ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਸਾਹਮਣੇ ਘੜੇ ਭੰਨੇ
Sunday, Jun 17, 2018 - 03:06 AM (IST)
ਬਠਿੰਡਾ(ਸੁਖਵਿੰਦਰ)-ਸਫ਼ਾਈ ਸੇਵਕ ਯੂਨੀਅਨ ਵੱਲੋਂ ਯੂਨੀਅਨ ਪ੍ਰਧਾਨ ਵਿਨੋਦ ਕੁਮਾਰ ਦੀ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਸਾਹਮਣੇ ਘੜੇ ਭੰਨ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਅਤੇ ਵਿਭਾਗ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 14 ਤੋਂ 16 ਜੂਨ ਤੱਕ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਉਕਤ ਫੈਸਲੇ ਅਨੁਸਾਰ ਸਫ਼ਾਈ ਸੇਵਕਾਂ ਵੱਲੋਂ ਨਿਗਮ ਦਫ਼ਤਰ ਸਾਹਮਣੇ ਘੜੇ ਭੰਨ ਕੇ ਰੋਸ ਜਤਾਇਆ ਗਿਆ। ਇਸ ਤੋਂ ਪਹਿਲਾਂ ਰੋਸ ਰੈਲੀ ਕਰ ਕੇ ਅਧਿਕਾਰੀਆਂ ਨੂੰ ਮੰਗਾਂ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਆਗੂਆਂ ਵੱਲੋਂ ਨਗਰ ਨਿਗਮ ਕਮਿਸ਼ਨਰ, ਮੇਅਰ ਨੂੰ ਮੰਗ-ਪੱਤਰ ਸੌਂਪ ਕੇ ਮੰਗਾਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਜਨਰਲ ਸਕੱਤਰ ਓਮ ਪ੍ਰਕਾਸ਼ ਆਦਿ ਮੌਜੂਦ ਸਨ।
