ਮੁਕਤਸਰ ਵਿਚ ਮਹਿਲਾ ਨਾਲ ਕੁੱਟ-ਮਾਰ ਕਰਨ ਵਾਲਾ ਕਾਂਗਰਸੀ ਨਹੀਂ : ਚੰਨੀ

06/18/2019 9:17:12 PM

ਫ਼ਰੀਦਕੋਟ/ਚੰਡੀਗੜ੍ਹ (ਹਾਲੀ, ਰਮਨਜੀਤ)-ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪੀੜਤ ਮੀਨਾ ਰਾਣੀ, ਜਿਸ ਦੀ ਕੁਝ ਦਿਨ ਪਹਿਲਾਂ ਇਕ ਕੌਂਸਲਰ ਅਤੇ ਉਸ ਦੇ ਸਮਰਥਕਾਂ ਵੱਲੋਂ ਕੁੱਟ-ਮਾਰ ਕੀਤੀ ਗਈ ਸੀ ਅਤੇ ਹੁਣ ਇੱਥੇ ਉਹ ਜ਼ੇਰੇ ਇਲਾਜ ਹੈ, ਦਾ ਹਾਲ-ਚਾਲ ਪੁੱਛਿਆ ਅਤੇ ਪੀੜਤਾ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਉਸ ਨਾਲ ਹੈ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਘਿਨੌਣੀ ਘਟਨਾ 'ਤੇ ਤੁਰੰਤ ਐਕਸ਼ਨ ਲੈਂਦਿਆਂ ਪੁਲਸ ਵੱਲੋਂ ਇਸ ਸਬੰਧੀ ਘਟਨਾ 'ਚ ਸ਼ਾਮਲ ਕਥਿਤ ਦੋਸ਼ੀ ਕੌਂਸਲਰ ਸਮੇਤ ਹੁਣ ਤੱਕ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਨਾਲ ਸੰਬੰਧਤ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਨਹੀਂ ਹੈ। ਉਨ੍ਹਾਂ ਪੀੜਤ ਔਰਤ ਅਤੇ ਉਸ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਤੋਂ ਡਰਨ ਦੀ ਲੋੜ ਨਹੀਂ ਅਤੇ ਪੁਲਸ ਵੱਲੋਂ ਕਾਨੂੰਨ ਅਨੁਸਾਰ ਕਾਰਵਾਈ ਕਰ ਕੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੀੜਤ ਮੀਨਾ ਰਾਣੀ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।


satpal klair

Content Editor

Related News