ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

12/02/2020 8:29:01 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਦਕਿ ਉਥੋਂ ਦੇ ਹੀ ਇੱਕ ਹੋਰ ਮੁਲਾਜ਼ਮ ਖਿਲਾਫ ਵੀ ਕੇਸ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਹਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਰਿੰਕੂ ਕੁਮਾਰ, ਵਾਸੀ ਗੇਟ ਭਗਤਾਂ ਵਾਲਾ, ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਊਰੋ ਵਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਦਿਆਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਹ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਸਫਾਈ ਸੇਵਕ ਸੇਵਾਵਾਂ ਨਿਭਾਅ ਰਿਹਾ ਹੈ। ਉਕਤ ਦੋਸ਼ੀ ਸੈਨਟਰੀ ਇੰਸਪੈਕਟਰ ਅਤੇ ਉਸ ਦਾ ਵਿਚੋਲਾ ਵਿਸ਼ਾਲ ਗਿੱਲ, ਜੋ ਕਿ ਉੱਥੇ ਹੀ ਸਫਾਈ ਸੇਵਕ ਹੈ, ਵਲੋਂ ਉਸ ਦੀ ਬਦਲੀ ਕਰਵਾਉਣ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਪਰ ਸੌਦਾ 5000 ਰੁਪਏ 'ਚ ਤੈਅ ਹੋਇਆ ਹੈ। ਵਿਜੀਲੈਂਸ ਦੀ ਟੀਮ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 5 ਹਜ਼ਾਰ ਰੁਪਏ ਦੀ ਰਿਸ਼ਵਤ ਵਜੋਂ ਲੈਂਦਿਆਂ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਮੌਕੇ 'ਤੇ ਗ੍ਰਿਫਤਾਰ ਕਰ ਲਿਆ ਗਿਆ । ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


 

Deepak Kumar

This news is Content Editor Deepak Kumar