ਮੁਕਤਸਰ ਪੁੱਜੇ ਕੈਪਟਨ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਮੰਨਣ ਦਾ ਦਿੱਤਾ ਭਰੋਸਾ

10/16/2019 4:37:38 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ 'ਚ ਚਲਾਏ ਜਾ ਰਹੇ ਜ਼ੋਰਦਾਰ ਸੰਘਰਸ਼ ਅੱਗੇ ਪੰਜਾਬ ਸਰਕਾਰ ਨੂੰ ਆਖਰ 'ਚ ਝੁਕਣਾ ਹੀ ਪਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੂਨੀਅਨ ਦੇ ਵਫਦ ਨਾਲ ਗੱਲਬਾਤ ਕਰਕੇ ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੈਪਟਨ ਨੇ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਅਤੇ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ ਨਾਲ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ, ਜਿਸ ਦੌਰਾਨ ਮੰਗ-ਪੱਤਰ ਦਿੱਤਾ ਗਿਆ।

PunjabKesari

ਵਰਕਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤੁਹਾਡੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਵਰਕਰਾਂ ਅਤੇ ਹੈਲਪਰਾਂ ਦੇ ਜਿਹੜੇ ਪੈਸੇ ਕੱਟੇ ਗਏ ਹਨ, ਵਾਪਸ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਇਕ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਵਰਕਰਾਂ ਅਤੇ ਹੈਲਪਰਾਂ ਦੇ ਮਾਣਭੱਤੇ 'ਚ ਵਾਧਾ ਕੀਤਾ ਸੀ ਪਰ ਪੰਜਾਬ ਸਰਕਾਰ ਨੇ 1500 ਦੀ ਥਾਂ 900 ਤੇ 750 ਦੀ ਥਾਂ 450 ਰੁਪਏ ਹੀ ਦਿੱਤੇ। ਇਸੇ ਕਾਰਨ ਨਾਰਾਜ਼ ਜਥੇਬੰਦੀ ਵਲੋਂ ਪਹਿਲਾਂ ਬਲਾਕ ਅਤੇ ਜ਼ਿਲਾ ਪੱਧਰ 'ਤੇ ਸੰਘਰਸ਼ ਕੀਤਾ ਗਿਆ ਤੇ ਫਿਰ ਵਿਧਾਨ ਸਭਾ ਹਲਕਿਆਂ, ਜਿੱਥੇ ਚੋਣਾਂ ਹੋ ਰਹੀਆਂ ਹਨ, ਉਥੇ ਵੱਡੀਆਂ ਰੋਸ ਰੈਲੀਆਂ ਕੀਤੀਆਂ ਗਈਆਂ ਹਨ। ਇਸ ਸਮੇਂ ਰਾਜਾ ਵੜਿੰਗ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਚੌਧਰੀ ਸੁਨੀਲ ਕੁਮਾਰ ਜਾਖੜ, ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਰਾਵਿੰਦ ਕੁਮਾਰ, ਜ਼ਿਲਾ ਪੁਲਸ ਮੁੱਖੀ ਰਾਜ ਬਚਨ ਸਿੰਘ ਸੰਧੂ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ।

ਜਲਾਲਾਬਾਦ ਵਿਖੇ ਕੀਤੀ ਜਾਣ ਵਾਲੀ ਰੈਲੀ ਮੁਲਤਵੀ: ਹਰਗੋਬਿੰਦ ਕੌਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ 19 ਅਕਤੂਬਰ ਨੂੰ ਜਲਾਲਾਬਾਦ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਮੁਲਤਵੀ ਕਰ ਦਿੱਤੀ। ਹਰਗੋਬਿੰਦ ਕੌਰ ਨੇ ਕਿਹਾ ਕਿ ਅਜਿਹਾ ਮੁੱਖ ਮੰਤਰੀ ਵਲੋਂ ਭਰੋਸਾ ਦਿੱਤੇ ਜਾਣ ਕਰਕੇ ਕੀਤਾ ਗਿਆ, ਕਿਉਂਕਿ ਉਨ੍ਹਾਂ ਨੇ ਯੂਨੀਅਨ ਦੇ ਆਗੂਆਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਲਈ ਸਹਿਮਤੀ ਭਰੀ ਪਰ ਜੇਕਰ ਪੰਜਾਬ ਸਰਕਾਰ ਨੇ ਕੀਤਾ ਵਾਅਦਾ ਪੂਰਾ ਨਾ ਕੀਤਾ ਤਾਂ ਜਥੇਬੰਦੀ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਭੂਮਿਕਾ ਅਹਿਮ ਰਹੀ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਆਂਗਣਵਾੜੀ ਯੂਨੀਅਨ ਦੇ ਆਗੂਆਂ ਦੀ ਮੁੱਖ ਮੰਤਰੀ ਨਾਲ ਮਿਲਾਉਣ ਲਈ ਅਹਿਮ ਭੂਮਿਕਾ ਰਹੀ। ਕਿਉਂਕਿ ਪਿਛਲੇ 4-5 ਦਿਨ ਤੋਂ ਰਾਜਾ ਵੜਿੰਗ ਇਹ ਗੱਲਬਾਤ ਸਿਰੇ ਚਾੜਨ ਲਈ ਆਗੂਆਂ ਨਾਲ ਸੰਪਰਕ ਰੱਖ ਰਹੇ ਸਨ ਤਾਂ ਕਿ ਜਲਾਲਾਬਾਦ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਨੂੰ ਟਾਲਿਆ ਜਾ ਸਕੇ।


rajwinder kaur

Content Editor

Related News