਕਾਲ ਦੌਰਾਨ ਇਹ ਲਾਂਘਾ ਖੁੱਲ੍ਹਿਆ ਹੈ। ਉਸ ਤੋਂ ਵੀ ਵਡਭਾਗੀ ਗੱਲ ਇਹ ਹੈ ਕਿ ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 'ਤੇ ਖੋਲ੍ਹਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਪਰਿਵਾਰ ਦੇ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਨਾਲ ਪੁਰਾਣੇ ਸਬੰਧ ਰਹੇ ਹਨ।


Related News